ਬਾਬੇ ਨਾਨਕ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ’ਚ ਆਸਥਾ ਦਾ ਸਮੁੰਦਰ ਉਮੜਿਆ
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ, ਰਾਤ 1 ਵਜੇ ਪਾਏ ਭੋਗ ਅਤੇ ਹੋਈ ਫੁੱਲਾਂ ਦੀ ਵਰਖਾ**
ਰਾਗੀ, ਢਾਡੀ, ਕਵੀਸ਼ਰ ਅਤੇ ਕਥਾਵਾਚਕਾਂ ਨੇ ਗੁਰਬਾਣੀ ਤੇ ਗੁਰੂ ਇਤਿਹਾਸ ਨਾਲ ਸੰਗਤਾਂ ਨੂੰ ਕੀਤਾ ਨਿਹਾਲ; ਰੰਗ-ਬਿਰੰਗੀਆਂ ਰੌਸ਼ਨੀਆਂ ਨਾਲ ਜਗਮਗਾਈ ਪਵਿੱਤਰ ਨਗਰੀ, ਆਤਿਸ਼ਬਾਜ਼ੀ ਰਹੀ ਖਿੱਚ ਦਾ ਕੇਂਦਰ**
ਬਲਵਿੰਦਰ ਸਿੰਘ ਧਾਲੀਵਾਲ
**ਸੁਲਤਾਨਪੁਰ ਲੋਧੀ, 24 ਨਵੰਬਰ ()**- ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਅੱਜ ਗੁਰਬਾਣੀ ਦੇ ਰਸ, ਸ਼ਰਧਾ ਅਤੇ ਅਧਿਆਤਮਕ ਰੰਗ ਵਿੱਚ ਰੰਗੀ ਨਜ਼ਰ ਆਈ। ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਪਹੁੰਚੀਆਂ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸਵੇਰ ਤੋਂ ਦੇਰ ਸ਼ਾਮ ਤੱਕ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਰਹੀਆਂ ਅਤੇ 'ਸਤਿਨਾਮ ਸ੍ਰੀ ਵਾਹਿਗੁਰੂ' ਦੇ ਜਾਪ ਨਾਲ ਸਮੁੱਚਾ ਵਾਤਾਵਰਨ ਰੂਹਾਨੀ ਰੰਗ ਵਿੱਚ ਰੰਗਿਆ ਰਿਹਾ।
ਪ੍ਰਕਾਸ਼ ਪੁਰਬ ਮੌਕੇ ਰਾਤ 1 ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦੌਰਾਨ ਭੋਗ ਪਾਏ ਗਏ ਅਤੇ ਇਸ ਪਾਵਨ ਮੌਕੇ ਫੁੱਲਾਂ ਦੀ ਵਰਖਾ ਕੀਤੀ ਗਈ। ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਸੰਗਤਾਂ ਵੱਲੋਂ ਕੀਤੇ ਗਏ ਜੈਕਾਰਿਆਂ ਨਾਲ ਗੁਰੂ ਘਰ ਦਾ ਵਾਤਾਵਰਨ ਅਲੌਕਿਕ ਹੋ ਗਿਆ। ਸੰਗਤਾਂ ਨੇ ਇਸ ਪਾਵਨ ਦ੍ਰਿਸ਼ ਦੇ ਦਰਸ਼ਨ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਗੁਰੂ ਘਰ ਨੂੰ ਲਗਭਗ 40 ਕਿਸਮਾਂ ਦੇ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ, ਜਿਨ੍ਹਾਂ ਵਿੱਚ ਗੁਲਾਬ ਅਤੇ ਗੇਂਦੇ ਦੇ ਫੁੱਲ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਸਵੇਰ ਤੋਂ ਹੀ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋਣ ਦੇ ਨਾਲ-ਨਾਲ ਪਵਿੱਤਰ ਸਰੋਵਰ ਅਤੇ ਵੇਈਂ ਨਦੀ ਵਿੱਚ ਇਸ਼ਨਾਨ ਕਰਕੇ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ਨੂੰ ਸਿਜਦਾ ਕੀਤਾ।
ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਭਾਈ ਮਰਦਾਨਾ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਧਾਰਮਿਕ ਦੀਵਾਨ ਸਜਾਇਆ ਗਿਆ। ਸਵੇਰ ਤੋਂ ਸ਼ਾਮ ਤੱਕ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਜਥਿਆਂ ਅਤੇ ਕਥਾਵਾਚਕਾਂ ਨੇ ਗੁਰਬਾਣੀ ਕੀਰਤਨ, ਕਥਾ ਅਤੇ ਗੁਰੂ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਵੱਖ-ਵੱਖ ਪ੍ਰਚਾਰਕਾਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਉਦਾਸੀਆਂ ਅਤੇ ਸਮੁੱਚੀ ਮਾਨਵਤਾ ਨੂੰ ਦਿੱਤੇ ਸਰਬਸਾਂਝੀਵਾਲਤਾ ਦੇ ਸੰਦੇਸ਼ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ।
ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਲਵਾ ਨੇ ਗੁਰੂ ਨਾਨਕ ਦੇਵ ਜੀ ਦੀ ਮੱਕਾ-ਮਦੀਨਾ ਫੇਰੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਸਮੁੱਚੀ ਦੁਨੀਆ ਨੂੰ ਇੱਕ ਅਕਾਲ ਪੁਰਖ ਦਾ ਸੰਦੇਸ਼ ਦਿੱਤਾ ਅਤੇ ਸਮਝਾਇਆ ਕਿ ਪ੍ਰਮਾਤਮਾ ਕਿਸੇ ਇੱਕ ਧਰਮ ਜਾਂ ਸਥਾਨ ਤੱਕ ਸੀਮਤ ਨਹੀਂ, ਸਗੋਂ ਉਹ ਹਰ ਕਣ ਵਿੱਚ ਵੱਸਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤਾ ਨੂੰ ਆਪਸੀ ਪਿਆਰ, ਬਰਾਬਰਤਾ ਅਤੇ ਭਾਈਚਾਰੇ ਦਾ ਰਾਹ ਦਿਖਾ ਰਹੀਆਂ ਹਨ। ਕਥਾਵਾਚਕਾਂ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਅਹਿਮ 14 ਸਾਲ, 9 ਮਹੀਨੇ ਅਤੇ 15 ਦਿਨ ਸੁਲਤਾਨਪੁਰ ਲੋਧੀ ਦੀ ਧਰਤੀ ’ਤੇ ਬਿਤਾਏ, ਜਿਸ ਕਰਕੇ ਇਸ ਨਗਰੀ ਦਾ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਸਥਾਨ ਹੈ।
ਪ੍ਰਕਾਸ਼ ਪੁਰਬ ਮੌਕੇ ਗੁਰੂ ਘਰ ਵਿਖੇ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰਾਂ ਦੇ ਅਟੁੱਟ ਪ੍ਰਬੰਧ ਕੀਤੇ ਗਏ ਸਨ। ਦੂਰ-ਦੁਰਾਡੇ ਤੋਂ ਆਈਆਂ ਸੰਗਤਾਂ ਲਈ ਲੰਗਰ ਅਤੇ ਰਿਹਾਇਸ਼ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਸ਼ਾਮ ਸਮੇਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਪਵਿੱਤਰ ਵੇਈਂ ਨਦੀ ਦੇ ਕੰਢੇ ਸੰਗਤਾਂ ਨੇ ਮੋਮਬੱਤੀਆਂ ਅਤੇ ਦੇਸੀ ਘਿਓ ਦੇ ਦੀਵੇ ਜਗਾ ਕੇ ਦੀਪਮਾਲਾ ਕੀਤੀ। ਪਵਿੱਤਰ ਨਗਰੀ ਦੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਨੂੰ ਰੰਗ-ਬਿਰੰਗੀਆਂ ਬਿਜਲਈ ਰੌਸ਼ਨੀਆਂ ਨਾਲ ਸਜਾਇਆ ਗਿਆ, ਜਿਸ ਨਾਲ ਸਮੁੱਚੀ ਨਗਰੀ ਅਲੌਕਿਕ ਨਜ਼ਾਰਾ ਪੇਸ਼ ਕਰ ਰਹੀ ਸੀ। ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ ਨੂੰ ਹੋਈ ਆਤਿਸ਼ਬਾਜ਼ੀ ਵੀ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀ।
ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਸਨਮਾਨ ਸਮਾਗਮ ਦੌਰਾਨ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਜਗਜੀਤ ਸਿੰਘ ਹਰਖੋਵਾਲ ਵਾਲੇ ਅਤੇ ਹੋਰ ਸੰਤ-ਮਹਾਂਪੁਰਸ਼ਾਂ ਨੇ ਸ਼ਮੂਲੀਅਤ ਕੀਤੀ। ਗੁਰਦੁਆਰਾ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾ ਨੇ ਪਹੁੰਚੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਦੇਸ਼-ਵਿਦੇਸ਼ ਤੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਜਰਨੈਲ ਸਿੰਘ ਡੋਗਰਾਂਵਾਲ, ਬਲਦੇਵ ਸਿੰਘ ਕਲਿਆਣ, ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ, ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਸੁਖਦੇਵ ਸਿੰਘ ਨਾਨਕਪੁਰ, ਇੰਜੀਨੀਅਰ ਸਵਰਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸ਼ਖ਼ਸੀਅਤਾਂ ਹਾਜ਼ਰ ਸਨ।
ਪ੍ਰਕਾਸ਼ ਪੁਰਬ ਮੌਕੇ ਦੂਰ-ਦੁਰਾਡੇ ਤੋਂ ਪਹੁੰਚੀਆਂ ਸੰਗਤਾਂ ਨੇ ਕਿਹਾ ਕਿ ਬਾਬੇ ਨਾਨਕ ਦੀ ਚਰਨ ਛੋਹ ਪ੍ਰਾਪਤ ਧਰਤੀ ’ਤੇ ਨਤਮਸਤਕ ਹੋਣਾ ਉਨ੍ਹਾਂ ਲਈ ਵੱਡੇ ਭਾਗਾਂ ਵਾਲੀ ਗੱਲ ਹੈ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਦੀ ਧਰਤੀ ਤੋਂ ਸਰਬੱਤ ਦੇ ਭਲੇ, ਸਾਂਝੀਵਾਲਤਾ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਇੱਕ ਵਾਰ ਫਿਰ ਸਮੁੱਚੀ ਦੁਨੀਆ ਤੱਕ ਪਹੁੰਚਿਆ।
- Download Babushahi App
-
-