ਪੰਜਾਬ ਵਿਧਾਨ ਸਭਾ 'ਚ ਗੂੰਜਿਆ ਰਸੋਈ ਗੈਸ ਦੀਆਂ ਕੀਮਤਾਂ ਦਾ ਮੁੱਦਾ; ਮੰਤਰੀ ਕਟਾਰੂਚੱਕ ਨੇ ਕੇਂਦਰ ਵਿਰੁੱਧ ਪੇਸ਼ ਕੀਤਾ ਨਿੰਦਾ ਮਤਾ
ਮੋਦੀ ਸਰਕਾਰ ਦੀਆਂ ਨੀਤੀਆਂ 'ਤੇ ਵਰ੍ਹੇ ਪੰਜਾਬ ਦੇ ਮੰਤਰੀ; ਐਲ.ਪੀ.ਜੀ. ਸਿਲੰਡਰਾਂ ਦੇ ਵਧੇ ਰੇਟਾਂ ਨੂੰ ਲੈ ਕੇ ਸਦਨ ਵਿੱਚ ਜੰਮ ਕੇ ਹੋਈ ਨਾਅਰੇਬਾਜ਼ੀ
ਚੰਡੀਗੜ੍ਹ, 11 ਮਾਰਚ 2026- ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅੱਜ ਰਸੋਈ ਗੈਸ (LPG) ਦੀਆਂ ਵਧਦੀਆਂ ਕੀਮਤਾਂ ਅਤੇ ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ ਨੂੰ ਲੈ ਕੇ ਭਾਰੀ ਹੰਗਾਮਾ ਹੋਇਆ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਨਿੰਦਾ ਮਤਾ ਪੇਸ਼ ਕਰਦਿਆਂ ਵਧਦੀ ਮਹਿੰਗਾਈ ਲਈ ਕੇਂਦਰ ਦੀਆਂ "ਗਲਤ ਨੀਤੀਆਂ" ਨੂੰ ਜ਼ਿੰਮੇਵਾਰ ਠਹਿਰਾਇਆ। ਮਤਾ ਪੇਸ਼ ਕਰਦੇ ਹੋਏ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅੱਜ ਦੇਸ਼ ਮਹਿੰਗਾਈ ਦੇ ਅਜਿਹੇ ਦੌਰ ਵਿੱਚ ਫਸ ਚੁੱਕਿਆ ਹੈ ਜਿੱਥੇ ਆਮ ਆਦਮੀ ਦਾ ਗੁਜ਼ਾਰਾ ਮੁਸ਼ਕਿਲ ਹੋ ਗਿਆ ਹੈ।
ਕਟਾਰੂਚੱਕ ਨੇ ਕਿਹਾ ਕਿ ਐਲ.ਪੀ.ਜੀ. ਸਿਲੰਡਰਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਨੇ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਦਾ ਲੱਕ ਤੋੜ ਦਿੱਤਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਦੀ ਵੀ ਆਲੋਚਨਾ ਕੀਤੀ ਅਤੇ ਕਿਹਾ ਕਿ ਸਰਕਾਰ ਦੀਆਂ ਗਲਤ ਰਣਨੀਤੀਆਂ ਕਾਰਨ ਭਾਰਤ ਅੱਜ ਬੁਰੀ ਤਰ੍ਹਾਂ ਫਸ ਚੁੱਕਿਆ ਹੈ। ਮੰਤਰੀਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਸਿਰਫ਼ ਕਾਰਪੋਰੇਟ ਘਰਾਣਿਆਂ ਦੇ ਹਿੱਤ ਪੂਰ ਰਹੀ ਹੈ ਅਤੇ ਆਮ ਜਨਤਾ ਨੂੰ ਮਹਿੰਗਾਈ ਦੀ ਭੱਠੀ ਵਿੱਚ ਝੋਕ ਦਿੱਤਾ ਗਿਆ ਹੈ। ਮਤਾ ਪੇਸ਼ ਹੋਣ ਦੌਰਾਨ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
Click to Follow Babushahi Facebook page →