ਜਾਣਕਾਰੀ ਦਿੰਦੇ ਹੋਏ ਜਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 18 ਅਗਸਤ 2026 : ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਆਯੋਜਨ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ’ਤੇ ਕਰਵਾਇਆ ਜਾ ਰਿਹਾ ਹੈ , ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਫਤਹਿਗੜ੍ਹ ਸਾਹਿਬ ਹਰਪਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਪੱਧਰੀ ਖੇਡ ਮੁਕਾਬਲੇ 03 ਸਤੰਬਰ ਤੋਂ 15 ਸਤੰਬਰ 2026, ਜ਼ਿਲ੍ਹਾ ਪੱਧਰੀ ਮੁਕਾਬਲੇ 20 ਸਤੰਬਰ ਤੋਂ 30 ਸਤੰਬਰ 2026 ਤੱਕ ਕਰਵਾਏ ਜਾਣਗੇ , ਜਦਕਿ ਇਨ੍ਹਾਂ ਵਿੱਚੋਂ ਚੁਣੇ ਗਏ ਖਿਡਾਰੀ ਰਾਜ ਪੱਧਰੀ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ। ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ-2026 ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ ਤੇ ਖਿਡਾਰੀ ਆਪਣੀ ਆਨਲਾਈਨ ਰਜਿਸਟ੍ਰੇਸ਼ਨ https://sports.punjab.gov.in ਰਾਹੀਂ ਕਰਵਾ ਸਕਦੇ ਹਨ
ਜ਼ਿਲ੍ਹਾ ਖੇਡ ਅਫਸਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਸੂਬੇ ਵਿੱਚ ਖੇਡਾਂ ਨੂੰ ਪ੍ਰੋਤਸਾਹਿਤ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਪਿੰਡਾਂ ਅਤੇ ਸ਼ਹਿਰਾਂ ਦੇ ਲੁਕੇ ਹੋਏ ਖੇਡ ਟੈਲੇਂਟ ਨੂੰ ਮੰਚ ਪ੍ਰਦਾਨ ਕਰਨ ਅਤੇ ਤੰਦਰੁਸਤ ਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ , ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਛੋਟੇ ਬੱਚਿਆਂ ਤੋਂ ਲੈ ਕੇ 70 ਸਾਲ ਤੱਕ ਦੇ ਖਿਡਾਰੀ ਭਾਗ ਲੈ ਸਕਦੇ ਹਨ, ਜਿਸ ਨਾਲ ਹਰ ਵਰਗ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲੇਗਾ
ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ’ਤੇ ਐਥਲੈਟਿਕਸ, ਖੋ-ਖੋ, ਕਬੱਡੀ (ਨੈਸ਼ਨਲ ਸਟਾਈਲ), ਕਬੱਡੀ (ਸਰਕਲ ਸਟਾਈਲ), ਫੁੱਟਬਾਲ, ਵਾਲੀਬਾਲ (ਸਮੈਸ਼ਿੰਗ) ਅਤੇ ਵਾਲੀਬਾਲ (ਸ਼ੂਟਿੰਗ) ਦੇ ਮੁਕਾਬਲੇ ਕਰਵਾਏ ਜਾਣਗੇ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰ ’ਤੇ ਐਥਲੈਟਿਕਸ, ਖੋ-ਖੋ, ਕਬੱਡੀ, ਫੁੱਟਬਾਲ, ਵਾਲੀਬਾਲ, ਹੈਂਡਬਾਲ, ਸਾਫਟਬਾਲ, ਜੂਡੋ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈੱਟਬਾਲ, ਬੈਡਮਿੰਟਨ, ਬਾਸਕਿਟਬਾਲ, ਪਾਵਰਲਿਫਟਿੰਗ, ਲਾਅਨ ਟੈਨਿਸ, ਰੈਸਲਿੰਗ, ਸਵੀਮਿੰਗ, ਬਾਕਸਿੰਗ, ਟੇਬਲ ਟੈਨਿਸ, ਵੇਟਲਿਫਟਿੰਗ, ਸ਼ਤਰੰਜ, ਸ਼ੂਟਿੰਗ, ਫੈਨਸਿੰਗ, ਰੋਲਰ ਸਕੇਟਿੰਗ ਅਤੇ ਆਰਚਰੀ ਸਮੇਤ ਕਈ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ , ਜ਼ਿਲ੍ਹਾ ਪੱਧਰ ’ਤੇ ਜੇਤੂ ਰਹਿਣ ਵਾਲੇ ਖਿਡਾਰੀ ਰਾਜ ਪੱਧਰੀ ਖੇਡਾਂ ਲਈ ਚੁਣੇ ਜਾਣਗੇ
ਹਰਪਿੰਦਰ ਸਿੰਘ ਨੇ ਸਮੂਹ ਵਿਦਿਆਰਥੀਆਂ, ਨੌਜਵਾਨਾਂ, ਖੇਡ ਪ੍ਰੇਮੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਖੇਡਾਂ ਵਿੱਚ ਵੱਧ-ਚੜ੍ਹ ਕੇ ਭਾਗ ਲੈ ਕੇ ਇਸ ਮਹਾਂਉਤਸਵ ਦਾ ਹਿੱਸਾ ਬਣਨ , ਉਨ੍ਹਾਂ ਇਹ ਵੀ ਦੱਸਿਆ ਕਿ ਖੇਡ ਵੈਨਿਊ ’ਤੇ ਪਹੁੰਚਣ ਸਮੇਂ ਹਰ ਖਿਡਾਰੀ ਲਈ ਜਨਮ ਮਿਤੀ ਦੇ ਸਬੂਤ ਵਜੋਂ ਜਨਮ ਸਰਟੀਫਿਕੇਟ ਅਤੇ ਆਧਾਰ ਕਾਰਡ ਦੀ ਕਾਪੀ ਨਾਲ ਲਿਆਉਣਾ ਲਾਜ਼ਮੀ ਹੋਵੇਗਾ , ਖੇਡਾਂ ਸਬੰਧੀ ਹੋਰ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਖੇਡ ਅਫਸਰ, ਫਤਹਿਗੜ੍ਹ ਸਾਹਿਬ ਵਿਖੇ ਕਿਸੇ ਵੀ ਕੰਮਕਾਜੀ ਦਿਨ ਸੰਪਰਕ ਕੀਤਾ ਜਾ ਸਕਦਾ ਹੈ
- Download Babushahi App
-
-