ਪ੍ਰੋਗਰਾਮ ਅਫ਼ਸਰ DHS ਡਾ. ਸੰਦੀਪ ਰਾਏ ਵੱਲੋਂ ਬਠਿੰਡਾ ਵਿਖੇ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ
ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾ ਕੇ ਮੁਹਿੰਮ ਨੂੰ ਸਫਲ ਬਣਾਉਣ ਦੀ ਅਪੀਲ
ਅਸ਼ੋਕ ਵਰਮਾ
ਬਠਿੰਡਾ, 22 ਨਵੰਬਰ 2026 :ਸਿਵਲ ਸਰਜਨ ਬਠਿੰਡਾ ਡਾ ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਿਹਤ ਵਿਭਾਗ ਬਠਿੰਡਾ ਵੱਲੋਂ ਮਿਤੀ 24 ਨਵੰਬਰ 2026 ਤੱਕ ਚਲਾਈ ਜਾ ਰਹੀ ਤਿੰਨ ਰੋਜ਼ਾ ਨੈਸ਼ਨਲ ਪਲਸ ਪੋਲੀਓ ਮੁਹਿੰਮ ਤਹਿਤ ਅੱਜ ਡਾ. ਸੰਦੀਪ ਰਾਏ, ਪ੍ਰੋਗਰਾਮ ਅਫ਼ਸਰ, ਡਾਇਰੈਕਟੋਰੇਟ ਆਫ਼ ਹੈਲਥ ਸਰਵਿਸਿਜ਼, ਪੰਜਾਬ ਵੱਲੋਂ ਜ਼ਿਲ੍ਹਾ ਬਠਿੰਡਾ ਵਿਖੇ ਮੁਹਿੰਮ ਦੀ ਚੈਕਿੰਗ ਦੌਰਾਨ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ । ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਸੁਖਜਿੰਦਰ ਸਿੰਘ ਗਿੱਲ ਅਤੇ ਡਾ ਮੋਨੀਕਾ ਵੱਲੋਂ ਵੀ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਗਈਆਂ । ਇਸ ਸਬੰਧੀ ਸਿਵਲ ਸਰਜਨ ਡਾ ਤਪਿੰਦਰਜੋਤ ਨੇ ਕਿਹਾ ਕਿ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਦੇ ਹਰ ਇੱਕ ਬੱਚੇ ਨੂੰ ਪੋਲੀਓ ਬੂੰਦਾਂ ਪਿਲਾਈਆ ਜਾ ਰਹੀਆਂ ਹਨ। ਉਹਨਾਂ ਸਮੂਹ ਵਿੱਭਾਗਾਂ ਅਤੇ ਆਮ ਜਨਤਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਨੂੰ ਇਸ ਮੁਹਿੰਮ ਦੇ ਦੂਜੇ ਅਤੇ ਤੀਜੇ ਦਿਨ ਵੀ ਸਹਿਯੋਗ ਦੇਣ ਤਾਂ ਜੋ ਇਸ ਮੁਹਿੰਮ ਨੂੰ ਵੀ ਸਫ਼ਲਤਾ ਨਾਲ ਨੇਪਰੇ ਚਾੜਿਆ ਜਾ ਸਕੇ। ਇਸ ਮੌਕੇ ਐਲ.ਐਚ.ਵੀ ਗੁਰਜਿੰਦਰ ਕੌਰ, ਏ.ਐਨ.ਐਮ ਗੁਰਪ੍ਰੀਤ ਕੌਰ, ਹੈਲਥ ਵਰਕਰ ਜਸਪ੍ਰੀਤ ਸਿੰਘ ਹਾਜਰ ਸਨ।
ਇਸ ਮੌਕੇ ਡਾ. ਸੰਦੀਪ ਰਾਏ ਵੱਲੋਂ ਪਲਸ ਪੋਲੀਓ ਮੁਹਿੰਮ ਅਧੀਨ ਕੀਤੇ ਜਾ ਰਹੇ ਪ੍ਰਬੰਧਾਂ ਅਤੇ ਟੀਮਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਬੱਚਾ ਪੋਲੀਓ ਰੋਧਕ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ ਅਤੇ ਮੁਹਿੰਮ ਨੂੰ ਪੂਰੀ ਤਨਦੇਹੀ ਨਾਲ ਨੇਪਰੇ ਚਾੜ੍ਹਿਆ ਜਾਵੇ।ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਸੁਖਜਿੰਦਰ ਸਿੰਘ ਗਿੱਲ ਨੇ ਕਿਹਾ ਕਿ ਪੋਲੀਓ ਇੱਕ ਗੰਭੀਰ ਬਿਮਾਰੀ ਹੈ, ਜਿਸ ਤੋਂ ਬਚਾਅ ਲਈ ਬੱਚਿਆਂ ਨੂੰ ਸਮੇਂ-ਸਿਰ ਪੋਲੀਓ ਰੋਧਕ ਬੂੰਦਾਂ ਪਿਲਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਮੁਹਿੰਮ ਦੌਰਾਨ ਆਪਣੇ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਜ਼ਰੂਰ ਪਿਲਾਉਣ, ਭਾਵੇਂ ਬੱਚਾ ਬਿਮਾਰ ਹੋਵੇ, ਪਹਿਲਾਂ ਬੂੰਦਾਂ ਪੀ ਚੁੱਕਾ ਹੋਵੇ, ਜਾਂ ਨਵਜੰਮਿਆ ਹੋਵੇ । ਭਾਵੇਂ ਬੱਚੇ ਨੂੰ ਪਹਿਲਾਂ ਵੀ ਨਿਯਮਤ ਟੀਕਾਕਰਨ ਦੌਰਾਨ ਬੂੰਦਾਂ ਪਿਲਾਈਆਂ ਗਈਆਂ ਹੋਣ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਮੁਹਿੰਮ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਸਿਹਤ ਟੀਮਾਂ ਵੱਲੋਂ ਘਰ-ਘਰ ਜਾ ਕੇ ਵੀ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਜਾਣਗੀਆਂ। ਸਿਹਤ ਵਿਭਾਗ ਨੇ ਸਮੂਹ ਮਾਪਿਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੌਮੀ ਮੁਹਿੰਮ ਵਿੱਚ ਸਹਿਯੋਗ ਦੇਣ ਤਾਂ ਜੋ ਕੋਈ ਵੀ ਬੱਚਾ ਪੋਲੀਓ ਬੁੰਦਾਂ ਤੋਂ ਵਾਂਝਾਂ ਨਾ ਰਹੇ ।
- Download Babushahi App
-
-