ਪੰਜਾਬ ਸਰਕਾਰ ਨੇ IAS ਨੀਰੂ ਕਤਿਆਲ ਨੂੰ ਲਾਇਆ ਨਗਰ ਨਿਗਮ ਲੁਧਿਆਣਾ ਦਾ ਨਵਾਂ ਦਾ ਕਮਿਸ਼ਨਰ
ਸੁਖਮਿੰਦਰ ਭੰਗੂ
ਲੁਧਿਆਣਾ 21 ਜਨਵਰੀ 2026 ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਕੁਸ਼ਲਤਾ ਅਤੇ ਮਜ਼ਬੂਤੀ ਲਿਆਉਣ ਦੇ ਉਦੇਸ਼ ਨਾਲ ਅੱਜ 26 IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸੇ ਲੜੀ ਤਹਿਤ, ਲੁਧਿਆਣਾ ਨਗਰ ਨਿਗਮ ਦੇ ਪ੍ਰਬੰਧਕੀ ਮੁਖੀ ਵਜੋਂ ਅਹਿਮ ਬਦਲਾਅ ਕੀਤਾ ਗਿਆ ਹੈ।
ਜਾਰੀ ਕੀਤੇ ਗਏ ਸਰਕਾਰੀ ਹੁਕਮਾਂ ਅਨੁਸਾਰ, ਸ਼੍ਰੀਮਤੀ ਨੀਰੂ ਕਤਿਆਲ (IAS) ਨੂੰ ਨਗਰ ਨਿਗਮ ਲੁਧਿਆਣਾ ਦਾ ਨਵਾਂ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਨੀਰੂ ਕਤਿਆਲ ਇਸ ਤੋਂ ਪਹਿਲਾਂ ਪੰਜਾਬ ਰਾਜ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ (PUDA) ਵਿੱਚ ਮੁੱਖ ਪ੍ਰਸ਼ਾਸਕ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।
ਜ਼ਿਕਰਯੋਗ ਹੈ ਕਿ ਸ਼੍ਰੀਮਤੀ ਨੀਰੂ ਕਤਿਆਲ ਕੋਲ ਲੁਧਿਆਣਾ ਸ਼ਹਿਰ ਦੇ ਪ੍ਰਸ਼ਾਸਨਿਕ ਕੰਮਕਾਜ ਦਾ ਵਿਆਪਕ ਤਜ਼ਰਬਾ ਹੈ। ਉਹ ਪਹਿਲਾਂ ਵੀ ਲੁਧਿਆਣਾ ਨਗਰ ਨਿਗਮ ਵਿੱਚ ਵਧੀਕ ਕਮਿਸ਼ਨਰ (Additional Commissioner) ਅਤੇ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (GLADA) ਵਿੱਚ ਮੁੱਖ ਪ੍ਰਸ਼ਾਸਕ ਵਜੋਂ ਕੰਮ ਕਰ ਚੁੱਕੇ ਹਨ।
ਦੂਜੇ ਪਾਸੇ, ਨਗਰ ਨਿਗਮ ਲੁਧਿਆਣਾ ਦੇ ਮੌਜੂਦਾ ਕਮਿਸ਼ਨਰ ਆਦਿੱਤਿਆ ਡਚਲਵਾਲ (IAS) ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਹੁਣ ਡਿਪਟੀ ਕਮਿਸ਼ਨਰ ਰੂਪਨਗਰ (ਰੋਪੜ) ਵਜੋਂ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ।
ਸਰਕਾਰ ਦਾ ਮੰਨਣਾ ਹੈ ਕਿ ਇਹ ਤਬਾਦਲੇ ਆਉਣ ਵਾਲੇ ਸਮੇਂ ਵਿੱਚ ਨਗਰ ਨਿਗਮ ਦੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਅਤੇ ਜਨਤਕ ਸੇਵਾਵਾਂ ਨੂੰ ਵਧੇਰੇ ਪਾਰਦਰਸ਼ੀ ਬਣਾਉਣ ਵਿੱਚ ਸਹਾਈ ਹੋਣਗੇ। ਨਵੇਂ ਨਿਯੁਕਤ ਕਮਿਸ਼ਨਰ ਜਲਦ ਹੀ ਆਪਣਾ ਅਹੁਦਾ ਸੰਭਾਲਣਗੇ।