ਬਗੈਰ ਐਸਓਪੀ ਤਿਆਰ ਓਪੀਐਸ ਦਾ ਐਲਾਨ ਸਰਕਾਰ ਦਾ ਮੁਲਾਜ਼ਮਾਂ ਨਾਲ ਵੱਡਾ ਧੋਖਾ:ਵਿੰਗ ਕਮਾਂਡਰ ਅਨੁਮਾ
OPS, DA, ਏਰੀਅਰ ਅਤੇ ਪ੍ਰੋਬੇਸ਼ਨ ਪੀਰੀਅਡ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਕਾਂਗਰਸ ਦਾ ਤਿੱਖਾ ਹਮਲਾ
ਕੁਲਵਿੰਦਰ ਸਿੰਘ
ਅੰਮ੍ਰਿਤਸਰ 7 ਸਤੰਬਰ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਹਾਤੀ ਦਫ਼ਤਰ ਵਿਖੇ ਅੱਜ DA ਅਤੇ OPS ਸਮੇਤ ਮੁਲਾਜ਼ਮਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਕਾਂਗਰਸ ਵੱਲੋਂ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ AICC ਦੀ ਪ੍ਰਵਕਤਾ ਵਿੰਗ ਕਮਾਂਡਰ ਅਨੁਮਾ ਆਚਾਰੀਆ, ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਡਾ. ਰਾਜ ਕੁਮਾਰ ਵੇਰਕਾ, ਕਾਰਜਕਾਰੀ ਪ੍ਰਧਾਨ ਸਰਦਾਰ ਡੈਨੀ ਬੰਡਾਲਾ, ਅੰਮ੍ਰਿਤਸਰ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਅਤੇ PPCC ਦੇ ਬੁਲਾਰੇ ਨਰਿੰਦਰਪਾਲ ਸਿੰਘ ਸੰਧੂ ਮੌਜੂਦ ਰਹੇ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੰਗ ਕਮਾਂਡਰ ਅਨੁਮਾ ਆਚਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ (OPS) ਲਾਗੂ ਕਰਨ ਦਾ ਐਲਾਨ ਤਾਂ ਕਰ ਦਿੱਤਾ ਗਿਆ ਸੀ, ਪਰ ਅਮਲ ਦੇ ਪੱਧਰ ’ਤੇ ਮੁਲਾਜ਼ਮਾਂ ਨੂੰ ਅਜੇ ਤੱਕ ਇਸਦਾ ਲਾਭ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਮਾਰਚ 2022 ਵਿੱਚ ਸਰਕਾਰ ਬਣਨ ਤੋਂ ਬਾਅਦ ਨਵੰਬਰ 2022 ਵਿੱਚ OPS ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਪਰ ਇਸ ਦੀ ਵਿਸਥਾਰਤ ਸਕੀਮ ਅਤੇ SOP ਜਾਰੀ ਨਹੀਂ ਕੀਤੀ ਗਈ। ਉਨ੍ਹਾਂ ਮੁਤਾਬਕ ਜਨਵਰੀ 2023 ਵਿੱਚ ਇਸ ਸਬੰਧੀ ਕਮੇਟੀ ਬਣਾਈ ਗਈ, ਪਰ ਜਨਵਰੀ 2025 ਵਿੱਚ ਹਾਈ ਕੋਰਟ ਵੱਲੋਂ ਪੁੱਛੇ ਜਾਣ ’ਤੇ ਸਾਹਮਣੇ ਆਇਆ ਕਿ ਅਜੇ ਤੱਕ OPS ਨੂੰ ਲਾਗੂ ਕਰਨ ਲਈ SOP ਹੀ ਤਿਆਰ ਨਹੀਂ ਕੀਤੀ ਗਈ। ਅਨੁਮਾ ਆਚਾਰੀਆ ਨੇ ਕਿਹਾ ਕਿ ਕਾਂਗਰਸ ਦੀਆਂ ਛੱਤੀਸਗੜ੍ਹ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਵਰਗੀਆਂ ਸਰਕਾਰਾਂ ਵੱਲੋਂ OPS ਲਾਗੂ ਕੀਤੀ ਗਈ ਹੈ, ਜਦਕਿ ਪੰਜਾਬ ਵਿੱਚ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਨੂੰ ਅਮਲੀ ਰੂਪ ਨਹੀਂ ਦਿੱਤਾ ਜਾ ਰਿਹਾ। ਇਸੇ ਤਰ੍ਹਾਂ DA ਦੇ ਮੁੱਦੇ ’ਤੇ ਵੀ ਕਾਂਗਰਸ ਨੇ ਪੰਜਾਬ ਸਰਕਾਰ ਨੂੰ ਘੇਰਿਆ। ਵਿੰਗ ਕਮਾਂਡਰ ਅਨੁਮਾ ਆਚਾਰੀਆ ਨੇ ਕਿਹਾ ਕਿ ਮਹਿੰਗਾਈ ਵਧਣ ਦੇ ਨਾਲ ਮੁਲਾਜ਼ਮਾਂ ਦੀ ਖਰੀਦ ਸ਼ਕਤੀ ਨੂੰ ਕਾਇਮ ਰੱਖਣ ਲਈ ਮਹਿੰਗਾਈ ਭੱਤਾ ਦਿੱਤਾ ਜਾਂਦਾ ਹੈ, ਪਰ ਪੰਜਾਬ ਸਰਕਾਰ ਵੱਲੋਂ DA ਦੇਣ ਵਿੱਚ ਟਾਲਮਟੋਲ ਕੀਤੀ ਜਾ ਰਹੀ ਹੈ।
ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ SLP ਦਾਇਰ ਕੀਤੀ ਗਈ, ਜਿਸ ਦੌਰਾਨ ਕਈ ਗਲਤੀਆਂ ਸਾਹਮਣੇ ਆਈਆਂ। ਉਨ੍ਹਾਂ ਕਿਹਾ ਕਿ 3 ਅਗਸਤ ਦੇ ਫੈਸਲੇ ਵਿੱਚ ਅਦਾਲਤ ਵੱਲੋਂ ਵੀ ਸਰਕਾਰ ਦੇ ਰਵੱਈਏ ’ਤੇ ਸਖ਼ਤ ਟਿੱਪਣੀਆਂ ਕੀਤੀਆਂ ਗਈਆਂ ਅਤੇ ਸਵਾਲ ਉਠਾਇਆ ਗਿਆ ਕਿ ਜਦੋਂ ਮੁਲਾਜ਼ਮਾਂ ਨੂੰ DA ਨਹੀਂ ਦਿੱਤਾ ਜਾ ਰਿਹਾ ਤਾਂ ਸਰਕਾਰ ਵੱਲੋਂ ਵੱਡੇ-ਵੱਡੇ ਇਸ਼ਤਿਹਾਰਾਂ ’ਤੇ ਕਰੋੜਾਂ ਰੁਪਏ ਕਿਉਂ ਖਰਚ ਕੀਤੇ ਜਾ ਰਹੇ ਹਨ। ਕਾਂਗਰਸ ਆਗੂਆਂ ਨੇ ਪੁਰਾਣੇ ਏਰੀਅਰ ਅਤੇ ਪ੍ਰੋਬੇਸ਼ਨ ਪੀਰੀਅਡ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਫਰਵਰੀ 2025 ਵਿੱਚ ਵਿਧਾਨ ਸਭਾ ਵਿੱਚ ਲਿਕੁਇਡੇਸ਼ਨ ਨਾਲ ਸਬੰਧਤ ਕਲਾਜ਼ ਪਾਸ ਕਰਵਾ ਲਿਆ ਗਿਆ, ਪਰ ਮੁਲਾਜ਼ਮਾਂ ਦੇ ਪੁਰਾਣੇ ਏਰੀਅਰ ਅਜੇ ਤੱਕ ਜਾਰੀ ਨਹੀਂ ਕੀਤੇ ਜਾ ਰਹੇ। ਇਸ ਤੋਂ ਇਲਾਵਾ ਕਾਂਗਰਸ ਨੇ ਸਰਕਾਰ ’ਤੇ ਪ੍ਰੋਬੇਸ਼ਨ ਪੀਰੀਅਡ ਤਿੰਨ ਸਾਲ ਤੋਂ ਘਟਾ ਕੇ ਇੱਕ ਸਾਲ ਕਰਨ ਦੇ ਵਾਅਦੇ ਨੂੰ ਪੂਰਾ ਨਾ ਕਰਨ ਦਾ ਵੀ ਦੋਸ਼ ਲਾਇਆ। ਕਾਂਗਰਸ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਆਪਣੇ ਵਾਅਦੇ ਪੂਰੇ ਕਰੇ, OPS ਨੂੰ ਅਮਲੀ ਰੂਪ ਵਿੱਚ ਲਾਗੂ ਕਰੇ, DA ਅਤੇ ਬਕਾਇਆ ਏਰੀਅਰ ਜਾਰੀ ਕਰੇ ਅਤੇ ਪ੍ਰੋਬੇਸ਼ਨ ਪੀਰੀਅਡ ਸਬੰਧੀ ਕੀਤਾ ਵਾਅਦਾ ਪੂਰਾ ਕਰੇ।
- Download Babushahi App
-
-