ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਜਲੰਧਰ ਰੋਸ ਰੈਲੀ ਅਤੇ ਮੁਜ਼ਾਹਰੇ ਵਿੱਚ ਭਰਵੀਂ ਸ਼ਮੂਲੀਅਤ ਦਾ ਫੈਸਲਾ
* ਰੁਜ਼ਗਾਰ ਗਰੰਟੀ, ਜ਼ਮੀਨੀ ਵੰਡ, ਕਰਜ਼ਾ ਮੁਆਫ਼ੀ ਤੇ ਦਲਿਤਾਂ ਤੇ ਜ਼ਬਰ ਬੰਦ ਕਰਨ ਵਰਗੇ ਮੁੱਦੇ ਹੋਣਗੇ ਉਠਾਉਣਗੇ ਮਜ਼ਦੂਰ
ਅਸ਼ੋਕ ਵਰਮਾ
ਚੰਡੀਗੜ੍ਹ,4 ਅਗਸਤ 2026 :ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਮਨਰੇਗਾ ਦੀ ਬਹਾਲੀ, ਰੁਜ਼ਗਾਰ ਗਰੰਟੀ, ਕਰਜ਼ਾ ਮੁਆਫ਼ੀ, ਜ਼ਮੀਨੀ ਵੰਡ, ਬੇਘਰੇ ਤੇ ਲੋੜਵੰਦਾਂ ਨੂੰ ਪਲਾਟ ਤੇ ਮਕਾਨ ਉਸਾਰੀ ਲਈ ਗ੍ਰਾਂਟਾਂ ਦੇਣ ਅਤੇ ਦਲਿਤਾਂ 'ਤੇ ਜ਼ਬਰ ਬੰਦ ਕਰਨ ਵਰਗੇ ਮੁੱਦਿਆਂ ਨੂੰ ਲੈ ਕੇ ਪੰਜ ਅਗਸਤ ਨੂੰ ਦੇਸ਼ ਭਗਤ ਜਲੰਧਰ ਵਿਖੇ ਸੂਬਾਈ ਰੈਲੀ ਤੇ ਜਲੰਧਰ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੀਤੇ ਜਾ ਰਹੇ ਮਾਰਚ 'ਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੈਂਕੜੇ ਵਰਕਰ ਸ਼ਾਮਲ ਹੋਣਗੇ। ਸੂਬਾ ਹੈਡਕੁਆਰਟਰ 'ਤੇ ਪੁੱਜੀਆਂ ਤਿਆਰੀ ਰਿਪੋਰਟਾਂ ਦੇ ਅਧਾਰ 'ਤੇ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਤੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ਨੇ ਜ਼ਾਰੀ ਕੀਤੇ ਬਿਆਨ ਰਾਹੀਂ ਦੱਸਿਆ ਕਿ ਜਥੇਬੰਦੀ ਵੱਲੋਂ ਜਲੰਧਰ, ਮੋਗਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਬਰਨਾਲਾ ਤੇ ਮਾਲੇਰਕੋਟਲਾ ਜ਼ਿਲਿਆਂ ਚੋਂ ਜਥੇਬੰਦੀ ਵੱਲੋਂ ਜ਼ੋਰਦਾਰ ਤਿਆਰੀ ਕੀਤੀ ਗਈ ਹੈ ਅਤੇ ਇਹਨਾਂ ਜ਼ਿਲਿਆਂ ਦੇ ਖੇਤ ਮਜ਼ਦੂਰ ਭਰਵੀਂ ਸ਼ਮੂਲੀਅਤ ਕਰਨਗੇ।
ਖੇਤ ਮਜ਼ਦੂਰ ਆਗੂਆਂ ਨੇ ਆਖਿਆ ਕਿ ਆਪ ਸਰਕਾਰ ਆਪਣੀ ਮਜ਼ਦੂਰ ਵਿਰੋਧੀ ਖਸਲਤ ਕਾਰਨ ਮਜ਼ਦੂਰਾਂ ਨੂੰ ਮਨਰੇਗਾ ਦਾ ਕੰਮ ਦੇਣ, ਮਜ਼ਦੂਰਾਂ ਦੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ,ਲਾਲ ਲਕੀਰ ਅੰਦਰਲੇ ਘਰਾਂ ਦੇ ਮਾਲਕੀ ਹੱਕ ਦੇਣ, ਨਸ਼ਾ ਖਤਮ ਕਰਨ, ਪੈਨਸ਼ਨਾਂ ਦੀ ਰਾਸ਼ੀ ਵਧਾਉਣ, ਖੁਦਕੁਸ਼ੀ ਪੀੜਤਾਂ ਦੀ ਬਾਂਹ ਫੜਨ ਅਤੇ ਜ਼ਮੀਨੀ ਹੱਦਬੰਦੀ ਕਾਨੂੰਨ ਲਾਗੂ ਕਰਕੇ ਵਾਧੂ ਨਿਕਲਦੀਆਂ ਜ਼ਮੀਨਾਂ ਦੀ ਵੰਡ ਖੇਤ ਮਜ਼ਦੂਰਾਂ ਤੇ ਗਰੀਬ ਕਿਸਾਨਾਂ 'ਚ ਕਰਨ ਵਰਗੇ ਪੁਖਤਾ ਕਦਮ ਚੁੱਕਣ ਤੋਂ ਭੱਜ ਗਈ ਹੈ।
