ਐਡਵੋਕੇਟ ਅਮਰਦੀਪ ਸਿੰਘ ਧਾਰਨੀ
ਦੀਦਾਰ ਗੁਰਨਾ
ਫਤਿਹਗੜ੍ਹ ਸਾਹਿਬ 30 ਸਤੰਬਰ 2026 : ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਚਿਤਕਾਰਾ ਯੂਨੀਵਰਸਿਟੀ ਨਾਲ ਜੁੜੇ ਮਾਮਲਿਆਂ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰਾਂ ਨੂੰ ਸਿਆਸੀ ਰੰਜਿਸ਼ਾਂ ਜਾਂ ਮਤਭੇਦਾਂ ਕਾਰਨ ਵਿਦਿਆਰਥੀਆਂ ਦੇ ਭਵਿੱਖ ਨੂੰ ਦਾਅ ’ਤੇ ਨਹੀਂ ਲਗਾਉਣਾ ਚਾਹੀਦਾ , ਉਨ੍ਹਾਂ ਕਿਹਾ ਕਿ ਵਿਦਿਅਕ ਅਦਾਰੇ ਕਿਸੇ ਵੀ ਸਿਆਸੀ ਖਿੱਚੋਤਾਣ ਦਾ ਕੇਂਦਰ ਨਹੀਂ ਬਣਨੇ ਚਾਹੀਦੇ, ਕਿਉਂਕਿ ਇਸ ਨਾਲ ਸਿੱਧਾ ਅਸਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਭਵਿੱਖ ’ਤੇ ਪੈਂਦਾ ਹੈ
ਐਡਵੋਕੇਟ ਧਾਰਨੀ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਜਿਹੜੇ ਮਾਮਲਿਆਂ ਨੂੰ ਸ਼ੁਰੂ ਤੋਂ ਹੀ ਕਾਨੂੰਨੀ ਪ੍ਰਕਿਰਿਆ ਰਾਹੀਂ ਨਜਿੱਠਿਆ ਜਾ ਸਕਦਾ ਹੈ ,ਉਨ੍ਹਾਂ ਨੂੰ ਸਿਆਸੀ ਰੰਗ ਦੇਣ ਨਾਲ ਸਥਿਤੀ ਹੋਰ ਗੰਭੀਰ ਹੋ ਜਾਂਦੀ ਹੈ , ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਦਿਅਕ ਅਦਾਰੇ ਦੇ ਪ੍ਰਬੰਧਕਾਂ ਨਾਲ ਸਰਕਾਰ ਦੇ ਕੋਈ ਮਤਭੇਦ ਹਨ ਤਾਂ ਉਨ੍ਹਾਂ ਨੂੰ ਕਾਨੂੰਨ ਅਤੇ ਨਿਯਮਾਂ ਦੇ ਦਾਇਰੇ ਵਿੱਚ ਰਹਿ ਕੇ ਹੱਲ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਦਾ ਖਮਿਆਜ਼ਾ ਵਿਦਿਆਰਥੀਆਂ ਨੂੰ ਨਹੀਂ ਭੁਗਤਣਾ ਚਾਹੀਦਾ
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਦਿਅਕ ਅਦਾਰੇ ਦੇ ਪ੍ਰਬੰਧਕਾਂ ਵੱਲੋਂ ਕੋਈ ਅਪਰਾਧਿਕ ਘਟਨਾ ਵਾਪਰੀ ਹੈ ਤਾਂ ਉਸ ਦੀ ਨਿਰਪੱਖ ਜਾਂਚ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ , ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਕਿਸੇ ਵੀ ਅਪਰਾਧਿਕ ਘਟਨਾ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ ਅਤੇ ਕਾਨੂੰਨ ਆਪਣਾ ਕੰਮ ਕਰੇ, ਪਰ ਵਿਦਿਆਰਥੀਆਂ ਦੀ ਪੜ੍ਹਾਈ ਕਿਸੇ ਵੀ ਤਰ੍ਹਾਂ ਪ੍ਰਭਾਵਿਤ ਨਹੀਂ ਹੋਣੀ ਚਾਹੀਦੀ
ਐਡਵੋਕੇਟ ਧਾਰਨੀ ਨੇ ਕਿਹਾ ਕਿ ਕੈਂਪਸ ਵਿੱਚ ਕਿਸੇ ਵੀ ਵਿਅਕਤੀ ਵੱਲੋਂ ਗੁੰਡਾਗਰਦੀ ਜਾਂ ਹਿੰਸਕ ਵਰਤਾਰੇ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ , ਵਿਦਿਅਕ ਅਦਾਰਿਆਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੋਣੀ ਚਾਹੀਦੀ ਹੈ , ਉਨ੍ਹਾਂ ਕਿਹਾ ਕਿ ਜੇਕਰ ਕੈਂਪਸ ਵਿੱਚ ਕੋਈ ਅਪਰਾਧਿਕ ਘਟਨਾ ਵਾਪਰਦੀ ਹੈ ਤਾਂ ਉਸ ਦੀ ਨਿਰਪੱਖ ਜਾਂਚ ਹੋਵੇ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ
ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਪਹਿਲਾਂ ਹੀ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਭਵਿੱਖ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਿੰਤਾਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਵਿੱਚ ਜੇਕਰ ਵਿਦਿਅਕ ਅਦਾਰੇ ਵੀ ਸਿਆਸੀ ਜਾਂ ਹੋਰ ਵਿਵਾਦਾਂ ਦਾ ਕੇਂਦਰ ਬਣ ਜਾਣ ਤਾਂ ਇਸ ਦਾ ਸਭ ਤੋਂ ਵੱਧ ਪ੍ਰਭਾਵ ਵਿਦਿਆਰਥੀਆਂ ’ਤੇ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਅਜਿਹੀ ਨੀਤੀ ਬਣਾਉਣੀ ਚਾਹੀਦੀ ਹੈ ਜਿਸ ਨਾਲ ਹਰ ਵਰਗ ਦੇ ਵਿਦਿਆਰਥੀ ਬਿਨਾਂ ਕਿਸੇ ਵੱਡੇ ਆਰਥਿਕ ਬੋਝ ਦੇ ਆਪਣੀ ਪੜ੍ਹਾਈ ਜਾਰੀ ਰੱਖ ਸਕਣ।
- Download Babushahi App
-
-