ਬੀ.ਪੀ.ਈ.ਓ. ਕਾਦੀਆਂ-2 ਖ਼ਿਲਾਫ਼ ਕਾਰਵਾਈ ਨਾ ਹੋਣ ਤੋਂ ਜਥੇਬੰਦੀਆਂ ਖਫ਼ਾ; 15 ਫਰਵਰੀ ਤੱਕ ਦਿੱਤਾ ਅਲਟੀਮੇਟਮ
ਜਾਂਚ ਰਿਪੋਰਟ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਕਾਰਵਾਈ ਨਾ ਕਰਨਾ ਮੰਦਭਾਗਾ: ਬਲਵਿੰਦਰ ਕੌਰ ਰਾਵਲਪਿੰਡੀ
ਗੁਰਦਾਸਪੁਰ: 8 ਫਰਵਰੀ (ਰੋਹਿਤ ਗੁਪਤਾ)
ਇਸਤਰੀ ਮੁਲਾਜ਼ਮ ਤਾਲਮੇਲ ਫਰੰਟ ਗੁਰਦਾਸਪੁਰ ਅਤੇ ਵੱਖ-ਵੱਖ ਜਨਤਕ ਜਥੇਬੰਦੀਆਂ ਨੇ ਬੀ.ਪੀ.ਈ.ਓ. (BPEO) ਕਾਦੀਆਂ-2 ਪੋਹਲਾ ਸਿੰਘ ਖ਼ਿਲਾਫ਼ ਕਾਰਵਾਈ ਨਾ ਹੋਣ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਤਿੱਖੇ ਰੋਸ ਦਾ ਪ੍ਰਗਟਾਵਾ ਕੀਤਾ ਹੈ। ਇਸ ਸਬੰਧੀ ਅੱਜ ਕਾਮਰੇਡ ਅਮਰੀਕ ਸਿੰਘ ਯਾਦਗਾਰੀ ਹਾਲ ਵਿਖੇ ਸੁਖਦੇਵ ਸਿੰਘ ਬਹਿਰਾਮਪੁਰ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਹੋਈ।
70 ਪੰਨਿਆਂ ਦੇ ਬਿਆਨਾਂ ਦੇ ਬਾਵਜੂਦ ਕਾਰਵਾਈ ਨਹੀਂ
ਇਸਤਰੀ ਮੁਲਾਜ਼ਮ ਤਾਲਮੇਲ ਫਰੰਟ ਦੀ ਕਨਵੀਨਰ ਮੈਡਮ ਬਲਵਿੰਦਰ ਕੌਰ ਰਾਵਲਪਿੰਡੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਅਤੇ ਡੀ.ਪੀ.ਆਈ. (ਐਲੀਮੈਂਟਰੀ) ਦੇ ਹੁਕਮਾਂ 'ਤੇ ਬਣੀ ਪੰਜ ਮੈਂਬਰੀ ਜਾਂਚ ਕਮੇਟੀ ਅੱਗੇ 28 ਜਨਵਰੀ ਨੂੰ ਪੀੜਤ ਅਧਿਆਪਕਾਵਾਂ ਨੇ 70 ਪੰਨਿਆਂ ਦੇ ਲਿਖਤੀ ਬਿਆਨ ਦਰਜ ਕਰਵਾਏ ਸਨ। ਉਨ੍ਹਾਂ ਦੋਸ਼ ਲਾਇਆ ਕਿ 15 ਦਿਨ ਬੀਤ ਜਾਣ ਦੇ ਬਾਵਜੂਦ ਨਾ ਤਾਂ ਜਾਂਚ ਰਿਪੋਰਟ ਜਨਤਕ ਕੀਤੀ ਜਾ ਰਹੀ ਹੈ ਅਤੇ ਨਾ ਹੀ ਦੋਸ਼ੀ ਅਧਿਕਾਰੀ ਖ਼ਿਲਾਫ਼ ਕੋਈ ਕਾਰਵਾਈ ਹੋਈ ਹੈ।
ਪੁਲਿਸ ਅਤੇ ਕਮਿਸ਼ਨ 'ਤੇ ਵੀ ਚੁੱਕੇ ਸਵਾਲ
ਆਗੂਆਂ ਨੇ ਕਿਹਾ ਕਿ ਐਸ.ਐਸ.ਪੀ. ਬਟਾਲਾ ਨੂੰ ਬਿਆਨ ਦਰਜ ਕਰਵਾਉਣ ਦੇ ਬਾਵਜੂਦ ਅਜੇ ਤੱਕ ਐਫ.ਆਈ.ਆਰ. (FIR) ਦਰਜ ਨਹੀਂ ਕੀਤੀ ਗਈ। ਪੀੜਤ ਅਧਿਆਪਕਾਵਾਂ ਵੱਲੋਂ ਮਹਿਲਾ ਕਮਿਸ਼ਨ ਪੰਜਾਬ ਅਤੇ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਨੂੰ ਵੀ ਨਿੱਜੀ ਤੌਰ 'ਤੇ ਮਿਲ ਕੇ ਆਪਣੀ ਹੱਡਬੀਤੀ ਸੁਣਾਈ ਜਾ ਚੁੱਕੀ ਹੈ, ਪਰ ਨਤੀਜਾ ਅਜੇ ਵੀ ਸਿਫ਼ਰ ਹੈ।
ਅਗਲਾ ਐਕਸ਼ਨ ਅਤੇ ਅਲਟੀਮੇਟਮ
ਮੀਟਿੰਗ ਵਿੱਚ ਸਰਵਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਜਥੇਬੰਦੀਆਂ ਦਾ ਇੱਕ ਵਫ਼ਦ ਜਲਦ ਹੀ ਉੱਚ ਅਧਿਕਾਰੀਆਂ ਨੂੰ ਮਿਲ ਕੇ ਕਾਰਵਾਈ ਦੀ ਮੰਗ ਕਰੇਗਾ। ਜੇਕਰ 15 ਫਰਵਰੀ ਤੱਕ ਬੀ.ਪੀ.ਈ.ਓ. ਖ਼ਿਲਾਫ਼ ਸਖ਼ਤ ਕਾਰਵਾਈ ਨਾ ਹੋਈ, ਤਾਂ ਸੰਘਰਸ਼ ਦਾ ਘੇਰਾ ਹੋਰ ਵਿਸ਼ਾਲ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਅਮਰਜੀਤ ਸ਼ਾਸਤਰੀ, ਅਮਰ ਕ੍ਰਾਂਤੀ, ਜੋਗਿੰਦਰ ਪਾਲ ਪਨਿਆੜ, ਸੁਖਪ੍ਰੀਤ ਕੌਰ ਗਿੱਲ, ਸਰਵਜੀਤ ਸਿੰਘ, ਰਾਜ ਕੁਮਾਰ ਪੰਡੋਰੀ, ਮੇਜ਼ਰ ਸਿੰਘ ਕੋਟ ਟੋਡਰਮਲ ਅਤੇ ਹੋਰ ਕਈ ਆਗੂ ਹਾਜ਼ਰ ਸਨ।