ਉਹਨਾਂ ਆਖਿਆ ਕਿ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੇ ਮਾਮਲੇ 'ਚ ਵੀ ਆਪ ਸਰਕਾਰ ਵੱਲੋਂ ਔਰਤਾਂ ਨਾਲ ਵੱਡਾ ਧੋਖਾ ਧੋਖਾ ਕੀਤਾ ਗਿਆ ਹੈ । ਉਹਨਾਂ ਆਖਿਆ ਕਿ ਤਿੰਨ ਮਹੀਨਿਆਂ 'ਚ ਨਸ਼ਾ ਖਤਮ ਕਰਨ ਦੀ ਗਰੰਟੀ ਦੇ ਬਾਵਜੂਦ ਆਪ ਸਰਕਾਰ ਦੇ ਰਾਜ 'ਚ ਨਸ਼ੇ ਨਾਲ ਆਏ ਦਿਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਪਰ ਆਪ ਸਰਕਾਰ ਨਸ਼ੇ ਦੇ ਥੋਕ ਵਪਾਰੀਆਂ ਤੇ ਥੋਕ ਸਮਗਲਰਾਂ ਨੂੰ ਨੱਥ ਪਾਉਣ ਦੀ ਥਾਂ ਨਸ਼ੇ ਤੋਂ ਪੀੜਤਾਂ ਨੂੰ ਗਿਰਫ਼ਤਾਰ ਕਰਕੇ ਅੰਕੜਿਆਂ ਦੀ ਜਾਦੂਗਰੀ ਰਾਹੀਂ ਲੋਕਾਂ ਦੇ ਅੱਖੀਂ ਘੱਟਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਉਹਨਾਂ ਦੋਸ਼ ਲਾਇਆ ਮੁੱਖ ਮੰਤਰੀ ਭਗਵੰਤ ਮਾਨ ਅਨੇਕਾਂ ਵਾਰ ਸਾਂਝੇ ਮਜ਼ਦੂਰ ਮੋਰਚੇ ਨੂੰ ਲਿਖਤੀ ਮੀਟਿੰਗਾਂ ਦੇ ਕੇ ਮੀਟਿੰਗ ਕਰਨ ਤੋਂ ਹੀ ਭੱਜ ਗਏ। ਉਹਨਾਂ ਆਖਿਆ ਕਿ ਪੰਜਾਬ ਦੀ ਆਪ ਸਰਕਾਰ ਤੇ ਕੇਂਦਰ ਦੀ ਮੋਦੀ ਸਰਕਾਰ ਲਗਾਤਾਰ ਕਾਰਪੋਰੇਟ ਘਰਾਣਿਆਂ ਪੱਖੀ ਅਤੇ ਮਜ਼ਦੂਰ ਕਿਸਾਨ ਤੇ ਲੋਕ ਵਿਰੋਧੀ ਨੀਤੀਆਂ ਲਾਗੂ ਕਰ ਰਹੀਆਂ ਹਨ। ਖੇਤ ਮਜ਼ਦੂਰ ਆਗੂ ਨੇ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਅਤੇ ਭਗਵੰਤ ਮਾਨ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਪਾਲਸੀ ਨੂੰ ਕਿਸਾਨਾਂ ਦੇ ਨਾਲ ਨਾਲ ਖੇਤ ਮਜ਼ਦੂਰਾਂ ਦੀ ਵੀ ਤਬਾਹੀ ਦਾ ਸਾਧਨ ਬਣੇਗੀ। ਉਹਨਾਂ ਆਖਿਆ ਕਿ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਮਜ਼ਦੂਰ ਵਰਗ ਅੰਦਰ ਭਾਰੀ ਰੋਸ ਹੈ ਅਤੇ ਉਹ ਵੱਡੀ ਗਿਣਤੀ ਚ ਜਲੰਧਰ ਦੇ ਪ੍ਰਦਰਸ਼ਨ ਚ ਸ਼ਾਮਲ ਹੋਣਗੇ।
- Download Babushahi App
-
-