ਪੰਥਕ ਏਕਤਾ ਦੀ ਥਾਂ ਦੁਬਿਧਾ ਪੈਦਾ ਕਰਨ ਤੋਂ ਗੁਰੇਜ਼ ਕੀਤਾ ਜਾਵੇ: ਦਵਿੰਦਰ ਸਿੰਘ ਸੋਢੀ
ਸ਼ਹੀਦ ਪਰਿਵਾਰਾਂ ਨੂੰ ਇਕ ਦੂਜੇ ਨਾਲ ਲੜਾਉਣਾ ਪੰਥਕ ਸੋਚ ਲਈ ਘਾਤਕ
ਜਲੰਧਰ, 12 ਅਗਸਤ 2026- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਸਕੱਤਰ ਜਰਨਲ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਮੌਜੂਦਾ ਜਨਰਲ ਸਕੱਤਰ ਭਾਈ ਦਵਿੰਦਰ ਸਿੰਘ ਸੋਢੀ ਨੇ 'ਵਾਰਸ ਪੰਜਾਬ ਦੇ' ਜਥੇਬੰਦੀ ਦੇ ਸਮੁੱਚੇ ਅਹੁਦੇਦਾਰਾਂ ਅਤੇ ਖਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਸ ਤਰਸੇਮ ਸਿੰਘ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਇਸ ਨਾਜ਼ੁਕ ਮੋੜ 'ਤੇ ਪੰਥਕ ਏਕਤਾ ਬਣਾਉਣ ਦੀ ਬਜਾਏ ਪੰਥ ਵਿੱਚ ਹੋਰ ਦੁਬਿਧਾ ਅਤੇ ਫੁੱਟ ਪੈਦਾ ਨਹੀਂ ਕਰਨੀ ਚਾਹੀਦੀ। ਭਾਈ ਸੋਢੀ ਨੇ ਕਿਹਾ ਕਿ ਹਾਲ ਹੀ ਦੇ ਦਿਨਾਂ ਵਿੱਚ ਜਥੇਬੰਦੀ ਵੱਲੋਂ ਲਏ ਗਏ ਕੁਝ ਫੈਸਲੇ ਬੇਹੱਦ ਨਿਰਾਸ਼ਾਜਨਕ ਹਨ। ਉਨ੍ਹਾਂ ਜ਼ਿਕਰ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੰਥਕ ਏਕਤਾ ਲਈ ਵੱਡੀ ਫਰਾਖਦਿਲੀ ਦਿਖਾਈ ਸੀ, ਪਰ ਅਫਸੋਸ ਦੀ ਗੱਲ ਹੈ ਕਿ ਉਸ ਦਾ ਹੁੰਗਾਰਾ ਭਰਨ ਦੀ ਬਜਾਏ ਮਜ਼ਾਕ ਉਡਾਇਆ ਜਾ ਰਿਹਾ ਹੈ। ਸ਼ਹੀਦ ਪਰਿਵਾਰਾਂ ਨੂੰ ਇਕ ਦੂਜੇ ਦੇ ਸਾਹਮਣੇ ਲਿਆ ਕੇ ਲੜਾਉਣ ਦੀ ਨੀਤੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਭਾਈ ਦਵਿੰਦਰ ਸਿੰਘ ਸੋਢੀ ਨੇ ਵਿਸ਼ੇਸ਼ ਤੌਰ 'ਤੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਅਮਰ ਸ਼ਹੀਦ ਭਾਈ ਬੇਅੰਤ ਸਿੰਘ ਦੀ ਇਕਲੌਤੀ ਬੇਟੀ ਬੀਬਾ ਅੰਮ੍ਰਿਤ ਕੌਰ, ਜੋ ਕਿ ਲੰਮੇ ਸਮੇਂ ਤੋਂ ਪੰਜਾਬ ਵਿੱਚ ਵਿਚਰ ਰਹੇ ਹਨ, ਬੱਸੀ ਪਠਾਣਾ ਤੋਂ ਆਜ਼ਾਦ ਉਮੀਦਵਾਰ ਵਜੋਂ ਆਪਣੀ ਚੋਣ ਰਣਨੀਤੀ ਤਿਆਰ ਕਰ ਰਹੇ ਹਨ। ਲੇਕਿਨ ਉਨ੍ਹਾਂ ਦੇ ਮੁਕਾਬਲੇ ਵਿੱਚ ਅਮਰ ਸ਼ਹੀਦ ਭਾਈ ਕੇਹਰ ਸਿੰਘ ਦੇ ਬੇਟੇ ਭਾਈ ਸਤਵੰਤ ਸਿੰਘ ਨੂੰ ਉਮੀਦਵਾਰ ਐਲਾਨ ਕੇ ਪੰਥਕ ਏਕਤਾ ਨੂੰ ਵੱਡੀ ਸੱਟ ਮਾਰੀ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਆਉਣ ਵਾਲੇ ਦਿਨਾਂ ਵਿੱਚ ਪੰਥਕ ਏਕਤਾ ਦੀ ਬਜਾਏ ਪੰਥਕ ਸੋਚ ਨੂੰ ਹੋਰ ਢਾਹ ਲਾਉਣ ਵਿੱਚ ਸਹਾਈ ਹੋਣਗੀਆਂ। ਇਸ ਲਈ 'ਵਾਰਸ ਪੰਜਾਬ ਦੇ' ਜਥੇਬੰਦੀ ਨੂੰ ਅਜਿਹੀਆਂ ਕਾਰਵਾਈਆਂ ਤੁਰੰਤ ਬੰਦ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੇ ਫੈਸਲਿਆਂ ਨਾਲ ਪੰਜਾਬ ਵਿੱਚ ਪੰਥਕ ਸਰਕਾਰ ਬਣਾਉਣ ਦੇ ਸੁਪਨੇ ਪੂਰੇ ਹੋਣ ਦੀ ਥਾਂ ਪੰਥ ਵਿਰੋਧੀ ਸ਼ਕਤੀਆਂ ਨੂੰ ਬਲ ਮਿਲੇਗਾ ਅਤੇ ਲੋਕ ਪੰਥਕ ਪਰਿਵਾਰਾਂ ਨੂੰ ਆਪਸ ਵਿੱਚ ਲੜਦੇ ਦੇਖਣਗੇ। ਉਹਨਾਂ ਨੇ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਗਤੀਵਿਧੀਆਂ 'ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ 'ਡਰਾਈਵਰ ਬਘੇਲ ਸਿੰਘ' ਨਾਂ ਦੇ ਖਾਤੇ ਤੋਂ ਲਗਾਤਾਰ ਪੰਥਕ ਸ਼ਖਸ਼ੀਅਤਾਂ ਦੀ ਕਿਰਦਾਰਕੁਸ਼ੀ ਕੀਤੀ ਜਾ ਰਹੀ ਹੈ। ਇਹ ਸਿਲਸਿਲਾ ਹੁਣ ਇਸ ਨੀਵੇਂ ਪੱਧਰ 'ਤੇ ਪਹੁੰਚ ਚੁੱਕਾ ਹੈ ਕਿ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੇ ਭਰਾ ਭੂਪਿੰਦਰ ਸਿੰਘ ਵਰਗੇ ਸ਼ਹੀਦੀ ਪਰਿਵਾਰਾਂ ਨੂੰ ਵੀ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਖੁੱਲ੍ਹੇਆਮ ਚੇਤਾਵਨੀਆਂ ਦਿੱਤੀਆਂ ਜਾ ਰਹੀਆਂ ਹਨ। ਭਾਈ ਦਵਿੰਦਰ ਸਿੰਘ ਸੋਢੀ ਨੇ ਅੰਤ ਵਿੱਚ ਅਪੀਲ ਕੀਤੀ ਕਿ ਅਜਿਹੇ ਅਨਸਰਾਂ 'ਤੇ ਤੁਰੰਤ ਠੱਲ੍ਹ ਪਾਈ ਜਾਵੇ ਅਤੇ ਸ਼ਹੀਦ ਪਰਿਵਾਰਾਂ ਦਾ ਸਤਿਕਾਰ ਬਹਾਲ ਰੱਖਦਿਆਂ ਆਪਸੀ ਮਤਭੇਦਾਂ ਨੂੰ ਠੱਲ੍ਹ ਪਾ ਕੇ ਪੰਥਕ ਹਿੱਤਾਂ ਲਈ ਏਕਤਾ ਦਾ ਰਾਹ ਅਪਣਾਇਆ ਜਾਵੇ। ਪ੍ਰੈੱਸ ਨੂੰ ਇਹ ਬਿਆਨ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।
- Download Babushahi App
-
-