ਪੰਜਾਬ 'ਚ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਰਾਈਸ ਮਿਲਰਜ਼ ਦੀਆਂ ਵਧੀਆਂ ਚਿੰਤਾਵਾਂ, ਸਟੋਰੇਜ ਲਈ ਥਾਂ ਦੀ ਮੰਗ
Kamaljeet Singh
Barnala 30 ਅਗਸਤ, 2026 -) — ਪੰਜਾਬ ਵਿੱਚ 15 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੇ ਝੋਨੇ ਦੇ ਨਵੇਂ ਸੀਜ਼ਨ ਤੋਂ ਪਹਿਲਾਂ ਰਾਈਸ ਮਿਲਰਜ਼ ਐਸੋਸੀਏਸ਼ਨ ਦੀਆਂ ਚਿੰਤਾਵਾਂ ਕਾਫ਼ੀ ਵਧ ਗਈਆਂ ਹਨ। ਐਸੋਸੀਏਸ਼ਨ ਦੀ ਹੋਈ ਅਹਿਮ ਮੀਟਿੰਗ ਵਿੱਚ ਨੁਮਾਇੰਦਿਆਂ ਨੇ ਚੇਤਾਵਨੀ ਦਿੱਤੀ ਹੈ ਕਿ ਪਿਛਲੇ ਸੀਜ਼ਨ ਦਾ ਸਰਕਾਰੀ ਚਾਵਲ ਅਜੇ ਤੱਕ ਪੂਰੀ ਤਰ੍ਹਾਂ ਮਿਲਿੰਗ ਨਹੀਂ ਹੋ ਸਕਿਆ ਹੈ। ਜੇਕਰ ਸਰਕਾਰ ਨੇ ਤੁਰੰਤ ਸਟੋਰੇਜ ਅਤੇ ਸਪੇਸ ਦਾ ਢੁਕਵਾਂ ਪ੍ਰਬੰਧ ਨਾ ਕੀਤਾ, ਤਾਂ ਆਉਣ ਵਾਲੇ ਸੀਜ਼ਨ ਦੌਰਾਨ ਮੰਡੀਆਂ ਵਿੱਚ ਝੋਨੇ ਦੀ ਆਮਦ ਸਮੇਂ ਵੱਡਾ ਸੰਕਟ ਖੜ੍ਹਾ ਹੋ ਸਕਦਾ ਹੈ।
ਐਸੋਸੀਏਸ਼ਨ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 2025-26 ਦੇ ਸੀਜ਼ਨ ਲਈ ਮਿਲਿੰਗ ਵਾਸਤੇ ਲਗਭਗ 100 ਲੱਖ ਟਨ ਚਾਵਲ ਦਿੱਤਾ ਗਿਆ ਸੀ, ਜਿਸ ਵਿੱਚੋਂ ਹੁਣ ਤੱਕ ਕਰੀਬ 77 ਲੱਖ ਟਨ ਚਾਵਲ ਦੀ ਹੀ ਮਿਲਿੰਗ ਹੋ ਸਕੀ ਹੈ। ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਮਿਲਿੰਗ ਦੀ ਦਰ ਅਸੰਤੁਲਿਤ ਹੈ—ਕੁਝ ਇਲਾਕਿਆਂ ਵਿੱਚ ਇਹ 75 ਫ਼ੀਸਦੀ ਹੈ, ਜਦਕਿ ਕਈ ਥਾਵਾਂ 'ਤੇ 90 ਤੋਂ 95 ਫ਼ੀਸਦੀ ਤੱਕ ਪਹੁੰਚ ਚੁੱਕੀ ਹੈ। ਮਿਲਰਜ਼ ਨੇ ਮੰਗ ਕੀਤੀ ਹੈ ਕਿ ਪੂਰੇ ਪੰਜਾਬ ਵਿੱਚ ਮਿਲਿੰਗ ਅਤੇ ਚਾਵਲ ਦੀ ਵੰਡ ਨੂੰ ਸੰਤੁਲਿਤ ਕਰਕੇ ਘੱਟੋ-ਘੱਟ 90 ਫ਼ੀਸਦੀ ਤੱਕ ਲਿਆਂਦਾ ਜਾਵੇ, ਤਾਂ ਜੋ ਕਿਸਾਨਾਂ ਦੀ ਨਵੀਂ ਫ਼ਸਲ ਨੂੰ ਸਾਂਭਣ ਵਿੱਚ ਕੋਈ ਦਿੱਕਤ ਨਾ ਆਵੇ।
ਰਾਈਸ ਮਿਲਰਜ਼ ਨੇ ਰੋਸ ਜਤਾਉਂਦਿਆਂ ਕਿਹਾ ਕਿ ਉਹ ਪਿਛਲੇ ਤਿੰਨ ਮਹੀਨਿਆਂ ਤੋਂ ਸਰਕਾਰ ਨੂੰ ਸਪੇਸ ਦਾ ਪ੍ਰਬੰਧ ਕਰਨ ਲਈ ਲਗਾਤਾਰ ਅਪੀਲ ਕਰ ਰਹੇ ਹਨ, ਪਰ ਅਜੇ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ। ਉਨ੍ਹਾਂ ਨੇ ਸਾਫ਼ ਕੀਤਾ ਕਿ ਸਰਕਾਰ ਵੱਲੋਂ ਨਵੀਂ ਜਗ੍ਹਾ ਦਾ ਪ੍ਰਬੰਧ ਕਰਨ ਤੋਂ ਬਾਅਦ ਹੀ ਇਹ ਤੈਅ ਕੀਤਾ ਜਾਵੇਗਾ ਕਿ ਆਉਣ ਵਾਲੇ ਸੀਜ਼ਨ ਵਿੱਚ ਕਿੰਨੀ ਮਾਤਰਾ ਵਿੱਚ ਝੋਨਾ ਸਟੋਰ ਕੀਤਾ ਜਾ ਸਕਦਾ ਹੈ।
ਇਸ ਦੇ ਨਾਲ ਹੀ, ਮਿਲਰਜ਼ ਨੇ ਫ਼ਸਲ ਦੇ ਖਰਾਬ ਹੋਣ ਦਾ ਖ਼ਦਸ਼ਾ ਜਤਾਉਂਦਿਆਂ ਕਿਹਾ ਕਿ ਜੇਕਰ ਚਾਵਲ ਅਤੇ ਝੋਨਾ ਲੰਬੇ ਸਮੇਂ ਤੱਕ ਖੁੱਲ੍ਹੇ ਆਸਮਾਨ ਹੇਠਾਂ ਪਿਆ ਰਿਹਾ, ਤਾਂ ਮੌਸਮ ਦੇ ਬਦਲਾਅ ਕਾਰਨ ਇਸ ਦੀ ਗੁਣਵੱਤਾ ਪ੍ਰਭਾਵਿਤ ਹੋ ਸਕਦੀ ਹੈ, ਜਿਸ ਨਾਲ ਚਾਵਲ ਦਾ ਰੰਗ ਬਦਲਣ ਅਤੇ ਦਾਣੇ ਟੁੱਟਣ ਵਰਗੀਆਂ ਗੰਭੀਰ ਸਮੱਸਿਆਵਾਂ ਆ ਸਕਦੀਆਂ ਹਨ। ਹੁਣ ਇਹ ਦੇਖਣਾ ਹੋਵੇਗਾ ਕਿ 15 ਸਤੰਬਰ ਤੋਂ ਸ਼ੁਰੂ ਹੋ ਰਹੀ ਖਰੀਦ ਤੋਂ ਪਹਿਲਾਂ ਪੰਜਾਬ ਸਰਕਾਰ ਰਾਈਸ ਮਿਲਰਜ਼ ਦੀ ਇਸ ਵੱਡੀ ਸਮੱਸਿਆ ਦਾ ਕੀ ਹੱਲ ਕੱਢਦੀ ਹੈ
- Download Babushahi App
-
-