ਭਾਈ ਖਾਲੜਾ ਦੀ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ: ਬਾਪੂ ਤਰਸੇਮ ਸਿੰਘ
ਅਕਾਲ ਤਖ਼ਤ ਸਾਹਿਬ ਕੌਮ ਬਾਰੇ ਕਿਹਾ- ਦੇਰ ਆਏ ਦਰੁਸਤ ਆਏ
ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਇਨਸਾਫ਼ੀ ਦੇ ਮਾਮਲਿਆਂ ਲਈ। ਪੀਪਲਜ਼ ਕਮਿਸ਼ਨ ਬਣਾਉਣ ਦੀ ਮੰਗ
ਕੁਲਵਿੰਦਰ ਸਿੰਘ
ਅੰਮ੍ਰਿਤਸਰ 6 ਸਤੰਬਰ
ਪੰਜਾਬ ਦੇ ਹੱਕਾਂ, ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਬੇਇਨਸਾਫ਼ੀ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਦੇ ਮੁਖੀ ਬਾਪੂ ਤਰਸੇਮ ਸਿੰਘ ਨੇ ਕੌਮੀ ਸ਼ਹੀਦ ਜਰਨੈਲ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਕਿ ਖਾਲੜਾ ਸਾਹਿਬ ਨੇ ਜ਼ੁਲਮ ਅਤੇ ਜਬਰ ਦੇ ਖ਼ਿਲਾਫ਼ ਲੰਮੀ ਲੜਾਈ ਲੜੀ ਅਤੇ ਆਪਣੇ ਅਸੂਲਾਂ ਤੋਂ ਪਿੱਛੇ ਨਹੀਂ ਹਟੇ। ਉਨ੍ਹਾਂ ਕਿਹਾ ਕਿ ਖਾਲੜਾ ਸਾਹਿਬ ਨੇ ਉਨ੍ਹਾਂ ਲੋਕਾਂ ਲਈ ਇਨਸਾਫ਼ ਦੀ ਆਵਾਜ਼ ਉਠਾਈ, ਜਿਨ੍ਹਾਂ ਨੂੰ ਆਪਣੇ ਹੱਕਾਂ ਅਤੇ ਇਨਸਾਫ਼ ਦੀ ਕੋਈ ਕਿਰਨ ਨਜ਼ਰ ਨਹੀਂ ਆ ਰਹੀ ਸੀ। ਇਸ ਸੰਘਰਸ਼ ਦੌਰਾਨ ਉਨ੍ਹਾਂ ਨੂੰ ਆਪਣੀ ਜਾਨ ਦੀ ਕੁਰਬਾਨੀ ਵੀ ਦੇਣੀ ਪਈ।
ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਜਿਵੇਂ-ਜਿਵੇਂ ਨੌਜਵਾਨੀ ਨੂੰ ਆਪਣੇ ਇਤਿਹਾਸ ਅਤੇ ਕੌਮੀ ਯੋਧਿਆਂ ਦੀਆਂ ਕੁਰਬਾਨੀਆਂ ਬਾਰੇ ਜਾਣਕਾਰੀ ਮਿਲ ਰਹੀ ਹੈ, ਉਵੇਂ-ਉਵੇਂ ਜਰਨੈਲ ਜਸਵੰਤ ਸਿੰਘ ਖਾਲੜਾ ਦਾ ਮਾਣ-ਸਨਮਾਨ ਹੋਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਖਾਲੜਾ ਸਾਹਿਬ ਦੀ ਸੋਚ ਆਉਣ ਵਾਲੀਆਂ ਪੀੜ੍ਹੀਆਂ ਨੂੰ ਜ਼ੁਲਮ ਅਤੇ ਜਬਰ ਦੇ ਖ਼ਿਲਾਫ਼ ਡਟ ਕੇ ਖੜ੍ਹਨ ਲਈ ਪ੍ਰੇਰਣਾ ਦਿੰਦੀ ਰਹੇਗੀ।
ਅਕਾਲ ਤਖ਼ਤ ਸਾਹਿਬ ਨਾਲ ਸਬੰਧਤ ਮਸਲਿਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਅਥਾਰਟੀ ਹੈ ਅਤੇ ਇੱਥੋਂ ਕੌਮ ਦੀ ਅਗਵਾਈ ਕਰਨ ਵਾਲੇ ਜਥੇਦਾਰ ਨੂੰ ਨਿਰਪੱਖ ਰਹਿ ਕੇ ਕੌਮ ਦੇ ਹਿੱਤਾਂ ਵਿੱਚ ਦ੍ਰਿੜ੍ਹਤਾ ਨਾਲ ਫੈਸਲੇ ਲੈਣੇ ਚਾਹੀਦੇ ਹਨ। ਉਨ੍ਹਾਂ ਮੰਗ ਕੀਤੀ ਕਿ ਜਿਨ੍ਹਾਂ ਲੋਕਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ ਜਾਂ ਜਿਨ੍ਹਾਂ ਦੀ ਪਛਾਣ ਨਹੀਂ ਹੋ ਸਕੀ, ਉਨ੍ਹਾਂ ਦੇ ਮਾਮਲਿਆਂ ਦੀ ਜਾਂਚ ਲਈ ਸਾਂਝਾ ਕਮਿਸ਼ਨ ਬਣਾਇਆ ਜਾਵੇ ਅਤੇ ਜ਼ਿੰਮੇਵਾਰ ਲੋਕਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ।
