ਪੰਜਾਬ ਵਿਧਾਨ ਸਭਾ ਦੇ ਆਖ਼ਰੀ ਦਿਨ ਕਾਂਗਰਸ ਦਾ ਰੋਸ ਵਿਖਾਵਾ, ‘ਆਪ’ ਦੇ ਚੋਣ ਨਿਸ਼ਾਨ ਝਾੜੂ ਨੂੰ ਲਾਈ ਅੱਗ
Prab
ਚੰਡੀਗੜ੍ਹ, 27 ਅਕਤੂਬਰ 2026 - ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਆਖ਼ਰੀ ਦਿਨ ਪੰਜਾਬ ਕਾਂਗਰਸ ਵੱਲੋਂ ਵਿਧਾਨ ਸਭਾ ਦੇ ਬਾਹਰ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਨੂੰ ਅੱਗ ਲਗਾ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਇਸ ਪ੍ਰਦਰਸ਼ਨ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਹੋਰ ਕਾਂਗਰਸੀ ਆਗੂ ਤੇ ਵਿਧਾਇਕ ਮੌਜੂਦ ਰਹੇ।
ਕਾਂਗਰਸ ਵੱਲੋਂ ਦੋਸ਼ ਲਗਾਇਆ ਗਿਆ ਕਿ ਪੰਜਾਬ ਵਿਧਾਨ ਸਭਾ ਦੇ ਅੰਦਰ ਉਨ੍ਹਾਂ ਨੂੰ ਨਸ਼ਿਆਂ ਅਤੇ ਸੂਬੇ ਦੀ ਕਾਨੂੰਨ-ਵਿਵਸਥਾ ਵਰਗੇ ਅਹਿਮ ਮੁੱਦਿਆਂ ’ਤੇ ਚਰਚਾ ਕਰਨ ਦਾ ਮੌਕਾ ਨਹੀਂ ਦਿੱਤਾ ਗਿਆ। ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ ਅਤੇ ਵਿਧਾਨ ਸਭਾ ਵਿੱਚ ਇਨ੍ਹਾਂ ਮੁੱਦਿਆਂ ’ਤੇ ਬਹਿਸ ਨਾ ਹੋਣ ਕਾਰਨ ਉਨ੍ਹਾਂ ਕੋਲ ਆਪਣਾ ਰੋਸ ਜ਼ਾਹਰ ਕਰਨ ਲਈ ਇਸ ਤਰ੍ਹਾਂ ਦੇ ਪ੍ਰਦਰਸ਼ਨ ਦਾ ਹੀ ਵਿਕਲਪ ਬਚਿਆ ਸੀ।
ਇਸ ਮੌਕੇ ਪ੍ਰਵਿੰਦਰ ਚੌਟਾਲਾ ਅਤੇ ਗੁਲਜ਼ਾਰ ਸਿੰਘ ਤੂਰ ਬੰਜਾਰਾ ਦੇ ਕਤਲ ਦੇ ਮਾਮਲਿਆਂ ਨੂੰ ਲੈ ਕੇ ਵੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਕਾਂਗਰਸੀ ਆਗੂਆਂ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਿਆ ਅਤੇ ਸੂਬੇ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਚੁੱਕੇ।
ਜ਼ਿਕਰਯੋਗ ਹੈ ਕਿ ਪ੍ਰਵਿੰਦਰ ਚੌਟਾਲਾ ਦੇ ਕਤਲ ਮਾਮਲੇ ਦੀ ਜਾਂਚ ਲਈ ਕਮੇਟੀ ਬਣਨ ਤੋਂ ਬਾਅਦ ਧਰਨੇ ’ਤੇ ਬੈਠੇ ਲੋਕਾਂ ਵੱਲੋਂ ਪੰਜਾਬ ਭਰ ਵਿੱਚ ਝਾੜੂ ਫੂਕ ਕੇ ਰੋਸ ਪ੍ਰਗਟਾਉਣ ਦਾ ਸੱਦਾ ਦਿੱਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ। ਇਸੇ ਤਰਜ਼ ’ਤੇ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਕਾਂਗਰਸ ਵੱਲੋਂ ਵੀ ਝਾੜੂ ਫੂਕ ਕੇ ਆਪਣਾ ਵਿਰੋਧ ਦਰਜ ਕਰਵਾਇਆ ਗਿਆ।
ਵਿਧਾਨ ਸਭਾ ਦੇ ਸੈਸ਼ਨ ਦੇ ਆਖ਼ਰੀ ਦਿਨ ਹੋਏ ਇਸ ਪ੍ਰਦਰਸ਼ਨ ਨੇ ਪੰਜਾਬ ਦੀ ਸਿਆਸਤ ਵਿੱਚ ਨਸ਼ਿਆਂ, ਕਤਲ ਦੇ ਮਾਮਲਿਆਂ ਅਤੇ ਸਰਕਾਰ ਵੱਲੋਂ ਵਿਰੋਧੀ ਧਿਰ ਨੂੰ ਸਦਨ ਵਿੱਚ ਬਹਿਸ ਦਾ ਮੌਕਾ ਦੇਣ ਵਰਗੇ ਮੁੱਦਿਆਂ ਨੂੰ ਮੁੜ ਚਰਚਾ ਵਿੱਚ ਲਿਆ ਦਿੱਤਾ।
- Download Babushahi App
-
-