ਪੰਜਾਬ ਸਿਹਤ ਬਜਟ 2026: ਸਿਹਤ ਖੇਤਰ ਲਈ 6,879 ਕਰੋੜ ਰੁਪਏ ਦਾ ਐਲਾਨ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲੇਗਾ 10 ਲੱਖ ਤੱਕ ਦਾ ਮੁਫਤ ਬੀਮਾ
ਚੰਡੀਗੜ੍ਹ: 8 ਮਾਰਚ, 2026
ਪੰਜਾਬ ਸਰਕਾਰ ਨੇ ਸੂਬੇ ਦੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਲਈ ਅੱਜ 6,879 ਕਰੋੜ ਰੁਪਏ ਦੇ ਵਿਸ਼ੇਸ਼ ਬਜਟ ਦਾ ਐਲਾਨ ਕੀਤਾ ਹੈ। ਇਸ ਬਜਟ ਦਾ ਮੁੱਖ ਕੇਂਦਰ 'ਮੁੱਖ ਮੰਤਰੀ ਸਿਹਤ ਯੋਜਨਾ' ਹੈ, ਜਿਸ ਤਹਿਤ ਸੂਬੇ ਦੇ ਲਗਭਗ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਮੁਹੱਈਆ ਕਰਵਾਇਆ ਜਾਵੇਗਾ। ਇਸ ਯੋਜਨਾ ਲਈ 2,000 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ, ਜਿਸ ਨਾਲ ਲੋਕ ਸੂਬੇ ਦੇ 900 ਤੋਂ ਵੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਨਕਦੀ-ਰਹਿਤ (ਕੈਸ਼ਲੈੱਸ) ਇਲਾਜ ਦੀ ਸਹੂਲਤ ਪ੍ਰਾਪਤ ਕਰ ਸਕਣਗੇ।
ਆਮ ਆਦਮੀ ਕਲੀਨਿਕਾਂ ਦੇ ਵਿਸਥਾਰ 'ਤੇ ਵੀ ਸਰਕਾਰ ਨੇ ਵੱਡਾ ਜ਼ੋਰ ਦਿੱਤਾ ਹੈ। ਵਰਤਮਾਨ ਵਿੱਚ ਸੂਬੇ ਵਿੱਚ 881 ਆਮ ਆਦਮੀ ਕਲੀਨਿਕ ਚੱਲ ਰਹੇ ਹਨ, ਜਿਨ੍ਹਾਂ ਵਿੱਚ 565 ਪੇਂਡੂ ਅਤੇ 316 ਸ਼ਹਿਰੀ ਖੇਤਰਾਂ ਵਿੱਚ ਸ਼ਾਮਲ ਹਨ। ਇਨ੍ਹਾਂ ਕਲੀਨਿਕਾਂ ਰਾਹੀਂ ਹੁਣ ਤੱਕ ਲਗਭਗ 5 ਕਰੋੜ ਲੋਕਾਂ ਨੇ ਆਪਣਾ ਇਲਾਜ ਕਰਵਾਇਆ ਹੈ, ਜਿਨ੍ਹਾਂ ਵਿੱਚੋਂ 55 ਫੀਸਦੀ ਲਾਭਪਾਤਰੀ ਔਰਤਾਂ ਹਨ। ਇਨ੍ਹਾਂ ਕਲੀਨਿਕਾਂ ਵਿੱਚ 107 ਤਰ੍ਹਾਂ ਦੀਆਂ ਦਵਾਈਆਂ ਅਤੇ 47 ਤਰ੍ਹਾਂ ਦੇ ਟੈਸਟ ਮੁਫਤ ਉਪਲਬਧ ਹਨ। ਆਉਣ ਵਾਲੇ ਸਮੇਂ ਵਿੱਚ ਸਰਕਾਰ 143 ਨਵੇਂ ਆਮ ਆਦਮੀ ਕਲੀਨਿਕ ਸਥਾਪਿਤ ਕਰੇਗੀ ਅਤੇ 308 ਹੈਲਥ ਸੈਂਟਰਾਂ ਨੂੰ ਅਪਗ੍ਰੇਡ ਕਰੇਗੀ। ਅਗਲੇ 5 ਸਾਲਾਂ ਵਿੱਚ ਕੁੱਲ 1,432 ਕਲੀਨਿਕ ਖੋਲ੍ਹਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਲਈ 351 ਕਰੋੜ ਰੁਪਏ ਦਾ ਬਜਟ ਨਿਰਧਾਰਿਤ ਕੀਤਾ ਗਿਆ ਹੈ।
ਹਸਪਤਾਲਾਂ ਵਿੱਚ ਸੁਧਾਰ ਅਤੇ ਮੈਡੀਕਲ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ 23 ਜ਼ਿਲ੍ਹਾ ਹਸਪਤਾਲਾਂ ਅਤੇ 42 ਉਪ-ਡਿਵੀਜ਼ਨਲ ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਿਸਦੇ ਲਈ 300 ਕਰੋੜ ਰੁਪਏ ਦੀਆਂ ਨਵੀਆਂ ਮੈਡੀਕਲ ਮਸ਼ੀਨਾਂ ਖਰੀਦੀਆਂ ਜਾ ਰਹੀਆਂ ਹਨ। ਸਿਹਤ ਸੇਵਾਵਾਂ ਵਿੱਚ ਮਨੁੱਖੀ ਸਾਧਨਾਂ ਦੀ ਘਾਟ ਨੂੰ ਪੂਰਾ ਕਰਨ ਲਈ ਸਰਕਾਰ ਨੇ ਭਰਤੀ ਪ੍ਰਕਿਰਿਆ ਵੀ ਤੇਜ਼ ਕਰ ਦਿੱਤੀ ਹੈ। ਸਾਲ 2022 ਤੋਂ ਹੁਣ ਤੱਕ 934 ਡਾਕਟਰਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ, ਜਦਕਿ ਆਉਣ ਵਾਲੇ ਸਮੇਂ ਵਿੱਚ 400 ਹੋਰ ਮਾਹਰ ਡਾਕਟਰਾਂ ਨੂੰ ਭਰਤੀ ਕੀਤਾ ਜਾਵੇਗਾ। ਇਸ ਤੋਂ ਇਲਾਵਾ 400 ਨਰਸਾਂ ਦੀ ਭਰਤੀ ਪਹਿਲਾਂ ਹੀ ਹੋ ਚੁੱਕੀ ਹੈ ਅਤੇ 500 ਹੋਰ ਨਰਸਾਂ ਨੂੰ ਭਰਤੀ ਕਰਨ ਦੀ ਪ੍ਰਕਿਰਿਆ ਜਾਰੀ ਹੈ।
Click to Follow Babushahi Facebook page →