ਪੱਟੀ ’ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਗੋਲੀ ਲੱਗਣ ਨਾਲ ਇੱਕ ਬਦਮਾਸ਼ ਗੰਭੀਰ ਜ਼ਖ਼ਮੀ
ਬਲਜੀਤ ਸਿੰਘ
ਪੱਟੀ/ਤਰਨ ਤਾਰਨ, 31 ਅਗਸਤ 2026- ਜ਼ਿਲ੍ਹਾ ਤਰਨ ਤਾਰਨ ਅਧੀਨ ਥਾਣਾ ਸਿਟੀ ਪੱਟੀ ਦੀ ਪੁਲਿਸ ਅਤੇ ਇੱਕ ਬਦਮਾਸ਼ ਵਿਚਾਲੇ ਪਿੰਡ ਸਰਹਾਲੀ ਕਲਾਂ ਨੇੜੇ ਮੁੱਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਗੋਲੀ ਲੱਗਣ ਕਾਰਨ ਬਦਮਾਸ਼ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਇਲਾਜ ਲਈ ਹਸਪਤਾਲ ਪਹੁੰਚਾਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤਰਨ ਤਾਰਨ ਦੇ ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਪੱਟੀ ਦੀ ਪੁਲਿਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਦੇ ਤਹਿਤ ਇਲਾਕੇ ਵਿੱਚ ਨਾਕਾਬੰਦੀ ਕਰਕੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪਿੰਡ ਸਰਹਾਲੀ ਕਲਾਂ ਨੇੜੇ ਕੱਚੇ ਰਸਤੇ ਤੋਂ ਮੋਟਰਸਾਈਕਲ ’ਤੇ ਸਵਾਰ ਇੱਕ ਵਿਅਕਤੀ ਆਉਂਦਾ ਦਿਖਾਈ ਦਿੱਤਾ।
ਐੱਸਐੱਸਪੀ ਮੁਤਾਬਕ ਪੁਲਿਸ ਪਾਰਟੀ ਨੇ ਜਦੋਂ ਮੋਟਰਸਾਈਕਲ ਸਵਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਉਥੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਪਾਰਟੀ ’ਤੇ ਗੋਲੀ ਚਲਾ ਦਿੱਤੀ। ਇਸ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਗੋਲੀ ਉਕਤ ਵਿਅਕਤੀ ਦੀ ਲੱਤ ਵਿੱਚ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ।
ਪੁਲਿਸ ਨੇ ਜ਼ਖ਼ਮੀ ਵਿਅਕਤੀ ਨੂੰ ਕਾਬੂ ਕਰ ਲਿਆ। ਉਸ ਦੀ ਪਛਾਣ ਗੁਰਮੀਤ ਸਿੰਘ ਵਜੋਂ ਹੋਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਗੁਰਮੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਐੱਸਐੱਸਪੀ ਸੁਰਿੰਦਰ ਲਾਂਬਾ ਨੇ ਕਿਹਾ ਕਿ ਮੁਲਜ਼ਮ ਤੋਂ ਪੁੱਛਗਿੱਛ ਅਤੇ ਰਿਕਾਰਡ ਦੀ ਜਾਂਚ ਤੋਂ ਬਾਅਦ ਪਤਾ ਲਗਾਇਆ ਜਾਵੇਗਾ ਕਿ ਉਹ ਹੋਰ ਕਿਹੜੇ ਮਾਮਲਿਆਂ ਵਿੱਚ ਪੁਲਿਸ ਨੂੰ ਲੋੜੀਂਦਾ ਸੀ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
- Download Babushahi App
-
-