ਬਾਜਵਾ ਵਿਧਾਨ ਸਭਾ ਸੈਸ਼ਨ ’ਚ ਚੁੱਕਣਗੇ ਪਰਵਿੰਦਰ ਝੋਟਾ ਦੀ ਹੱਤਿਆ ਦਾ ਮਾਮਲਾ
ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗਣਗੇ ਅਸਤੀਫ਼ਾ
ਅਸ਼ੋਕ ਵਰਮਾ
ਬਠਿੰਡਾ, 21 ਅਕਤੂਬਰ 2026 : ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਹ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮੌਤ ਦਾ ਮਾਮਲਾ 22 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਚੁੱਕਣਗੇ। ਉਨ੍ਹਾਂ ਕਿਹਾ ਕਿ ਉਹ ਸੂਬੇ ਦੇ ਮੌਜੂਦਾ ਹਾਲਾਤ ਦੀ ਜ਼ਿੰਮੇਵਾਰੀ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕਰਨਗੇ। ਬਾਜਵਾ ਨੇ ਕਿਹਾ ਕਿ ਉਹ ਵੀਰਵਾਰ ਤੋਂ ਸ਼ੁਰੂ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਵੀ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਉਠਾਉਣਗੇ। ਬਠਿੰਡਾ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਝੋਟਾ ਦੀ ਹੱਤਿਆ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਪੁਲਿਸ ਦੇ ਕੰਟਰੋਲ ਤੋਂ ਬਾਹਰ ਹੋ ਚੁੱਕੀ ਹੈ।
ਬਾਜਵਾ ਨੇ ਦੋਸ਼ ਲਾਇਆ ਕਿ ਪਿਛਲੇ ਪੌਣੇ ਪੰਜ ਸਾਲਾਂ ਦੌਰਾਨ ਪੰਜਾਬ ਵਿੱਚ ਨਸ਼ਿਆਂ ਕਾਰਨ ਹਜ਼ਾਰਾਂ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ। ਇਸ ਲਈ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜ਼ਿੰਮੇਵਾਰੀ ਲੈਣੀ ਪਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ਿਆਂ ਦੇ ਖ਼ਾਤਮੇ ਦੇ ਵੱਡੇ-ਵੱਡੇ ਦਾਅਵੇ ਕਰਦੀ ਰਹੀ ਹੈ, ਪਰ ਜ਼ਮੀਨੀ ਪੱਧਰ ’ਤੇ ਹਾਲਾਤ ਨਹੀਂ ਬਦਲੇ।ਬਾਜਵਾ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਤੋਂ ਬਾਅਦ ਸੂਬੇ ਵਿੱਚ ਪੈਦਾ ਹੋਏ ਹਾਲਾਤ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਦੇਸ਼ ਦੌਰੇ ’ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਇੰਨੇ ਗੰਭੀਰ ਮਾਮਲੇ ਦੇ ਬਾਵਜੂਦ ਸਰਕਾਰ ਦਾ ਕੋਈ ਮੰਤਰੀ ਜਾਂ ਸੀਨੀਅਰ ਆਗੂ ਅਜੇ ਤੱਕ ਪੀੜਤ ਪਰਿਵਾਰ ਦੇ ਘਰ ਦੁੱਖ ਸਾਂਝਾ ਕਰਨ ਨਹੀਂ ਪਹੁੰਚਿਆ।
ਵਿਰੋਧੀ ਧਿਰ ਦੇ ਆਗੂ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਗੈਂਗਸਟਰਾਂ ਦਾ ਬੋਲਬਾਲਾ ਹੈ। ਗੈਂਗਸਟਰਾਂ ਦੀ ਨਾ ਸਿਰਫ਼ ਚੋਣਾਂ ਵਿੱਚ ਵਰਤੋਂ ਕੀਤੀ ਜਾ ਰਹੀ ਹੈ, ਸਗੋਂ ਉਨ੍ਹਾਂ ਨੂੰ ਹੋਰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਪਰਾਧੀਆਂ ਦੇ ਵਧਦੇ ਪ੍ਰਭਾਵ ਕਾਰਨ ਆਮ ਲੋਕਾਂ ਵਿੱਚ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ।
ਅਮਿਤ ਸ਼ਾਹ ਦੇ ਪੰਜਾਬ ਦੌਰੇ ’ਤੇ ਵੀ ਚੁੱਕੇ ਸਵਾਲ
ਬਾਜਵਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਅਤੇ ਨਸ਼ਿਆਂ ਵਿਰੁੱਧ ਉਨ੍ਹਾਂ ਦੇ ਬਿਆਨਾਂ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਪਿਛਲੇ 12-13 ਸਾਲਾਂ ਤੋਂ ਭਾਜਪਾ ਦੀ ਸਰਕਾਰ ਹੈ। ਕੇਂਦਰ ਕੋਲ ਕੌਮੀ ਜਾਂਚ ਏਜੰਸੀ (NIA), ਨਾਰਕੋਟਿਕਸ ਕੰਟਰੋਲ ਬਿਊਰੋ (NCB) ਅਤੇ ਸੀਮਾ ਸੁਰੱਖਿਆ ਬਲ (BSF) ਵਰਗੀਆਂ ਏਜੰਸੀਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਕੌਮਾਂਤਰੀ ਸਰਹੱਦ ਤੋਂ 50 ਕਿਲੋਮੀਟਰ ਤੱਕ ਦਾ ਖੇਤਰ BSF ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ। ਇਸ ਦੇ ਬਾਵਜੂਦ ਸਰਹੱਦ ਪਾਰੋਂ ਡਰੋਨਾਂ ਰਾਹੀਂ ਨਸ਼ਿਆਂ ਦੀ ਤਸਕਰੀ ਨਹੀਂ ਰੁਕ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸ਼ਾਸਿਤ ਸੂਬਿਆਂ ’ਚੋਂ ਹਜ਼ਾਰਾਂ ਕਿਲੋ ਨਸ਼ੀਲੇ ਪਦਾਰਥ ਮਿਲਣ ਦੇ ਬਾਵਜੂਦ ਕੇਂਦਰ ਨਸ਼ਾ ਤਸਕਰੀ ਰੋਕਣ ’ਚ ਨਾਕਾਮ ਰਹੀ ਹੈ। ਇਸ ਮੌਕੇ ਬਾਜਵਾ ਨੇ ਪੰਜਾਬ ਵਿੱਚੋਂ ਤਿੰਨ ਸਾਲਾਂ ਅੰਦਰ ਨਸ਼ਾ ਖ਼ਤਮ ਕਰਨ ਦੇ ਭਾਜਪਾ ਦੇ ਦਾਅਵੇ ’ਤੇ ਵੀ ਸਵਾਲ ਚੁੱਕੇ।ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ, ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਸਮੇਤ ਕਈ ਕਾਂਗਰਸੀ ਆਗੂ ਮੌਜੂਦ ਰਹੇ।
- Download Babushahi App
-
-