ਫ਼ਿਰੋਜ਼ਪੁਰ DC ਦਫ਼ਤਰ ਅੱਗੇ ਕਿਸਾਨਾਂ ਦਾ ਧਰਨਾ, ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਗਰਜੇ ਕਿਸਾਨ
Babushahi Bureau
ਚੰਡੀਗੜ੍ਹ, 18 ਦਿਸੰਬਰ 2025 : KMM ਦੇ ਸੱਦੇ ਤੇ ਪੰਜਾਬ ਭਰ ਦੇ DC ਦਫਤਰਾਂ ਅੱਗੇ ਸ਼ੁਰੂ ਕੀਤੇ ਮੋਰਚਿਆਂ ਸਬੰਧੀ ਅੱਜ ਫਿਰੋਜਪੁਰ ਡੀਸੀ ਦਫਤਰ ਅੱਗੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ, ਭਾਰਤੀ ਕਿਸਾਨ ਯੂਨੀਅਨ ਬਹਿਰਾਮਕੇ ਦੇ ਆਗੂ ਚਮਕੌਰ ਸਿੰਘ ਉਸਮਾਨਵਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿਲ 2025 ਨੂੰ ਕੇਂਦਰ ਸਰਕਾਰ ਰੱਦ ਕਰੇ ਤੇ ਪੰਜਾਬ ਸਰਕਾਰ ਵਿਧਾਨ ਸਭਾ ਵੱਲੋਂ ਇਸ ਬਿੱਲ ਖ਼ਿਲਾਫ਼ ਸਬਰ ਪਾਰਟੀ ਸਹਿਮਤੀ ਨਾਲ ਮਤਾ ਪਾਸ ਕੀਤਾ ਜਾਵੇ, ਬਿਜਲੀ ਮਹਿਕਮੇ ਦਾ ਨਿੱਜੀਕਰਨ ਬੰਦ ਕੀਤਾ ਜਾਵੇ ਅਤੇ ਠੇਕੇਦਾਰੀ ਨੀਤੀ ਨੂੰ ਖਤਮ ਕਰਕੇ ਪੱਕੇ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇ, ਨਿਜੀਕਰਨ ਨੂੰ ਬੜਾਵਾਂ ਦੇਣ ਦੀ ਨੀਤੀ ਤਹਿਤ ਖਪਤਕਾਰਾਂ ਦੇ ਘਰਾਂ ਅੱਗੇ ਚਿਪ ਵਾਲੇ (ਪ੍ਰੀਪੇਡ) ਮੀਟਰ ਜਬਰਦਸਤੀ ਲਗਾਉਣੇ ਬੰਦ ਕੀਤੇ ਜਾਣ ਤੇ ਪਹਿਲਾਂ ਤੋਂ ਚਲਦੇ ਘਰੇਲੂ ਮੀਟਰ ਹੀ ਲਾਏ ਜਾਣ।
ਕੇਂਦਰੀ ਸਰਕਾਰ ਡਰਾਫ਼ਟ ਸੀਡ ਬਿੱਲ, 2025 ਨੂੰ ਤੁਰੰਤ ਵਾਪਸ ਲਵੇ ਅਤੇ ਬੀਜ ਉਤਪਾਦਨ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀਆਂ ਕੋਸ਼ਿਸ਼ਾਂ ਬੰਦ ਕਰੇ। ਉਹਨਾਂ ਕਿਹਾ ਕਿ ਜਿਵੇਂ ਸ਼ੰਭੂ ਤੇ ਖਨੌਰੀ ਬਾਰਡਰਾਂ 'ਤੇ 14 ਮਹੀਨੇ ਚੱਲੇ ਕਿਸਾਨਾਂ ਮਜ਼ਦੂਰਾਂ ਦੇ ਮੋਰਚੇ ਨੂੰ ਭਗਵੰਤ ਮਾਨ ਸਰਕਾਰ ਵੱਲੋਂ ਜਬਰ ਕਰਕੇ ਉਠਾਇਆ ਗਿਆ ਸੀ। ਮੋਰਚੇ ਦੇ ਆਗੂਆਂ ਨੂੰ ਧੋਖੇ ਨਾਲ ਗ੍ਰਿਫਤਾਰ ਕਰਕੇ ਮੋਰਚੇ ਨੂੰ ਆਗੂ ਰਹਿਤ ਕਰਕੇ ਮੋਰਚੇ ਦੇ ਸਾਜੋ ਸਮਾਨ ਸਮੇਤ ਟਰੈਕਟਰ ਟਰਾਲੀਆਂ ਨੂੰ ਲੁੱਟਿਆ ਗਿਆ ਸੀ। ਇਸ ਲਈ ਪੰਜਾਬ ਸਰਕਾਰ ਲੋਕਾਂ ਦੀ ਖੂਨ ਪਸੀਨੇ ਦੀ ਕਮਾਈ ਨਾਲ ਬਣਾਏ ਸਮਾਨ ਦੀ 37700948 ਰੁਪਏ ਦੀ ਭਰਪਾਈ ਕਰੇ। ਉਹਨਾਂ ਕਿਹਾ ਕਿ ਹੱਕੀ ਮੰਗਾਂ ਸੰਘਰਸ਼ ਦੌਰਾਨ ਦਿੱਲੀ ਕਿਸਾਨ ਅੰਦੋਲਨ 01 ਅਤੇ ਕਿਸਾਨ ਅੰਦੋਲਨ 02 ਅਤੇ ਪੰਜਾਬ ਅੰਦਰ ਚੱਲੇ ਘੋਲਾਂ ਸਮੇਂ ਬਹੁਤ ਸਾਰੇ ਕਿਸਾਨ ਆਗੂਆਂ ਅਤੇ ਵਰਕਰਾਂ ਉੱਤੇ ਦਰਜ ਕੀਤੇ ਕੇਸ ਤੁਰੰਤ ਵਾਪਸ ਲਏ ਜਾਣ। ਰੇਲਵੇ ਵਿਭਾਗ ਵੱਲੋਂ ਬਹੁਤ ਸਾਰੇ ਕਿਸਾਨ ਆਗੂਆਂ ਨੂੰ ਨੋਟਿਸ ਭੇਜੇ ਜਾ ਰਹੇ ਹਨ, ਵਿਭਾਗ ਤੁਰੰਤ ਸਾਰੇ ਨੋਟਿਸ ਰੱਦ ਕਰੇ।
ਉਹਨਾਂ ਕਿਹਾ ਕਿ ਕਿਸਾਨ ਅੰਦੋਲਨਾਂ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜੇ ਅਤੇ ਨੌਕਰੀਆਂ ਦਿੱਤੀਆਂ ਜਾਣ ਅਤੇ ਜ਼ਖਮੀਆਂ ਨੂੰ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਇੰਦਰਜੀਤ ਸਿੰਘ ਬਾਠ, ਗੁਰਪ੍ਰੀਤ ਸਿੰਘ ਫਰੀਦੇਵਾਲਾ, ਗੁਰਮੇਲ ਸਿੰਘ ਫੱਤੇਵਾਲਾ,ਧਰਮ ਸਿੰਘ ਸਿੱਧੂ, ਸੁਰਜੀਤ ਸਿੰਘ ਫੌਜੀ, ਹਰਫੂਲ ਸਿੰਘ ਦੂਲੇਵਾਲਾ, ਸੁਖਵਿੰਦਰ ਸਿੰਘ ਅਲੀਪੁਰ, ਰਣਜੀਤ ਸਿੰਘ ਖੱਚਰ ਵਾਲਾ,ਗੁਰਭਾਗ ਸਿੰਘ ਮਰੂੜ, ਦਿਲਬਾਗ ਸਿੰਘ, ਨਰਿੰਦਰਪਾਲ ਸਿੰਘ ਜਤਾਲਾ, ਵੀਰ ਸਿੰਘ ਨਿਜਾਮਦੀਨ ਵਾਲਾ,ਮੰਗਲ ਸਿੰਘ ਜਵਾਹਰਕੇ, ਗੁਰਨਾਮ ਸਿੰਘ ਆਲੀਕੇ, ਗੁਰਬਖਸ਼ ਸਿੰਘ ਪੰਜਗਰਾਈਂ , ਗੁਲਜ਼ਾਰ ਸਿੰਘ ਗੋਗੋਆਣੀ, ਸੁਖਵੰਤ ਸਿੰਘ ਲੋਹੁਕਾ ਆਦਿ ਆਗੂਆਂ ਨੇ ਸੰਬੋਧਨ ਕੀਤਾ।