ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਵਰਕਰਾਂ ਵੱਲੋਂ 21 ਅਕਤੂਬਰ ਤੋਂ ਮੁਕੰਮਲ ਹੜਤਾਲ ਦਾ ਐਲਾਨ
ਵਿਧਾਨ ਸਭਾ ਘੇਰਨ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪੱਕਾ ਧਰਨਾ ਦੇਣ ਦੀ ਚੇਤਾਵਨੀ
Kamaljeet Singh
ਬਰਨਾਲਾ, 15 ਅਕਤੂਬਰ, 2026: ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਅੱਜ ਸੂਬੇ ਦੇ ਸਮੂਹ ਡਿਪੂਆਂ ਦੇ ਗੇਟਾਂ 'ਤੇ ਵਿਸ਼ਾਲ ਰੈਲੀਆਂ ਕਰਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਸਰਕਾਰ 'ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਯੂਨੀਅਨ ਆਗੂਆਂ ਨੇ ਐਲਾਨ ਕੀਤਾ ਕਿ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ 21 ਅਕਤੂਬਰ ਤੋਂ ਰਾਜ ਭਰ ਵਿੱਚ ਬੱਸਾਂ ਦਾ ਚੱਕਾ ਜਾਮ ਕਰਕੇ ਮੁਕੰਮਲ ਹੜਤਾਲ ਕੀਤੀ ਜਾਵੇਗੀ। ਇਸ ਤੋਂ ਇਲਾਵਾ ਆਗੂਆਂ ਨੇ ਵਿਧਾਨ ਸਭਾ ਸੈਸ਼ਨ ਦੇ ਘੇਰਾਓ ਸਮੇਤ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਪੱਕਾ ਧਰਨਾ ਦੇਣ ਦੀ ਵੀ ਚੇਤਾਵਨੀ ਦਿੱਤੀ ਹੈ।
ਸਰਕਾਰ 'ਤੇ ਵਾਅਦਾਖ਼ਿਲਾਫ਼ੀ ਅਤੇ ਨਿੱਜੀਕਰਨ ਦੇ ਦੋਸ਼:
ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਨਿਰਪਾਲ ਸਿੰਘ ਪੱਪੂ ਨੇ ਆਖਿਆ ਕਿ ਮੌਜੂਦਾ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਤੱਕ ਇੱਕ ਵੀ ਕੰਟਰੈਕਟ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ ਅਤੇ ਨਾ ਹੀ ਸਰਕਾਰੀ ਫ਼ਲੀਟ ਵਿੱਚ ਨਵੀਆਂ ਬੱਸਾਂ ਸ਼ਾਮਲ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਨਾਲ ਹੁਣ ਤੱਕ 70 ਤੋਂ 75 ਮੀਟਿੰਗਾਂ ਹੋਣ ਦੇ ਬਾਵਜੂਦ ਕੋਈ ਠੋਸ ਨਤੀਜਾ ਨਹੀਂ ਨਿਕਲਿਆ। ਉਨ੍ਹਾਂ ਦੋਸ਼ ਲਾਇਆ ਕਿ ਕਿਲੋਮੀਟਰ ਸਕੀਮ ਅਤੇ ਠੇਕੇਦਾਰੀ ਪ੍ਰਥਾ ਰਾਹੀਂ ਕਾਰਪੋਰੇਟ ਘਰਾਣਿਆਂ ਨਾਲ ਮਿਲ ਕੇ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ।
ਜਨਰਲ ਸਕੱਤਰ ਵੱਲੋਂ ਮੰਗਾਂ ਦਾ ਵੇਰਵਾ:
ਯੂਨੀਅਨ ਦੇ ਜਨਰਲ ਸਕੱਤਰ ਸੁਖਪਾਲ ਸਿੰਘ ਨੇ ਕਿਹਾ ਕਿ ਸਰਕਾਰ ਨੇ ਸਾਲ 2026 ਵਿੱਚ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ 'ਤੇ ਲਿਆਉਣ ਲਈ ਐਕਟ ਤਾਂ ਬਣਾਇਆ, ਪਰ ਹੁਣ ਉਸ ਨੂੰ ਠੰਡੇ ਬਸਤੇ ਵਿੱਚ ਪਾ ਦਿੱਤਾ ਗਿਆ ਹੈ। ਪਿਛਲੇ 11 ਸਾਲਾਂ ਤੋਂ ਸ਼ਰਤਾਂ ਪੂਰੀਆਂ ਕਰ ਰਹੇ ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਬਜਾਏ ਹੱਕ ਮੰਗਣ ਵਾਲਿਆਂ 'ਤੇ ਨਾਜਾਇਜ਼ ਪਰਚੇ ਦਰਜ ਕੀਤੇ ਜਾ ਰਹੇ ਹਨ।
ਯੂਨੀਅਨ ਦੀਆਂ ਮੁੱਖ ਮੰਗਾਂ:
2026 ਦੇ ਬਿੱਲ ਤਹਿਤ ਸਮੂਹ ਆਊਟਸੋਰਸ ਮੁਲਾਜ਼ਮਾਂ ਨੂੰ ਤੁਰੰਤ ਕੰਟਰੈਕਟ 'ਤੇ ਲਿਆ ਜਾਵੇ।
ਕੰਟਰੈਕਟ ਮੁਲਾਜ਼ਮਾਂ ਨੂੰ ਸਰਵਿਸ ਰੂਲਾਂ ਅਨੁਸਾਰ ਤੁਰੰਤ ਪੱਕਾ (ਰੈਗੂਲਰ) ਕੀਤਾ ਜਾਵੇ।
ਸੰਘਰਸ਼ ਦੌਰਾਨ ਆਗੂਆਂ ਅਤੇ ਵਰਕਰਾਂ 'ਤੇ ਦਰਜ ਕੀਤੇ ਗਏ ਸਾਰੇ ਨਾਜਾਇਜ਼ ਪਰਚੇ ਤੁਰੰਤ ਰੱਦ ਕੀਤੇ ਜਾਣ।
- Download Babushahi App
-
-