ਬਰਨਾਲਾ ਪੁਲਿਸ ਦਾ ਨਸ਼ਿਆਂ ਖ਼ਿਲਾਫ਼ ਵੱਡਾ ਐਕਸ਼ਨ, ਸਵੇਰੇ 5 ਵਜੇ ਤੋਂ ਕਈ ਥਾਵਾਂ ’ਤੇ ਛਾਪੇਮਾਰੀ
Kamal Sandhu
ਬਰਨਾਲਾ, 4 ਅਕਤੂਬਰ 2026- ਜ਼ਿਲ੍ਹੇ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਵੱਲੋਂ ਵੱਡੇ ਪੱਧਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ। ਐਸਐਸਪੀ ਬਰਨਾਲਾ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਕਰੀਬ 10 ਨਸ਼ਾ ਹੌਟਸਪੌਟਸ ਦੀ ਪਛਾਣ ਕਰਕੇ ਅੱਜ ਸਵੇਰੇ 5 ਵਜੇ ਤੋਂ CASO ਆਪ੍ਰੇਸ਼ਨ ਚਲਾਇਆ ਗਿਆ।
ਇਸ ਕਾਰਵਾਈ ਤਹਿਤ ਬੱਸ ਸਟੈਂਡ ਦੀ ਬੈਕ ਸਾਈਡ, ਰਾਮ ਨਗਰ, ਫੈਂਸੀ ਬਸਤੀ, ਸੇਖਾ, ਛੀਨੀਵਾਲ, ਮਹਿਲ ਕਲਾਂ ਅਤੇ ਤਪਾ ਸਮੇਤ ਹੋਰ ਇਲਾਕਿਆਂ ਵਿੱਚ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਗਈ। ਇਨ੍ਹਾਂ ਇਲਾਕਿਆਂ ਵਿੱਚ ਨਸ਼ਾ ਵੇਚਣ ਅਤੇ ਨਸ਼ਾ ਕਰਨ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ।
ਐਸਐਸਪੀ ਨੇ ਦੱਸਿਆ ਕਿ ਇਸ ਆਪ੍ਰੇਸ਼ਨ ਲਈ ਐਸਪੀ, ਡੀਐਸਪੀ, ਸਾਰੇ ਥਾਣਿਆਂ ਦੇ ਐਸਐਚਓ, ਥਾਣਾ ਇੰਚਾਰਜ ਅਤੇ ਸੀਆਈਏ ਟੀਮਾਂ ਨੂੰ ਇਕੱਠਾ ਕਰਕੇ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ। ਪੁਲਿਸ ਵੱਲੋਂ ਤਕਨੀਕੀ ਜਾਣਕਾਰੀ ਅਤੇ ਸ਼ਿਕਾਇਤਾਂ ਦੀ ਪੜਤਾਲ ਤੋਂ ਬਾਅਦ ਇਨ੍ਹਾਂ ਥਾਵਾਂ ਦੀ ਚੋਣ ਕੀਤੀ ਗਈ।
ਉਨ੍ਹਾਂ ਅਨੁਸਾਰ, ਇਸ ਕਾਰਵਾਈ ਦੌਰਾਨ ਵੱਡੀ ਗਿਣਤੀ ਵਿੱਚ ਵਿਅਕਤੀਆਂ ਨੂੰ ਰਾਊਂਡਅੱਪ ਕੀਤਾ ਗਿਆ ਹੈ ਅਤੇ ਕੁਝ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਵੀ ਹੋਈ ਹੈ। ਸ਼ੱਕੀ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਐਸਐਸਪੀ ਨੇ ਕਿਹਾ ਕਿ ਪੁਲਿਸ ਦੀ ਰਣਨੀਤੀ ਸਿਰਫ਼ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਤੱਕ ਸੀਮਤ ਨਹੀਂ ਹੈ, ਸਗੋਂ ਲੋਕਾਂ ਨੂੰ ਜਾਗਰੂਕ ਕਰਨਾ ਵੀ ਇਸ ਮੁਹਿੰਮ ਦਾ ਅਹਿਮ ਹਿੱਸਾ ਹੈ। ਇਸ ਲਈ ਬੀਡੀਸੀ ਮੈਂਬਰਾਂ ਨਾਲ ਮੀਟਿੰਗਾਂ ਅਤੇ ਜਾਗਰੂਕਤਾ ਸੈਮੀਨਾਰ ਵੀ ਕਰਵਾਏ ਜਾ ਰਹੇ ਹਨ।
ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਖ਼ਿਲਾਫ਼ ਪੁਲਿਸ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਨਸ਼ਾ ਤਸਕਰੀ ਨਾਲ ਜੁੜੇ ਪੂਰੇ ਨੈੱਟਵਰਕ ਦੀਆਂ ਕੜੀਆਂ ਦੀ ਜਾਂਚ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
- Download Babushahi App
-
-