ਬੰਦੀ ਸਿੰਘਾਂ ਦੀ ਰਿਹਾਈ ਲਈ ਜਨ-ਸਮਰਥਨ ਲਈ ਮਿਸਲ ਸਤਲੁਜ ਪਾਰਟੀ ਵੱਲੋਂ ਆਲੋਵਾਲ ਵਿਖੇ ਦਸਤਖ਼ਤ ਮੁਹਿੰਮ
ਪਟਿਆਲਾ 3 ਅਗਸਤ, 2026
ਪੰਜਾਬ ਦੇ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀ ਮਿਸਲ ਸਤਲੁਜ ਪਾਰਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਲੋਕ ਸਮਰਥਨ ਦੀ ਮਜ਼ਬੂਤੀ ਦੇ ਉਦੇਸ਼ ਤਹਿਤ ਮਹਾਂਪੁਰਸ਼ ਬਾਬਾ ਈਸ਼ਰ ਸਿੰਘ ਜੀ ਦੇ ਜਨਮ ਅਸਥਾਨ ਪਿੰਡ ਆਲੋਵਾਲ (ਭਾਦਸੋਂ ਰੋਡ, ਪਟਿਆਲਾ) ਵਿਖੇ ਦਸਤਖ਼ਤ ਪਟੀਸ਼ਨ ਭਰਵਾਉਣ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ ਹੈ, ਜੋ 5 ਅਗਸਤ ਤੱਕ ਲਗਾਤਾਰ ਜਾਰੀ ਰਹੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੂਰਾ ਪੰਜਾਬ ਲਹਿਰ ਦੇ ਕੌਮੀ ਕਨਵੀਨਰ ਸਰਦਾਰ ਅਮਰਿੰਦਰ ਸਿੰਘ ਤੂੜ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਚਲਾਈ ਜਾ ਰਹੀ ਇਹ ਮੁਹਿੰਮ ਇਨਸਾਫ਼, ਮਨੁੱਖੀ ਅਧਿਕਾਰਾਂ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਪ੍ਰਤੀ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਦੇਣ ਦਾ ਯਤਨ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਨੂੰ ਇਸ ਦਸਤਖਤ ਪਟੀਸ਼ਨ ਮੁਹਿੰਮ ਨਾਲ ਜੋੜ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਭਾਰਿਆ ਜਾ ਰਿਹਾ ਹੈ।
ਕੈਂਪ ਦੌਰਾਨ ਮਿਸਲ ਸਤਲੁਜ ਪਾਰਟੀ ਦੇ ਸੀਨੀਅਰ ਅਹੁਦੇਦਾਰਾਂ ਨੇ ਵੱਡੀ ਗਿਣਤੀ ਵਿੱਚ ਪੁੱਜੀਆਂ ਸੰਗਤਾਂ ਨਾਲ ਸੰਪਰਕ ਕਰਦਿਆਂ ਉਨ੍ਹਾਂ ਨੂੰ ਇਸ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕੀਤਾ। ਸੰਗਤਾਂ ਨੇ ਵੀ ਉਤਸ਼ਾਹ ਨਾਲ ਪਟੀਸ਼ਨ 'ਤੇ ਦਸਤਖ਼ਤ ਕਰਕੇ ਮੁਹਿੰਮ ਨੂੰ ਭਰਪੂਰ ਸਮਰਥਨ ਦਿੱਤਾ।
ਇਸ ਮੌਕੇ ਮਿਸਲ ਸਤਲੁਜ ਪਾਰਟੀ ਵੱਲੋਂ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਦੇ ਉਮੀਦਵਾਰ ਸਰਦਾਰ ਮਨਜੀਤ ਸਿੰਘ ਚਾਹਲ ਵੀ ਆਪਣੇ ਵੱਡੀ ਗਿਣਤੀ ਸਮਰਥਕਾਂ ਸਮੇਤ ਕੈਂਪ ਵਿੱਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਸਿੱਖ ਭਾਈਚਾਰੇ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਇਸ ਸਬੰਧੀ ਲੋਕਾਂ ਦੀ ਆਵਾਜ਼ ਨੂੰ ਲੋਕਤੰਤਰੀ ਅਤੇ ਸ਼ਾਂਤਮਈ ਢੰਗ ਨਾਲ ਹਰ ਪੱਧਰ ਤੱਕ ਪਹੁੰਚਾਉਣ ਲਈ ਇਹ ਦਸਤਖ਼ਤ ਮੁਹਿੰਮ ਲਗਾਤਾਰ ਜਾਰੀ ਰਹੇਗੀ।ਇਸ ਮੋਕੇ 368 ਲੋਕਾਂ ਨੇ ਪਟੀਸ਼ਨ ਤੇ ਹਸਤਾਖਰ ਕੀਤੇ। ਇਸ ਮੌਕੇ ਤੇ ਐਡਵੋਕੇਟ ਦਰਸ਼ਨ ਸਿੰਘ ਵਿਰਕ, ਜਸਵੰਤ ਸਿੰਘ ਮਾਨ , ਐਸਡੀਓ ਗੁਰਮੀਤ ਸਿੰਘ ਚਹਿਲ,ਅਮਰੀਕ ਸਿੰਘ ਚਹਿਲ ਅਤੇ ਯਾਦਵਿੰਦਰ ਸਿੰਘ ਯਾਦੂ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਅਤੇ ਉਹਨਾਂ ਨੇ ਆਪਣੇ ਆਪਣੇ ਸੰਬੋਧਨ ਵਿੱਚ ਲੋਕਾਂ ਨੂੰ ਬੰਦੀ ਸਿੰਘਾ ਦੀ ਰਿਹਾਈ ਲਈ ਜ਼ੋਰਦਾਰ ਅਪੀਲ ਕੀਤੀ।
- Download Babushahi App
-
-