ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਮਾਨ ਸਰਕਾਰ ਦਾ ਮੁੱਖ ਟੀਚਾ: ਅਮਨ ਅਰੋੜਾ*
ਕੈਬਨਿਟ ਮੰਤਰੀ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਤਹਿਤ ਸੁਨਾਮ ਵਿਖੇ ਰਾਜ ਪੱਧਰੀ ਵੇਟਲਿਫਟਿੰਗ ਮੁਕਾਬਲਿਆਂ ਦਾ ਆਗਾਜ਼
ਰਾਸ਼ਟਰਮੰਡਲ ਖੇਡਾਂ ਦੀ ਕਾਂਸੀ ਤਮਗਾ ਜੇਤੂ ਹਰਜਿੰਦਰ ਕੌਰ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ
ਸੁਨਾਮ ਦਾ ਆਧੁਨਿਕ ਹਾਕੀ ਗਰਾਊਂਡ ਇਸੇ ਮਹੀਨੇ ਖਿਡਾਰੀਆਂ ਨੂੰ ਕੀਤਾ ਜਾਵੇਗਾ ਸਮਰਪਿਤ; ਲੋੜੀਂਦੇ ਕਮਰੇ ਦੀ ਉਸਾਰੀ ਦਾ ਵੀ ਦਿੱਤਾ ਭਰੋਸਾ
ਸੁਨਾਮ, 18 ਅਕਤੂਬਰ:
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਲਈ ਉਨ੍ਹਾਂ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਅਤੇ ਆਪਣੀ ਪ੍ਰਤਿਭਾ ਨਿਖਾਰਨ ਦੇ ਢੁੱਕਵੇਂ ਮੌਕੇ ਪ੍ਰਦਾਨ ਕਰਨਾ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ।
ਕੈਬਨਿਟ ਮੰਤਰੀ ਅੱਜ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ, ਪੰਜਾਬ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਤਹਿਤ ਨਿਆਈ ਸਾਹਿਬ ਵਾਲੀ ਧਰਮਸ਼ਾਲਾ, ਸੁਨਾਮ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਵੇਟਲਿਫਟਿੰਗ ਮੁਕਾਬਲਿਆਂ ਦਾ ਆਗਾਜ਼ ਕਰਨ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਕੌਮਾਂਤਰੀ ਵੇਟਲਿਫਟਰ ਅਤੇ ਰਾਸ਼ਟਰਮੰਡਲ ਖੇਡਾਂ ਦੀ ਕਾਂਸੀ ਤਮਗਾ ਜੇਤੂ ਹਰਜਿੰਦਰ ਕੌਰ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।
ਅਮਨ ਅਰੋੜਾ ਨੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਖਿਡਾਰੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧੀਆ ਪ੍ਰਦਰਸ਼ਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਾ ਖਿਡਾਰੀਆਂ ਦੀ ਮਿਹਨਤ, ਲਗਨ ਅਤੇ ਨਿਰੰਤਰ ਅਭਿਆਸ ਦਾ ਨਤੀਜਾ ਹੈ। ਉਨ੍ਹਾਂ ਖਿਡਾਰੀਆਂ ਨੂੰ ਖੇਡ ਭਾਵਨਾ, ਅਨੁਸ਼ਾਸਨ ਅਤੇ ਆਪਸੀ ਸਤਿਕਾਰ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਮੁਕਾਬਲੇ ਤੋਂ ਮਿਲਿਆ ਤਜਰਬਾ ਭਵਿੱਖ ਦੀਆਂ ਪ੍ਰਾਪਤੀਆਂ ਲਈ ਰਾਹ ਪੱਧਰਾ ਕਰਦਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਪਿੰਡਾਂ ਅਤੇ ਸ਼ਹਿਰਾਂ ਦੇ ਖਿਡਾਰੀਆਂ ਨੂੰ ਆਪਣੀ ਕਾਬਲੀਅਤ ਦਿਖਾਉਣ ਲਈ ਸਾਂਝਾ ਮੰਚ ਪ੍ਰਦਾਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਰਾਹੀਂ ਉੱਭਰਦੀ ਖੇਡ ਪ੍ਰਤਿਭਾ ਦੀ ਪਛਾਣ ਹੋਣ ਦੇ ਨਾਲ-ਨਾਲ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਚੀ ਵੀ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਖਿਡਾਰੀਆਂ ਨੂੰ ਅਜਿਹਾ ਮਾਹੌਲ ਮੁਹੱਈਆ ਕਰਵਾਉਣਾ ਹੈ, ਜਿਸ ਵਿੱਚ ਉਹ ਆਪਣੀ ਸਮਰੱਥਾ ਅਨੁਸਾਰ ਅੱਗੇ ਵਧ ਸਕਣ ਅਤੇ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਪ੍ਰਾਪਤੀਆਂ ਹਾਸਲ ਕਰ ਸਕਣ।
