ਭਾਗੋਮਾਜਰਾ ਮੰਡੀ ਪਹੁੰਚੇ ਬਲਬੀਰ ਸਿੰਘ ਸਿੱਧੂ, ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਗੱਲਬਾਤ
ਪੰਜਾਬ ਦੇ ਕਿਸਾਨਾਂ ਨੂੰ ਮੰਡੀਆਂ ’ਚ ਖੱਜਲ ਕਰਨਾ ਬੰਦ ਕਰੇ ਸਰਕਾਰ: ਬਲਬੀਰ ਸਿੰਘ ਸਿੱਧੂ
ਮੋਹਾਲੀ, 16 ਅਕਤੂਬਰ 2026:
ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪਿੰਡ ਭਾਗੋਮਾਜਰਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ। ਮੰਡੀ ਵਿੱਚ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਵਿੱਚ ਹੋ ਰਹੀ ਦੇਰੀ ਨੂੰ ਦੇਖਦਿਆਂ ਉਨ੍ਹਾਂ ਨੇ ਡਾਇਰੈਕਟਰ ਫੂਡ ਸਪਲਾਈਜ਼, ਆਈਏਐੱਸ ਵਰਿੰਦਰ ਕੁਮਾਰ ਸ਼ਰਮਾ ਅਤੇ ਮਾਰਕਫੈੱਡ ਦੇ ਐੱਮਡੀ ਵਿਸ਼ੇਸ਼ ਸਾਰੰਗਲ ਨਾਲ ਫ਼ੋਨ ’ਤੇ ਗੱਲਬਾਤ ਕਰਕੇ ਕਿਸਾਨਾਂ ਦੀ ਫ਼ਸਲ ਦੀ ਜਲਦ ਖ਼ਰੀਦ ਅਤੇ ਲਿਫ਼ਟਿੰਗ ਯਕੀਨੀ ਬਣਾਉਣ ਦੀ ਮੰਗ ਕੀਤੀ।
ਸਿੱਧੂ ਨੇ ਕਿਹਾ ਕਿ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਖ਼ਰੀਦ ਪ੍ਰਬੰਧਾਂ ਦੀ ਮਾੜੀ ਹਾਲਤ ਕਾਰਨ ਕਿਸਾਨਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਪਣੀ ਫ਼ਸਲ ਵੇਚਣ ਲਈ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣਾ ਪਵੇ ਅਤੇ ਸਰਕਾਰ ਤਮਾਸ਼ਬੀਨ ਬਣੀ ਰਹੇ, ਇਹ ਬਿਲਕੁਲ ਬਰਦਾਸ਼ਤਯੋਗ ਨਹੀਂ। ਸਨੇਟਾ ਦੀ ਮੰਡੀ ਵਿੱਚ ਪਿਛਲੇ ਲਗਭਗ ਛੇ ਮਹੀਨਿਆਂ ਤੋਂ ਕਣਕ ਪਈ ਹੋਣ ਕਾਰਨ ਜਗ੍ਹਾ ਦੀ ਸਮੱਸਿਆ ਬਣੀ ਹੋਈ ਹੈ। ਨਾ ਫ਼ਸਲ ਰੱਖਣ ਲਈ ਢੁੱਕਵੀਂ ਜਗ੍ਹਾ ਹੈ ਅਤੇ ਨਾ ਹੀ ਭੰਡਾਰਨ ਦੇ ਪੁਖ਼ਤਾ ਪ੍ਰਬੰਧ ਹਨ। ਇਹ ਹਾਲਾਤ ਸਰਕਾਰ ਦੇ ਖ਼ਰੀਦ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹਨ।
ਉਨ੍ਹਾਂ ਕਿਹਾ ਕਿ ਸ਼ੈਲਰਾਂ ਦੀ ਅਜਾਰੇਦਾਰੀ ਅਤੇ ਖ਼ਰੀਦ ਤੇ ਲਿਫ਼ਟਿੰਗ ਨਾਲ ਜੁੜੀਆਂ ਸਮੱਸਿਆਵਾਂ ਦਾ ਖ਼ਮਿਆਜ਼ਾ ਕਿਸਾਨਾਂ ਨੂੰ ਨਹੀਂ ਭੁਗਤਣਾ ਚਾਹੀਦਾ। ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਮੰਡੀਆਂ ਵਿੱਚ ਫ਼ਸਲ ਦੀ ਚੁਕਾਈ ਸਮੇਂ ਸਿਰ ਹੋਵੇ ਅਤੇ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਲਈ ਬੇਵਜ੍ਹਾ ਉਡੀਕ ਨਾ ਕਰਨੀ ਪਵੇ। ਜੇਕਰ ਸਰਕਾਰ ਕਿਸਾਨਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸੁਚੱਜੇ ਪ੍ਰਬੰਧ ਵੀ ਨਹੀਂ ਦੇ ਸਕਦੀ, ਤਾਂ ਉਸ ਦੇ ਕਿਸਾਨ-ਹਿਤੈਸ਼ੀ ਹੋਣ ਦੇ ਦਾਅਵਿਆਂ ਦਾ ਕੀ ਮਤਲਬ ਰਹਿ ਜਾਂਦਾ ਹੈ?
