ਪੰਜਾਬੀ ਯੂਨੀਵਰਸਿਟੀ ਖੇਤਰੀ ਕੇਂਦਰ ਬਠਿੰਡਾ ਦੀ ਐਮ.ਏ. ਅੰਗਰੇਜ਼ੀ ਦੀ ਵਿਦਿਆਰਥਣ ਨੂੰ ਗੋਲਡ ਮੈਡਲ
ਅਸ਼ੋਕ ਵਰਮਾ
ਬਠਿੰਡਾ, 16 ਅਪ੍ਰੈਲ 2026 :ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ.ਜਗਦੀਪ ਸਿੰਘ ਦੀ ਅਗਵਾਈ ਹੇਠ ਚੱਲ ਰਹੇ, ਪੰਜਾਬੀ ਯੂਨੀਵਰਸਿਟੀ ਰਿਜ਼ਨਲ ਸੈਂਟਰ, ਬਠਿੰਡਾ ਦੇ ਪੋਸਟ ਗ੍ਰੈਜੂਏਟ ਸਟੱਡੀਜ਼ ਵਿਭਾਗ ਦੀ ਐਮ.ਏ. ਅੰਗਰੇਜ਼ੀ ਦੀ ਵਿਦਿਆਰਥਣ ਪ੍ਰਨੀਤ ਕੌਰ ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ 41 ਵੀਂ ਕਨਵੋਕੇਸ਼ਨ ਦੌਰਾਨ ਗੋਲਡ ਮੈਡਲ ਅਤੇ ਡਿਗਰੀ ਪ੍ਰਾਪਤ ਹੋਈ। ਪ੍ਰਨੀਤ ਕੌਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਐਮ.ਏ. ਅੰਗਰੇਜ਼ੀ ਦੀ ਪ੍ਰੀਖਿਆ ਵਿੱਚ ਟਾਪ ਕੀਤਾ ਸੀ। ਪੋਸਟ ਗ੍ਰੈਜੂਏਟ ਸਟੱਡੀਜ਼ ਵਿਭਾਗ ਦੇ ਮੁਖੀ ਡਾ. ਨਵਦੀਪ ਕੌਰ ਨੇ ਹੋਰ ਵਿਦਿਆਰਥੀਆਂ ਨੂੰ ਵੀ ਪ੍ਰਨੀਤ ਤੋਂ ਮਾਰਗਦਰਸ਼ਨ ਲੈਣ ਲਈ ਕਿਹਾ ਤਾਂ ਜੋ ਭਵਿੱਖ ਵਿੱਚ ਉਹ ਵੀ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਉੱਚ ਸਥਾਨ ਪ੍ਰਾਪਤ ਕਰ ਸਕਣ। ਇਸ ਮੌਕੇ ਡਾ. ਨਵਦੀਪ ਕੌਰ ਨੇ ਦੱਸਿਆ ਕਿ 1984 ਤੋਂ ਪੰਜਾਬੀ ਯੂਨੀਵਰਸਿਟੀ ਰਿਜ਼ਨਲ ਸੈਂਟਰ ਦਾ ਪੋਸਟ ਗ੍ਰੈਜੂਏਟ ਸਟੱਡੀਜ਼ ਵਿਭਾਗ ਐਮ.ਏ. ਪੰਜਾਬੀ, ਅੰਗਰੇਜ਼ੀ ਅਤੇ ਅਰਥ ਸ਼ਾਸਤਰ ਦੇ ਕੋਰਸ ਪ੍ਰਦਾਨ ਕਰਕੇ ਬਠਿੰਡਾ ਖੇਤਰ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ।
ਪ੍ਰਨੀਤ ਨੇ ਪੋਸਟ ਗ੍ਰੈਜੂਏਟਿਡ ਸਟੱਡੀਜ਼ ਵਿਭਾਗ ਵੱਲੋਂ ਪ੍ਰਦਾਨ ਕੀਤੀ ਗਈ ਭੂਮਿਕਾ ਅਤੇ ਮਾਰਗਦਰਸ਼ਨ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਭਾਗ ਪੜ੍ਹਾਈ ਅਤੇ ਖੋਜ ਲਈ ਵਧੀਆ ਮਾਹੌਲ ਪ੍ਰਦਾਨ ਕਰਦਾ ਹੈ। ਵਿਭਾਗ ਦੇ ਸਮੂਹ ਸਟਾਫ ਅਤੇ ਮੁਖੀ ਡਾ. ਨਵਦੀਪ ਕੌਰ ਵੱਲੋਂ ਪ੍ਰਨੀਤ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਵੀ ਬੁਲੰਦੀਆਂ ਪ੍ਰਾਪਤ ਕਰਨ ਲਈ ਸ਼ੁਭ ਇੱਛਾਵਾਂ ਦਿੱਤੀਆਂ ਗਈਆਂ।
Click to Follow Babushahi Facebook page →