ਬਠਿੰਡਾ: ਵਾਰਡ ਨੰਬਰ 3 ਦੇ ਵਿਸ਼ਵਾਸ ਨਗਰ ਵਿੱਚ ਪ੍ਰੀਮਿਕਸ ਸੜਕ ਨਿਰਮਾਣ ਕਾਰਜ ਦਾ ਮੇਅਰ ਵੱਲੋਂ ਸ਼ੁਭ ਆਰੰਭ
ਸ਼ਹਿਰ ਦੇ ਹਰੇਕ ਵਾਰਡ ਵਿੱਚ ਸੜਕਾਂ ਦੇ ਸੁਧਾਰ ਲਈ ਨਗਰ ਨਿਗਮ ਵਚਨਬੱਧ
ਅਸ਼ੋਕ ਵਰਮਾ
ਬਠਿੰਡਾ, 17 ਨਵੰਬਰ 2026 :ਬਠਿੰਡਾ ਸ਼ਹਿਰ ਨੂੰ ਆਧੁਨਿਕ, ਸੁੰਦਰ ਅਤੇ ਬਿਹਤਰ ਸੜਕੀ ਸਹੂਲਤਾਂ ਨਾਲ ਲੈਸ ਬਣਾਉਣ ਦੇ ਉਦੇਸ਼ ਨਾਲ ਨਗਰ ਨਿਗਮ ਵੱਲੋਂ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਸ਼ਹਿਰ ਦੀਆਂ ਸੜਕਾਂ ਨੂੰ ਖੱਡਾ ਮੁਕਤ ਬਣਾਉਣ ਲਈ ਮੇਅਰ ਸ੍ਰੀ ਪਦਮਜੀਤ ਸਿੰਘ ਮੇਹਤਾ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਵਾਰਡ ਨੰਬਰ 3 ਦੇ ਵਿਸ਼ਵਾਸ ਨਗਰ ਵਿੱਚ ਪ੍ਰੀਮਿਕਸ ਸੜਕ ਨਿਰਮਾਣ ਕਾਰਜ ਦਾ ਸ਼ੁਭ ਆਰੰਭ ਕਰਵਾਇਆ ਗਿਆ।ਇਸ ਮੌਕੇ ਵਾਰਡ ਨੰਬਰ 3 ਦੀ ਇੰਚਾਰਜ ਸ੍ਰੀਮਤੀ ਸੁਨੀਤਾ ਗਰੇਵਾਲ, ਸ੍ਰੀ ਹਰਜੀਤ ਸਿੰਘ, ਸ੍ਰੀ ਭੋਲਾ ਸਿੰਘ, ਪਾਸਟਰ ਰਾਜਿੰਦਰ ਸਮੇਤ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਮੌਜੂਦ ਸਨ।
ਇਸ ਮੌਕੇ ਮੇਅਰ ਸ੍ਰੀ ਪਦਮਜੀਤ ਸਿੰਘ ਮੇਹਤਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਸੜਕੀ ਸਹੂਲਤਾਂ ਮੁਹੱਈਆ ਕਰਵਾਉਣਾ ਨਗਰ ਨਿਗਮ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਸੜਕਾਂ ’ਤੇ ਬਣੇ ਖੱਡਿਆਂ ਕਾਰਨ ਲੋਕਾਂ ਨੂੰ ਆਵਾਜਾਈ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰ ਭਰ ਵਿੱਚ ਪ੍ਰੀਮਿਕਸ ਸੜਕਾਂ ਦੇ ਨਿਰਮਾਣ ਅਤੇ ਸੁਧਾਰ ਦਾ ਕੰਮ ਤੇਜ਼ੀ ਨਾਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਿਰਧਾਰਤ ਟੀਚੇ ਅਨੁਸਾਰ 31 ਦਸੰਬਰ ਤੋਂ ਪਹਿਲਾਂ ਬਠਿੰਡਾ ਸ਼ਹਿਰ ਦੀਆਂ ਸਾਰੀਆਂ ਪ੍ਰੀਮਿਕਸ ਸੜਕਾਂ ਨੂੰ ਖੱਡਾ ਮੁਕਤ ਬਣਾਉਣ ਲਈ ਨਗਰ ਨਿਗਮ ਦੀਆਂ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ।
ਮੇਅਰ ਸ੍ਰੀ ਮੇਹਤਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਵਿਜ਼ਨ ਅਨੁਸਾਰ ਬਠਿੰਡਾ ਨੂੰ ਆਧੁਨਿਕ ਸ਼ਹਿਰ ਵਜੋਂ ਵਿਕਸਤ ਕਰਨ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਸ਼ਹਿਰ ਦੇ ਹਰੇਕ ਵਾਰਡ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ, ਸੜਕਾਂ ਦੀ ਹਾਲਤ ਸੁਧਾਰਨ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਸਮੇਂ ਦੀ ਪਾਬੰਦੀ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ, ਤਾਂ ਜੋ ਕਰਵਾਏ ਜਾ ਰਹੇ ਕੰਮਾਂ ਦਾ ਲਾਭ ਸ਼ਹਿਰ ਵਾਸੀਆਂ ਨੂੰ ਲੰਬੇ ਸਮੇਂ ਤੱਕ ਮਿਲ ਸਕੇ।
ਉਨ੍ਹਾਂ ਵਿਸ਼ਵਾਸ ਨਗਰ ਦੇ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਸ਼ਹਿਰ ਦੇ ਕਿਸੇ ਵੀ ਵਾਰਡ ਨੂੰ ਵਿਕਾਸ ਕਾਰਜਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਨਗਰ ਨਿਗਮ ਦਾ ਯਤਨ ਹੈ ਕਿ ਹਰੇਕ ਇਲਾਕੇ ਦੀ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾਣ ਅਤੇ ਲੋਕਾਂ ਨੂੰ ਰੋਜ਼ਾਨਾ ਦਰਪੇਸ਼ ਸਮੱਸਿਆਵਾਂ ਤੋਂ ਰਾਹਤ ਮਿਲੇ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਵਿੱਚ ਸਹਿਯੋਗ ਦੇਣ ਅਤੇ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਵਿਵਸਥਿਤ ਬਣਾਉਣ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਉਣ।
- Download Babushahi App
-
-