ਬਾਬੂਸ਼ਾਹੀ ਵਿੱਚ ਖ਼ਬਰ ਪ੍ਰਕਾਸ਼ਿਤ ਹੋਣ ਮਗਰੋਂ ਪੁਲਿਸ ਦੀ ਕਾਰਵਾਈ- ਜਗਰਾਉਂ ਵਿੱਚ ਕਥਿਤ ਜੂਆ-ਸੱਟਾ ਅੱਡੇ ਬੰਦ
ਦੀਪਕ ਜੈਨ/ ਬਾਬੂਸ਼ਾਹੀ ਬਿਊਰੋ
ਜਗਰਾਉਂ, 17 ਜੂਨ 2026 : ਸ਼ਹਿਰ ਵਿੱਚ ਕਥਿਤ ਤੌਰ 'ਤੇ ਚੱਲ ਰਹੇ ਜੂਆ ਅਤੇ ਸੱਟਾ ਬਾਜ਼ਾਰ ਸਬੰਧੀ ਮੀਡੀਆ ਵਿੱਚ ਖ਼ਬਰਾਂ ਪ੍ਰਕਾਸ਼ਿਤ ਹੋਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਤੁਰੰਤ ਹਰਕਤ ਵਿੱਚ ਆਉਂਦਿਆਂ ਕਾਰਵਾਈ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੀਆਂ ਕਥਿਤ ਗੈਰ-ਅਧਿਕਾਰਿਤ ਦੁਕਾਨਾਂ ਨੂੰ ਬੰਦ ਕਰਵਾ ਦਿੱਤਾ ਗਿਆ ਹੈ।
ਯਾਦ ਰਹੇ ਕਿ ਕੁਝ ਦਿਨ ਪਹਿਲਾਂ ਸ਼ਹਿਰ ਵਿੱਚ ਕਥਿਤ ਤੌਰ 'ਤੇ ਚੱਲ ਰਹੇ ਜੂਆ ਅਤੇ ਸੱਟਾ ਕਾਰੋਬਾਰ ਸਬੰਧੀ ਬਾਬੂਸ਼ਾਹੀ ਨੈੱਟਵਰਕ ਵੱਲੋ ਮਾਮਲਾ ਉਠਾਇਆ ਗਿਆ ਸੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਇਸ ਗੈਰ-ਕਾਨੂੰਨੀ ਗਤੀਵਿਧੀ ਕਾਰਨ ਖ਼ਾਸ ਕਰਕੇ ਮਜ਼ਦੂਰ ਅਤੇ ਦਿਹਾੜੀਦਾਰ ਵਰਗ ਆਰਥਿਕ ਨੁਕਸਾਨ ਦਾ ਸਾਹਮਣਾ ਕਰ ਰਿਹਾ ਹੈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਲੋੜੀਂਦੀ ਕਾਰਵਾਈ ਕੀਤੀ।
ਪੁਲਿਸ ਵੱਲੋਂ ਕੀਤੀ ਗਈ ਇਸ ਕਾਰਵਾਈ ਦਾ ਸ਼ਹਿਰ ਵਾਸੀਆਂ ਨੇ ਸਵਾਗਤ ਕੀਤਾ ਹੈ। ਜਗਰਾਉਂ ਦੇ ਵਸਨੀਕ ਸੁਮੀਤ ਕੁਮਾਰ, ਆਨੰਦ ਕਿਸ਼ੋਰ, ਪ੍ਰਵੀਨ ਕੁਮਾਰ ਅਤੇ ਹੋਰ ਨਾਗਰਿਕਾਂ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਸਖ਼ਤ ਕਦਮ ਚੁੱਕਣਾ ਸਮੇਂ ਦੀ ਲੋੜ ਸੀ।
ਸ਼ਹਿਰ ਵਾਸੀਆਂ ਨੇ ਕਿਹਾ ਕਿ ਇਸ ਕਾਰਵਾਈ ਨਾਲ ਗਰੀਬ ਅਤੇ ਦਿਹਾੜੀਦਾਰ ਵਰਗ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਦਾ ਮੰਨਣਾ ਹੈ ਕਿ ਕਈ ਲੋਕ ਆਪਣੀ ਦਿਨ ਭਰ ਦੀ ਮਿਹਨਤ ਦੀ ਕਮਾਈ ਅਜਿਹੀਆਂ ਗਤੀਵਿਧੀਆਂ ਵਿੱਚ ਗੁਆ ਬੈਠਦੇ ਸਨ, ਜਿਸ ਨਾਲ ਉਨ੍ਹਾਂ ਦੇ ਪਰਿਵਾਰਾਂ ਦੀ ਆਰਥਿਕ ਹਾਲਤ ਪ੍ਰਭਾਵਿਤ ਹੁੰਦੀ ਸੀ। ਹੁਣ ਪੁਲਿਸ ਦੀ ਇਸ ਕਾਰਵਾਈ ਨਾਲ ਅਜਿਹੇ ਲੋਕਾਂ ਦੀ ਮਿਹਨਤ ਦੀ ਕਮਾਈ ਨੂੰ ਬਚਾਉਣ ਵਿੱਚ ਮਦਦ ਮਿਲੇਗੀ।
ਨਾਗਰਿਕਾਂ ਨੇ ਪੁਲਿਸ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਆਸ ਜਤਾਈ ਕਿ ਭਵਿੱਖ ਵਿੱਚ ਵੀ ਸ਼ਹਿਰ ਵਿੱਚ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਾਨੂੰਨ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਇਸੇ ਤਰ੍ਹਾਂ ਪ੍ਰਭਾਵਸ਼ਾਲੀ ਕਾਰਵਾਈ ਜਾਰੀ ਰਹੇਗੀ।
- Download Babushahi App
-
-