ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ SDM ਸੂਬਾ ਸਿੰਘ ਅਤੇ ਹੋਰ
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ, 16 ਜਨਵਰੀ : ਗਣਤੰਤਰ ਦਿਵਸ ਦੇ ਮੌਕੇ 'ਤੇ ਖੇਡ ਸਟੇਡੀਅਮ ਮਾਧੋਪੁਰ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਰੋਹ ਨੂੰ ਯਾਦਗਾਰੀ ਅਤੇ ਸੁਚਾਰੂ ਬਣਾਉਣ ਲਈ ਪ੍ਰਸ਼ਾਸਨ ਨੇ ਕਮਰ ਕੱਸ ਲਈ ਹੈ। ਇਸ ਸਬੰਧੀ ਅੱਜ ਐਸ.ਡੀ.ਐਮ. ਸੂਬਾ ਸਿੰਘ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ
ਮੀਟਿੰਗ ਦੌਰਾਨ ਐਸ.ਡੀ.ਐਮ. ਸੂਬਾ ਸਿੰਘ ਨੇ ਸੁਰੱਖਿਆ, ਸਾਫ਼-ਸਫਾਈ, ਪੀਣ ਵਾਲੇ ਪਾਣੀ, ਬੈਠਣ ਦੇ ਪ੍ਰਬੰਧ ਅਤੇ ਟ੍ਰੈਫਿਕ ਵਿਵਸਥਾ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਰੋਹ ਦੌਰਾਨ ਆਉਣ ਵਾਲੇ ਲੋਕਾਂ ਅਤੇ ਮਹਿਮਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ
ਐਸ.ਡੀ.ਐਮ. ਨੇ ਕਿਹਾ ਕਿ ਸਾਰੇ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਤਾਂ ਜੋ ਸਮੁੱਚੇ ਪ੍ਰਬੰਧਾਂ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਇਆ ਜਾ ਸਕੇ।
ਸਮਾਰੋਹ ਦੌਰਾਨ ਦੇਸ਼ ਭਗਤੀ ਦੇ ਜਜ਼ਬੇ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਅਤੇ ਵੱਖ-ਵੱਖ ਵਿਭਾਗਾਂ ਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ।ਉਨ੍ਹਾਂ ਅਧਿਕਾਰੀਆਂ ਨੂੰ ਸਮੇਂ ਸਿਰ ਸਾਰੇ ਕੰਮ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਅੰਤਿਮ ਰਿਹਰਸਲ ਸੁਚਾਰੂ ਢੰਗ ਨਾਲ ਕੀਤੀ ਜਾ ਸਕੇ
ਸੂਬਾ ਸਿੰਘ ਨੇ ਕਿਹਾ ਕਿ ਗਣਤੰਤਰ ਦਿਵਸ ਸਾਡਾ ਰਾਸ਼ਟਰੀ ਤਿਉਹਾਰ ਹੈ ਅਤੇ ਇਸ ਦੀ ਮਰਿਆਦਾ ਨੂੰ ਬਹਾਲ ਰੱਖਣਾ ਸਾਡਾ ਸਾਰਿਆਂ ਦਾ ਫਰਜ਼ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਵੀ ਇਸ ਸਮਾਰੋਹ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ , ਇਸ ਮੌਕੇ ਮੁੱਖ ਮੰਤਰੀ ਫੀਲਡ ਅਫਸਰ ਸ਼ੰਕਰ ਸ਼ਰਮਾ ਸਮੇਤ ਵੱਖ-ਵੱਖ ਸੰਬੰਧਤ ਵਿਭਾਗਾਂ ਦੇ ਮੁਖੀ ਤੇ ਨੁਮਾਇੰਦੇ ਹਾਜ਼ਰ ਸਨ