ਪੰਜਾਬ ਸਰਕਾਰ ਵੱਲੋਂ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਈ ਨਵੀਆਂ ਹਦਾਇਤਾਂ ਜਾਰੀ
ਅਸ਼ੋਕ ਵਰਮਾ
ਬਠਿੰਡਾ, 14 ਮਈ 2026 :ਅਰਲੀ ਚਾਇਲਡਹੁੱਡ ਕੇਅਰ ਐਂਡ ਐਜੂਕੇਸ਼ਨ ਸਕੀਮ ਹੇਠ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਨਵੀਂ ਰਜਿਸਟਰੇਸ਼ਨ ਕਰਵਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਪਲੇਅ ਵੇਅ ਸਕੂਲਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਤਹਿਤ ਪੰਜਾਬ ਵਿਚ ਚੱਲ ਰਹੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲ ਹੁਣ ਤੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਰਜਿਸਟਰਡ ਕੀਤੇ ਜਾਣਗੇ। ਜਿਸ ਤੋਂ ਬਾਅਦ ਸਰਕਾਰ ਕੋਲ ਬੱਚਿਆਂ ਦੇ ਸਾਰੇ ਵੇਰਵੇ ਉਪਲੱਭਧ ਹੋਣਗੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ਼੍ਰੀ ਪੰਕਜ ਕੁਮਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਠਿੰਡਾ ਨੇ ਦੱਸਿਆ ਕਿ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਨ੍ਹਾਂ ਪਲੇਅ ਵੇਅ ਸਕੂਲਾਂ ਦੀ ਨਵੀਂ ਰਜਿਸਟਰੇਸ਼ਨ ਅਤੇ ਪੁਰਾਣੀ ਰਜਿਸਟਰੇਸ਼ਨ ਰਿਨਿਊ ਕਰਵਾਉਣਾ ਲਾਜ਼ਮੀ ਕਰਾਰ ਦਿੱਤਾ ਗਿਆ ਹੈ, ਜਿਸ ਸਬੰਧੀ ਵਿਸਥਾਰ ਵਿੱਚ ਨਿਯਮ ਅਤੇ ਹਦਾਇਤਾਂ ਲਾਗੂ ਹੋਣਗੀਆਂ।
ਪਲੇਅ ਸਕੂਲ ਦੀ ਇਮਾਰਤ ਦਾ ਹਵਾਦਾਰ ਹੋਣਾ, ਸਕੂਲ ਦੀ ਚਾਰ-ਦੀਵਾਰੀ, ਸਾਫ਼-ਸੁਥਰਾ ਪੀਣ ਯੋਗ ਪਾਣੀ ਹੋਵੇ ਤੇ ਇਸ ਦੇ ਨਾਲ ਇੱਕ ਕੇਅਰ ਟੇਕਰ ਵੀ ਹੋਵੇਗਾ। ਸਕੂਲ ਦੀ ਅੰਦਰਲੀ ਬਣਤਰ, ਰੈਸਟ ਰੂਮ ਦੀ ਵਿਵਸਥਾ, ਲੜਕਿਆਂ ਅਤੇ ਲੜਕੀਆਂ ਲਈ ਵੱਖਰੇ ਪਖਾਨੇ ਅਤੇ ਸਾਰੇ ਸਕੂਲਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਵੀ ਲਾਜ਼ਮੀ ਕੀਤੇ ਗਏ ਹਨ।
ਨਵੇਂ ਦਿਸ਼ਾ-ਨਿਰਦੇਸ਼ਾਂ ਤਹਿਤ ਸਕੂਲਾਂ ਵਿੱਚ ਦਾਖ਼ਲੇ ਲਈ ਬੱਚਿਆਂ ਦਾ ਕੋਈ ਸਕ੍ਰੀਨਿੰਗ ਟੈਸਟ ਜਾਂ ਮਾਤਾ-ਪਿਤਾ ਦੀ ਇੰਟਰਵਿਊ ਨਹੀਂ ਹੋਵੇਗੀ। ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਡਰਾਉਣ ਜਾਂ ਧਮਕਾਉਣ ’ਤੇ ਪਾਬੰਦੀ ਹੋਵੇਗੀ। ਬੱਚਿਆਂ ’ਤੇ ਪੜ੍ਹਾਈ ਦਾ ਕੋਈ ਵਾਧੂ ਬੋਝ ਨਹੀਂ ਪਾਇਆ ਜਾਵੇਗਾ। ਪਲੇਅ ਵੇਅ ਸਕੂਲਾਂ ਵਿੱਚ ਲਾਇਬ੍ਰੇਰੀ ਦਾ ਪ੍ਰਬੰਧ, ਬੱਚਿਆਂ ਦੀ ਸਿਹਤ ਦਾ ਰਿਕਾਰਡ ਰੱਖਣਾ ਵੀ ਲਾਜ਼ਮੀ ਕੀਤਾ ਗਿਆ ਹੈ। ਬੱਚਿਆਂ ਦੀ ਸੁਰੱਖਿਆ ਲਈ ਫਾਇਰ ਸੇਫਟੀ ਅਤੇ ਸਿਹਤ ਸਹੂਲਤਾਂ ਦੀ ਸਮੇਂ-ਸਮੇਂ ’ਤੇ ਜਾਂਚ ਕੀਤੀ ਜਾਵੇਗੀ। ਸਕੂਲਾਂ ਵਿੱਚ ਫੀਸਾਂ ਸਬੰਧੀ ਵੀ ਦਿਸ਼ਾ-ਨਿਰਦੇਸ਼ ਲਾਗੂ ਹੋਣਗੇ।
ਉਨ੍ਹਾਂ ਹੋਰ ਦੱਸਿਆ ਕਿ ਹੁਣ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਆਨਲਾਈਨ ਸ਼ੁਰੂ ਕਰ ਦਿੱਤੀ ਗਈ ਹੈ।
ਜ਼ਿਲ੍ਹਾ ਬਠਿੰਡਾ ਵਿੱਚ ਚੱਲ ਰਹੇ ਅਤੇ ਚਾਹਵਾਨ ਪਲੇਅ ਵੇਅ ਸਕੂਲਾਂ ਦੇ ਮਾਲਕਾਂ/ਟਰੱਸਟਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਜਲਦ ਤੋਂ ਜਲਦ ਨਵੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਆਪਣੀ ਰਜਿਸਟ੍ਰੇਸ਼ਨ ਕਰਵਾਉਣ।
ਹਦਾਇਤਾਂ ਦੀ ਪਾਲਣਾ ਨਾ ਕਰਨ ਅਤੇ ਰਜਿਸਟ੍ਰੇਸ਼ਨ ਨਾ ਕਰਵਾਉਣ ਦੀ ਸੂਰਤ ਵਿੱਚ ਸਬੰਧਤ ਸਕੂਲਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਉਨ੍ਹਾਂ ਪਲੇਅ ਵੇਅ ਸਕੂਲਾਂ ਵਿੱਚ ਦਾਖਲ ਕਰਵਾਉਣ ਨੂੰ ਤਰਜੀਹ ਦੇਣ ਜੋ ਪਹਿਲਾਂ ਹੀ ਵਿਭਾਗ ਨਾਲ ਰਜਿਸਟਰਡ ਹਨ।
- Download Babushahi App
-
-