ਬੇਅਦਬੀ ਬਿੱਲ! ਬਾਜਵਾ ਬੋਲੇ- ਜੇ ਸਰਕਾਰ ਦੀ 'ਨੀਅਤ ਸਾਫ਼ ਹੈ ਤਾਂ ਸਮਰਥਨ ਪੂਰਾ'
ਚੰਡੀਗੜ੍ਹ, 13 ਅਪ੍ਰੈਲ 2026: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੇਸ਼ ਕੀਤੇ ਗਏ ਬਿੱਲ ਨੂੰ ਮੁੱਖ ਵਿਰੋਧੀ ਧਿਰ ਕਾਂਗਰਸ ਦਾ ਵੀ ਸਾਥ ਮਿਲ ਗਿਆ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਦਨ ਵਿੱਚ ਬੋਲਦਿਆਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਪਾਰਟੀ ਇਸ ਸੰਵੇਦਨਸ਼ੀਲ ਮੁੱਦੇ 'ਤੇ ਸਰਕਾਰ ਦੇ ਨਾਲ ਖੜ੍ਹੀ ਹੈ।
ਸਦਨ ਦੀ ਕਾਰਵਾਈ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬੇਅਦਬੀ ਇੱਕ ਅਜਿਹਾ ਮੁੱਦਾ ਹੈ ਜਿਸ ਨੇ ਪੰਜਾਬ ਦੇ ਹਰ ਨਾਗਰਿਕ ਦੇ ਹਿਰਦੇ ਵਲੂੰਧਰੇ ਹਨ। ਉਨ੍ਹਾਂ ਸਰਕਾਰ ਨੂੰ ਮੁਖਾਤਿਬ ਹੁੰਦਿਆਂ ਕਿਹਾ, "ਜੇਕਰ ਸਰਕਾਰ ਦੀ ਨੀਅਤ ਸਾਫ਼ ਹੈ ਅਤੇ ਇਹ ਕਦਮ ਸੱਚਮੁੱਚ ਇਨਸਾਫ਼ ਦਿਵਾਉਣ ਲਈ ਚੁੱਕਿਆ ਗਿਆ ਹੈ, ਤਾਂ ਮੈਂ ਅਤੇ ਮੇਰੀ ਪੂਰੀ ਪਾਰਟੀ ਇਸ ਬਿੱਲ ਦਾ ਪੁਰਜ਼ੋਰ ਸਮਰਥਨ ਕਰਦੇ ਹਾਂ।"
ਪੰਜਾਬ ਵਿੱਚ ਪਿਛਲੇ ਲੰਮੇ ਸਮੇਂ ਤੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸਿਆਸਤ ਗਰਮ ਰਹੀ ਹੈ ਅਤੇ ਲੋਕ ਇਨਸਾਫ਼ ਦੀ ਮੰਗ ਕਰਦੇ ਆ ਰਹੇ ਹਨ। ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਇਸ ਬਿੱਲ ਦਾ ਮਕਸਦ ਅਜਿਹੇ ਗੁਨਾਹ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਸ਼ਿਕੰਜਾ ਕੱਸਣਾ ਅਤੇ ਸਜ਼ਾਵਾਂ ਨੂੰ ਹੋਰ ਸਖ਼ਤ ਕਰਨਾ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਇਹ ਵੀ ਉਮੀਦ ਜਤਾਈ ਕਿ ਇਹ ਬਿੱਲ ਸਿਰਫ਼ ਕਾਗਜ਼ਾਂ ਤੱਕ ਸੀਮਤ ਨਹੀਂ ਰਹੇਗਾ, ਸਗੋਂ ਇਸ ਨੂੰ ਜ਼ਮੀਨੀ ਪੱਧਰ 'ਤੇ ਇਮਾਨਦਾਰੀ ਨਾਲ ਲਾਗੂ ਕੀਤਾ ਜਾਵੇਗਾ ਤਾਂ ਜੋ ਭਵਿੱਖ ਵਿੱਚ ਕੋਈ ਅਜਿਹੀ ਹਰਕਤ ਕਰਨ ਦੀ ਜ਼ੁਰਅਤ ਨਾ ਕਰੇ।
Click to Follow Babushahi Facebook page →