ਬਹੇੜਾ ਬਾੜੀ ਖੱਡ ’ਤੇ 2.03 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਹਾਈ ਲੈਵਲ ਪੁਲ-ਡਾ. ਰਵਜੋਤ ਸਿੰਘ
ਪੁਲ ਬਣਨ ਨਾਲ ਕੰਡੀ ਇਲਾਕੇ ਦੇ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ, ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੋਵੇਗੀ ਪੂਰੀ
ਹੁਸ਼ਿਆਰਪੁਰ, 10 ਜੁਲਾਈ : ਪੰਜਾਬ ਦੇ ਜੇਲ੍ਹਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਬਹੇੜਾ ਬਾੜੀ ਖੱਡ ਉੱਤੇ 31.20 ਮੀਟਰ ਲੰਬਾ ਹਾਈ ਲੈਵਲ ਪੁਲ 2.03 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪੁਲ ਦੇ ਨਿਰਮਾਣ ਨਾਲ ਕੰਡੀ ਖੇਤਰ ਦੇ ਹਜ਼ਾਰਾਂ ਵਸਨੀਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਇਲਾਕੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਵੇਗੀ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਲਈ ਸਾਰੀਆਂ ਲੋੜੀਂਦੀਆਂ ਕਾਰਵਾਈਆਂ ਅੰਤਿਮ ਪੜਾਅ ਵਿੱਚ ਹਨ। ਟੈਂਡਰ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਜਲਦ ਹੀ ਪੁੱਲ ਦਾ ਨਿਰਮਾਣ ਕਾਰਜ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕੰਡੀ ਖੇਤਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਲਾਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਆਧੁਨਿਕ ਬੁਨਿਆਦੀ ਢਾਂਚਾ ਅਤੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਮੰਤਰੀ ਨੇ ਕਿਹਾ ਕਿ ਕੁਝ ਮਹੀਨੇ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਦੇ ਦੌਰੇ ਦੌਰਾਨ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਸਨ ਅਤੇ ਉਸੇ ਲੜੀ ਤਹਿਤ ਇਹ ਹਾਈ ਲੈਵਲ ਪੁਲ ਵੀ ਇਲਾਕੇ ਦੇ ਲੋਕਾਂ ਲਈ ਇੱਕ ਵੱਡਾ ਤੋਹਫ਼ਾ ਸਾਬਤ ਹੋਵੇਗਾ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸੜਕੀ ਸੰਪਰਕ ਨੂੰ ਹੋਰ ਮਜ਼ਬੂਤ ਬਣਾਉਣਾ ਸ਼ਾਮਲ ਹੈ, ਇਸੇ ਮਕਸਦ ਤਹਿਤ ਮੁੱਖ ਮੰਤਰੀ ਵੱਲੋਂ 99 ਕਰੋੜ ਰੁਪਏ ਦੀ ਲਾਗਤ ਨਾਲ 105 ਕਿਲੋਮੀਟਰ ਲੰਬੇ ਬਲਾਚੌਰ–ਗੜ੍ਹਸ਼ੰਕਰ–ਹੁਸ਼ਿਆਰਪੁਰ–ਦਸੂਹਾ ਸੜਕ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਖੇਤਰ ਵਿੱਚ ਸੈਰ-ਸਪਾਟਾ, ਉਦਯੋਗਿਕ ਅਤੇ ਵਪਾਰਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲੇਗਾ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਪ੍ਰਾਪਤ ਹੋਣਗੀਆਂ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਕੰਡੀ ਖੇਤਰ ਦੇ ਵਿਕਾਸ ਲਈ ਹੋਰ ਲੋਕ-ਭਲਾਈ ਪ੍ਰੋਜੈਕਟ ਲਿਆਵੇਗੀ, ਜਿਸ ਨਾਲ ਇਲਾਕੇ ਦੇ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਹੋਰ ਸੁਧਾਰ ਆਵੇਗਾ।
- Download Babushahi App
-
-