ਬੱਚਿਆਂ ਨੂੰ ਪੋਲੀਓ ਬੂੰਦਾਂ ਪਿਆਉਣ ਲਈ ਉਤਸ਼ਾਹਿਤ ਕਰਨ ਵਾਸਤੇ ਸਿਹਤ ਵਿਭਾਗ ਨੇ ਕੱਢੀ ਜਾਗਰੂਕਤਾ ਰੈਲੀ
ਅਸ਼ੋਕ ਵਰਮਾ
ਬਠਿੰਡਾ, 20 ਨਵੰਬਰ 2026 :ਸਿਵਲ ਸਰਜਨ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਬਠਿੰਡਾ ਵੱਲੋਂ ਮਿਤੀ 22 ਤੋਂ 24 ਨਵੰਬਰ ਤੱਕ ਚਲਾਈ ਜਾਣ ਵਾਲੀ ਨੈਸ਼ਨਲ ਪਲਸ ਪੋਲੀਓ ਮੁਹਿੰਮ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਰੈਲੀ ਕੱਢੀ ਗਈ । ਇਸ ਰੈਲੀ ਨੂੰ ਜਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਰੈਲੀ ਦਾ ਮੁੱਖ ਮਕਸਦ ਲੋਕਾਂ ਨੂੰ ਪੋਲੀਓ ਵਰਗੀ ਗੰਭੀਰ ਬਿਮਾਰੀ ਤੋਂ ਬਚਾਅ ਲਈ ਆਪਣੇ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਪ੍ਰੇਰਿਤ ਕਰਨਾ ਸੀ।
ਇਸ ਮੌਕੇ ਜਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ ਨੇ ਕਿਹਾ ਕਿ ਪੋਲੀਓ ਇੱਕ ਅਪੰਗਤਾ ਪੈਦਾ ਕਰਨ ਵਾਲੀ ਬਿਮਾਰੀ ਹੈ, ਜਿਸ ਤੋਂ ਬਚਾਅ ਲਈ ਪੋਲੀਓ ਰੋਕੂ ਬੂੰਦਾਂ ਹੀ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹਨ। ਉਨ੍ਹਾਂ ਕਿਹਾ ਕਿ ਮਾਪੇ ਆਪਣੇ 0 ਤੋਂ 5 ਸਾਲ ਤੱਕ ਦੇ ਹਰ ਬੱਚੇ ਨੂੰ ਪੋਲੀਓ ਬੂੰਦਾਂ ਜ਼ਰੂਰ ਪਿਲਾਉਣ, ਭਾਵੇਂ ਬੱਚੇ ਨੂੰ ਪਹਿਲਾਂ ਵੀ ਕਈ ਵਾਰ ਪੋਲੀਓ ਬੂੰਦਾਂ ਪਿਲਾਈਆਂ ਜਾ ਚੁੱਕੀਆਂ ਹੋਣ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਜਨਤਕ ਥਾਵਾਂ ਅਤੇ ਹੋਰ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ, ਤਾਂ ਜੋ ਕੋਈ ਵੀ ਬੱਚਾ ਪੋਲੀਓ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ।
ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਰੈਲੀ ਰਾਹੀਂ ਲੋਕਾਂ ਨੂੰ ਪੋਲੀਓ ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਹਰ ਬੱਚੇ ਨੂੰ ਪੋਲੀਓ ਬੂੰਦਾਂ ਪਿਲਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਜਿਲ੍ਹਾ ਐਪੀਡੀਮੋਲੋਜਿਸਟ ਡਾ ਸੁਕਰਿਤੀ,ਡਾ ਮੋਨੀਕਾ ,ਜਿਲ੍ਹਾ ਮਾਸ ਮੀਡੀਆ ਅਫ਼ਸਰ ਕੁਲਵੰਤ ਸਿੰਘ, ਜਿਲ੍ਹਾ ਬੀ.ਸੀ.ਸੀ ਨਰਿੰਦਰ ਕੁਮਾਰ ,ਬੀ.ਈ.ਈ ਮਾਲਵਿੰਦਰ ਸਿੰਘ ਤਿਉਣਾ, ਜੀ.ਐਨ.ਐਮ ਸਕੂਲ ਦੇ ਅਧਿਆਪਕ ਅਤੇ ਬੱਚੇ ਹਾਜਰ ਸਨ ।
- Download Babushahi App
-
-