ਬਾਬਾ ਚੇਤ ਸਿੰਘ ਤੇ ਬਾਬਾ ਸੰਤਾ ਸਿੰਘ ਦੀ ਸਲਾਨਾ ਬਰਸੀ ਮੌਕੇ 8, 9 ਤੇ 10 ਮਈ ਨੂੰ ਹੋਣਗੇ ਗੁਰਮਤਿ ਸਮਾਗਮ
Babushahi Network
ਬਠਿੰਡਾ/ ਤਲਵੰਡੀ ਸਾਬੋ, 6 ਮਈ 2026- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 12ਵੇਂ ਜਥੇਦਾਰ ਸਿੰਘ ਸਾਹਿਬ ਬਾਬਾ ਚੇਤ ਸਿੰਘ ਜੀ 96 ਕਰੋੜੀ ਦੀ 58ਵੀਂ ਸਲਾਨਾ ਬਰਸੀ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 13ਵੇਂ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਸੰਤਾ ਸਿੰਘ ਦੀ 18ਵੀਂ ਬਰਸੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਚਲਦਾ ਵਹੀਰ ਚੱਕਰਵਰਤੀ ਨਿਹੰਗ ਸਿੰਘਾਂ ਦੇ 14ਵੇਂ ਮੁੱਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਹੇਠ 8, 9 ਤੇ 10 ਮਈ ਨੂੰ ਗੁਰਦੁਆਰਾ ਬੇਰ ਸਾਹਿਬ (ਦੇਗਸਰ) ਪਾ: ਦਸਵੀਂ, ਛਾਉਣੀ ਨਿਹੰਗ ਸਿੰਘਾਂ, ਬੁੱਢਾ ਦਲ, ਤਲਵੰਡੀ ਸਾਬੋ ਵਿਖੇ ਕਰਵਾਏ ਜਾਣਗੇ।
ਇਸ ਸਬੰਧੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦਲ ਦੇ ਮੈਨੇਜਰ ਸ. ਪਰਮਜੀਤ ਸਿੰਘ ਬਾਜਵਾ ਨੇ ਦੱਸਿਆ ਕਿ 8 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ ਜਿਸ ਦੇ ਭੋਗ 10 ਮਈ ਨੂੰ ਪਾਏ ਜਾਣਗੇ। ਭੋਗ ਉਪਰੰਤ ਸਜੇ ਦਿਵਾਨਾ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਗੁਰ-ਇਤਿਹਾਸ ਨਾਲ ਜੋੜਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਇਤਿਹਾਸ ਵਿੱਚ ਇਨ੍ਹਾਂ ਦੋਵਾਂ ਜਥੇਦਾਰ ਸਾਹਿਬਾਨ ਦਾ ਅਹਿਮ ਸਥਾਨ ਹੈ। ਸਿੰਘ ਸਾਹਿਬ ਬਾਬਾ ਚੇਤ ਸਿੰਘ ਜੀ ਅਤੇ ਸਿੰਘ ਸਾਹਿਬ ਬਾਬਾ ਸੰਤਾ ਸਿੰਘ ਜੀ ਨੇ ਆਪਣੇ ਸਮੇਂ ਵਿੱਚ ਦਲ ਪੰਥ ਦੇ ਵਿਕਾਸ ਲਈ ਅਹਿਮ ਕਾਰਜ ਕੀਤੇ ਹਨ।
ਉਨ੍ਹਾਂ ਦਸਿਆ ਕਿ ਇਨ੍ਹਾਂ ਦੀ ਯਾਦ ਵਿੱਚ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਵਿੱਚ ਤਖਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਾਹਿਬ, ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਸਾਹਿਬਾਨ, ਸੰਤ ਮਹਾਂਪੁਰਸ਼ ਅਤੇ ਨਿਹੰਗ ਸਿੰਘ ਛਾਉਣੀਆਂ ਦੇ ਮੁੱਖ ਸੇਵਾਦਾਰ ਵਿਸੇਸ਼ ਤੌਰ ਤੇ ਪਹੁੰਚ ਰਹੇ ਹਨ। ਉਨ੍ਹਾਂ ਦਸਿਆ ਕਿ ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਵਿਸ਼ੇਸ ਤੌਰ ਤੇ ਅੰਮ੍ਰਿਤ ਸੰਚਾਰ ਸਮਾਗਮ ਵੀ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 10 ਮਈ ਨੂੰ ਸ਼ਾਮ ਚਾਰ ਵਜੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਹੇਠ ਮਹੱਲਾ ਸਜਾਇਆ ਜਾਵੇਗਾ ਜਿਸ ਵਿਚ ਨਿਹੰਗ ਸਿੰਘ ਦਲਾਂ ਦੇ ਸਿੰਘ ਜੰਗਜੂ ਕਰਤਬ ਦਿਖਾਉਣਗੇ। ਉਨ੍ਹਾਂ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
- Download Babushahi App
-
-