ਹਰਜਿੰਦਰ ਕੌਰ ਦੀਆਂ ਖੇਡ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੇ ਕੌਮਾਂਤਰੀ ਪੱਧਰ ’ਤੇ ਪੰਜਾਬ ਅਤੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਹਰਜਿੰਦਰ ਕੌਰ ਵਰਗੀਆਂ ਖਿਡਾਰਨਾਂ ਦੀਆਂ ਪ੍ਰਾਪਤੀਆਂ ਨੌਜਵਾਨ ਪੀੜ੍ਹੀ, ਖ਼ਾਸ ਕਰਕੇ ਲੜਕੀਆਂ ਲਈ ਪ੍ਰੇਰਨਾ ਦਾ ਸਰੋਤ ਹਨ। ਅਜਿਹੇ ਖਿਡਾਰੀਆਂ ਦੀ ਮੁਕਾਬਲਿਆਂ ਵਿੱਚ ਮੌਜੂਦਗੀ ਉੱਭਰਦੇ ਖਿਡਾਰੀਆਂ ਦਾ ਹੌਸਲਾ ਵਧਾਉਂਦੀ ਹੈ ਅਤੇ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕਰਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਬਿਹਤਰ ਸਿਖਲਾਈ ਸਹੂਲਤਾਂ ਉਪਲਬਧ ਕਰਵਾਉਣ ਅਤੇ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਆਪਣੀ ਤਿਆਰੀ ਲਈ ਲੋੜੀਂਦੀਆਂ ਸਹੂਲਤਾਂ ਮਿਲਣ ਨਾਲ ਉਹ ਓਲੰਪਿਕ, ਏਸ਼ੀਆਈ ਅਤੇ ਰਾਸ਼ਟਰਮੰਡਲ ਖੇਡਾਂ ਵਰਗੇ ਵੱਡੇ ਮੁਕਾਬਲਿਆਂ ਵਿੱਚ ਹੋਰ ਬਿਹਤਰ ਪ੍ਰਦਰਸ਼ਨ ਕਰ ਸਕਣਗੇ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸੁਨਾਮ ਵਿਖੇ ਆਧੁਨਿਕ ਹਾਕੀ ਗਰਾਊਂਡ ਦਾ ਨਿਰਮਾਣ ਕਾਰਜ ਲਗਭਗ ਮੁਕੰਮਲ ਹੋ ਚੁੱਕਾ ਹੈ ਅਤੇ ਇਸੇ ਮਹੀਨੇ ਇਹ ਗਰਾਊਂਡ ਖਿਡਾਰੀਆਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਹੂਲਤ ਨਾਲ ਇਲਾਕੇ ਦੇ ਹਾਕੀ ਖਿਡਾਰੀਆਂ ਨੂੰ ਅਭਿਆਸ ਲਈ ਬਿਹਤਰ ਮਾਹੌਲ ਮਿਲੇਗਾ ਅਤੇ ਨਵੇਂ ਖਿਡਾਰੀਆਂ ਨੂੰ ਵੀ ਇਸ ਖੇਡ ਨਾਲ ਜੁੜਨ ਲਈ ਉਤਸ਼ਾਹ ਮਿਲੇਗਾਹਾਕੀ ਕਲੱਬ ਵੱਲੋਂ ਗਰਾਊਂਡ ਵਿੱਚ ਕਮਰੇ ਦੀ ਲੋੜ ਸਬੰਧੀ ਉਠਾਈ ਮੰਗ ਬਾਰੇ ਅਮਨ ਅਰੋੜਾ ਨੇ ਭਰੋਸਾ ਦਿੱਤਾ ਕਿ ਖਿਡਾਰੀਆਂ ਦੀ ਲੋੜ ਅਨੁਸਾਰ ਕਮਰੇ ਦੀ ਉਸਾਰੀ ਵੀ ਜਲਦ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾ ਰਹੇ ਇਸ ਖੇਡ ਪ੍ਰੋਜੈਕਟ ਵਿੱਚ ਲੋੜੀਂਦੀਆਂ ਸਹੂਲਤਾਂ ਦੀ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਸੁਨਾਮ ਹਲਕੇ ਵਿੱਚ ਖੇਡ ਸਹੂਲਤਾਂ ਦੇ ਵਿਸਥਾਰ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ ਤਾਂ ਜੋ ਨੌਜਵਾਨ ਆਪਣੇ ਨੇੜਲੇ ਖੇਤਰਾਂ ਵਿੱਚ ਹੀ ਅਭਿਆਸ ਕਰ ਸਕਣ। ਉਨ੍ਹਾਂ ਕਿਹਾ ਕਿ ਖੇਡਾਂ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ, ਆਤਮਵਿਸ਼ਵਾਸ ਅਤੇ ਮਿਹਨਤ ਦੀ ਭਾਵਨਾ ਪੈਦਾ ਕਰਦੀਆਂ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਮਾਪਿਆਂ ਅਤੇ ਕੋਚਾਂ ਨੂੰ ਵੀ ਬੱਚਿਆਂ ਦੀ ਖੇਡ ਪ੍ਰਤਿਭਾ ਪਛਾਣਨ ਅਤੇ ਉਨ੍ਹਾਂ ਨੂੰ ਲਗਾਤਾਰ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ, ਖੇਡ ਵਿਭਾਗ ਦੇ ਨੁਮਾਇੰਦੇ, ਕੋਚ, ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਖਿਡਾਰੀ ਅਤੇ ਖੇਡ ਪ੍ਰੇਮੀ ਹਾਜ਼ਰ ਸਨ।
- Download Babushahi App
-
-