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਧਰਨਿਆਂ, ਮੁਜ਼ਾਹਰਿਆਂ ਅਤੇ ਵੱਖ-ਵੱਖ ਪੱਧਰਾਂ ’ਤੇ ਆਪਣੀ ਆਵਾਜ਼ ਉਠਾ ਕੇ ਦੇਖ ਲਈ ਹੈ, ਪਰ ਕਈ ਮਾਮਲਿਆਂ ਵਿੱਚ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕਾਂ ਨੂੰ ਇਕੱਠੇ ਹੋ ਕੇ ਅਜਿਹੀ ਮਜ਼ਬੂਤ ਸਿਆਸੀ ਧਿਰ ਖੜ੍ਹੀ ਕਰਨ ਦੀ ਲੋੜ ਹੈ, ਜੋ ਪੰਜਾਬ ਅਤੇ ਕੌਮ ਦੇ ਹਿੱਤਾਂ ਲਈ ਪ੍ਰਭਾਵਸ਼ਾਲੀ ਢੰਗ ਨਾਲ ਆਵਾਜ਼ ਉਠਾ ਸਕੇ।
ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਜਿਹੜੇ ਲੋਕ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਪੰਜਾਬ ਦੇ ਹੱਕਾਂ ਦੀ ਗੱਲ ਕਰਦੇ ਹਨ, ਉਨ੍ਹਾਂ ਦੀ ਆਵਾਜ਼ ਸੁਣੀ ਜਾਣੀ ਚਾਹੀਦੀ ਹੈ। ਉਨ੍ਹਾਂ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਮਾਮਲੇ ਬਾਰੇ ਕਾਨੂੰਨੀ ਪੱਖ ਦੀ ਜਾਣਕਾਰੀ ਉਨ੍ਹਾਂ ਦੀ ਲੀਗਲ ਟੀਮ ਹੀ ਦੇ ਸਕਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਆਪਣੇ ਇਤਿਹਾਸ, ਵਿਰਸੇ ਅਤੇ ਸਿੱਖੀ ਦੀ ਸੋਚ ਨਾਲ ਜੋੜਨ ਲਈ ਹਰ ਪੱਧਰ ’ਤੇ ਯਤਨ ਕਰਨੇ ਚਾਹੀਦੇ ਹਨ। ਫ਼ਿਲਮਾਂ, ਕਿਤਾਬਾਂ ਅਤੇ ਇਤਿਹਾਸਕ ਸਰੋਤਾਂ ਰਾਹੀਂ ਨੌਜਵਾਨਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ ਤਾਂ ਜੋ ਉਹ ਸਰਬੱਤ ਦੇ ਭਲੇ ਅਤੇ ਜ਼ੁਲਮ-ਜਬਰ ਦੇ ਵਿਰੋਧ ਦੀ ਸਿੱਖੀ ਸੋਚ ਨੂੰ ਸਮਝ ਸਕਣ।
ਬਾਪੂ ਤਰਸੇਮ ਸਿੰਘ ਨੇ ਫ਼ਿਲਮ ਅਦਾਕਾਰ ਦਿਲਜੀਤ ਦੋਸਾਂਝ ਵੱਲੋਂ ਜਰਨੈਲ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਅਤੇ ਉਸ ਦੌਰ ਦੇ ਜ਼ੁਲਮ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੀਤੇ ਕਾਰਜ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਯਤਨ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਅਰਦਾਸ ਕੀਤੀ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਪੰਜਾਬ ਦੇ ਹੱਕਾਂ ਲਈ ਸੰਘਰਸ਼ ਨੂੰ ਮੁੜ ਮਜ਼ਬੂਤ ਕਰਨ ਲਈ ਲੋਕ ਇਕਜੁੱਟ ਹੋਣ।
- Download Babushahi App
-
-