ਬਠਿੰਡਾ ਦਿਹਾਤੀ ਹਲਕੇ ਵਿੱਚ ਅਕਾਲੀ ਦਲ ਨੇ 2027 ਦੀਆਂ ਚੋਣਾਂ ਲਈ ਸਰਗਰਮੀਆਂ ਕੀਤੀਆਂ ਤੇਜ਼
ਅਸ਼ੋਕ ਵਰਮਾ
ਬਠਿੰਡਾ, 17 ਅਕਤੂਬਰ 2026 :ਬਠਿੰਡਾ ਦਿਹਾਤੀ ਰਿਜ਼ਰਵ ਵਿਧਾਨ ਸਭਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਸੇਵਾ ਮੁਕਤ ਪਟਵਾਰੀ ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ ਤੋਂ ਬਾਅਦ ਪਾਰਟੀ ਨੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਜਿੱਥੇ ਵਰਕਰਾਂ ਨੂੰ ਲਾਮਬੰਦ ਕਰਨ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ, ਉੱਥੇ ਹੀ ਘਰ-ਘਰ ਪਹੁੰਚ ਕਰਕੇ ਲੋਕਾਂ ਨਾਲ ਸੰਪਰਕ ਬਣਾਉਣ ਅਤੇ ਪਿਛਲੀ ਅਕਾਲੀ ਸਰਕਾਰ ਸਮੇਂ ਕਰਵਾਏ ਗਏ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦੇਣ ਦੀ ਮੁਹਿੰਮ ਵੀ ਚਲਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਤੇ ਜ਼ਿਲ੍ਹਾ ਪ੍ਰੈਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਪਾਰਟੀ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਜਥੇਬੰਦਕ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨੂੰ ਲੋਕਾਂ ਤੱਕ ਪਹੁੰਚ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਵਰਕਰ ਘਰ-ਘਰ ਜਾ ਕੇ ਲੋਕਾਂ ਨਾਲ ਗੱਲਬਾਤ ਕਰ ਰਹੇ ਹਨ ਅਤੇ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਇਲਾਕੇ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਤੋਂ ਜਾਣੂ ਕਰਵਾ ਰਹੇ ਹਨ।
ਉਨ੍ਹਾਂ ਕਿਹਾ ਕਿ ਬਠਿੰਡਾ ਦਿਹਾਤੀ ਹਲਕਾ ਬਾਦਲ ਪਰਿਵਾਰ ਨਾਲ ਲੰਮੇ ਸਮੇਂ ਤੋਂ ਜੁੜਿਆ ਹੋਇਆ ਇਲਾਕਾ ਹੈ ਅਤੇ ਇਸ ਹਲਕੇ ਦੇ ਵਿਕਾਸ ਲਈ ਪਿਛਲੀ ਅਕਾਲੀ ਸਰਕਾਰ ਸਮੇਂ ਵਿਸ਼ੇਸ਼ ਯਤਨ ਕੀਤੇ ਗਏ ਸਨ।
ਉਨ੍ਹਾਂ ਅਨੁਸਾਰ, ਇਸ ਇਲਾਕੇ ਵਿੱਚ ਕੇਂਦਰੀ ਯੂਨੀਵਰਸਿਟੀ ਅਤੇ ਏਮਜ਼ ਹਸਪਤਾਲ ਵਰਗੇ ਵੱਡੇ ਪ੍ਰੋਜੈਕਟਾਂ ਦੀ ਸਥਾਪਨਾ ਨੇ ਬਠਿੰਡਾ ਨੂੰ ਸਿੱਖਿਆ ਅਤੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਮਹੱਤਵਪੂਰਨ ਪਛਾਣ ਦਿਵਾਈ ਹੈ। ਇਨ੍ਹਾਂ ਪ੍ਰੋਜੈਕਟਾਂ ਤੋਂ ਇਲਾਵਾ ਵੀ ਇਲਾਕੇ ਵਿੱਚ ਕਈ ਹੋਰ ਵਿਕਾਸ ਕਾਰਜ ਕਰਵਾਏ ਗਏ, ਜਿਨ੍ਹਾਂ ਦਾ ਲਾਭ ਲੋਕਾਂ ਨੂੰ ਮਿਲ ਰਿਹਾ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਬਠਿੰਡਾ ਦਿਹਾਤੀ ਹਲਕੇ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਸੀ। ਉਨ੍ਹਾਂ ਮੁਤਾਬਕ, ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਨੇਪਰੇ ਚਾੜ੍ਹਨ ਲਈ ਨਿੱਜੀ ਦਿਲਚਸਪੀ ਵੀ ਲਈ ਗਈ ਸੀ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਹੁਣ ਵੀ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਲੋੜਾਂ ਤੇ ਮੁਸ਼ਕਲਾਂ ਨੂੰ ਸਮਝਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਉਨ੍ਹਾਂ ਨੇ ਦੱਸਿਆ ਕਿ ਬਠਿੰਡਾ ਦੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵੀ ਇਲਾਕੇ ਵਿੱਚ ਲਗਾਤਾਰ ਵਿਚਰਦੇ ਹੋਏ ਲੋਕਾਂ ਨਾਲ ਸੰਪਰਕ ਬਣਾਈ ਰੱਖਦੇ ਹਨ।
ਪਾਰਟੀ ਆਗੂਆਂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਣ ਤੋਂ ਹੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਨਵੇਂ ਹਲਕਾ ਇੰਚਾਰਜ ਦੀ ਨਿਯੁਕਤੀ ਤੋਂ ਬਾਅਦ ਪਾਰਟੀ ਵਰਕਰਾਂ ਵਿੱਚ ਸਰਗਰਮੀ ਵਧਾਉਣ, ਲੋਕਾਂ ਨਾਲ ਤਾਲਮੇਲ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪਾਰਟੀ ਦੀ ਕੋਸ਼ਿਸ਼ ਹੈ ਕਿ ਹਲਕੇ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਕਾਇਮ ਰੱਖਿਆ ਜਾਵੇ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ ਜਾਵੇ। ਆਉਣ ਵਾਲੇ ਸਮੇਂ ਵਿੱਚ ਵੀ ਪਾਰਟੀ ਵੱਲੋਂ ਲੋਕ ਸੰਪਰਕ ਮੁਹਿੰਮ ਨੂੰ ਹੋਰ ਤੇਜ਼ ਕਰਨ ਅਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਰਗਰਮੀਆਂ ਜਾਰੀ ਰੱਖੀਆਂ ਜਾਣਗੀਆਂ।
- Download Babushahi App
-
-