ਸਿੱਧੂ ਨੇ ਕਿਹਾ ਕਿ ਪੰਜਾਬ ਭਰ ਵਿੱਚ ਝੋਨੇ ’ਤੇ ਪ੍ਰਤੀ ਕੁਇੰਟਲ 70 ਤੋਂ 80 ਰੁਪਏ ਤੱਕ ਦੀ ਕਟੌਤੀ ਕੀਤੇ ਜਾਣ ਦੀਆਂ ਸ਼ਿਕਾਇਤਾਂ ਵੀ ਗੰਭੀਰ ਚਿੰਤਾ ਦਾ ਵਿਸ਼ਾ ਹਨ। ਜੇਕਰ ਕਿਸਾਨਾਂ ਦੀ ਫ਼ਸਲ ’ਤੇ ਬਿਨਾਂ ਜਾਇਜ਼ ਆਧਾਰ ਦੇ ਕਟੌਤੀਆਂ ਹੋ ਰਹੀਆਂ ਹਨ, ਤਾਂ ਇਹ ਉਨ੍ਹਾਂ ਦੀ ਮਿਹਨਤ ਦੀ ਕਮਾਈ ਨਾਲ ਬੇਇਨਸਾਫ਼ੀ ਹੈ। ਸਰਕਾਰ ਤੁਰੰਤ ਇਨ੍ਹਾਂ ਸ਼ਿਕਾਇਤਾਂ ਦੀ ਜਾਂਚ ਕਰਵਾਏ, ਕਟੌਤੀਆਂ ਦੇ ਕਾਰਨ ਸਪੱਸ਼ਟ ਕਰੇ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਪੂਰਾ ਮੁੱਲ ਦਿਵਾਏ। ਇਸ ਦੇ ਨਾਲ ਹੀ ਮੰਡੀਆਂ ਵਿੱਚ ਬਿਜਲੀ ਸਪਲਾਈ ਅਤੇ ਹੋਰ ਬੁਨਿਆਦੀ ਪ੍ਰਬੰਧਾਂ ਨੂੰ ਵੀ ਸੁਚਾਰੂ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਕਿਸਾਨ ਦਿਨ-ਰਾਤ ਮਿਹਨਤ ਕਰਕੇ ਦੇਸ਼ ਦਾ ਢਿੱਡ ਭਰਦੇ ਹਨ, ਪਰ ਅੱਜ ਉਨ੍ਹਾਂ ਨੂੰ ਆਪਣੀ ਹੀ ਫ਼ਸਲ ਵੇਚਣ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਪੰਜਾਬ ਸਰਕਾਰ ਨੂੰ ਇਸ਼ਤਿਹਾਰਾਂ ਅਤੇ ਵੱਡੇ-ਵੱਡੇ ਦਾਅਵਿਆਂ ਤੋਂ ਬਾਹਰ ਨਿਕਲ ਕੇ ਮੰਡੀਆਂ ਵਿੱਚ ਕਿਸਾਨਾਂ ਦੀ ਅਸਲ ਹਾਲਤ ਦਾ ਜਵਾਬ ਦੇਣਾ ਚਾਹੀਦਾ ਹੈ। ਕਾਂਗਰਸ ਪਾਰਟੀ ਕਿਸਾਨਾਂ ਦੇ ਹੱਕਾਂ ਲਈ ਡਟ ਕੇ ਖੜ੍ਹੀ ਹੈ ਅਤੇ ਕਿਸਾਨਾਂ ਨਾਲ ਹੋਣ ਵਾਲੀ ਕਿਸੇ ਵੀ ਬੇਇਨਸਾਫ਼ੀ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।
ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਸ. ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸ. ਬਲਜੀਤ ਸਿੰਘ ਭਾਗੋਮਾਜਰਾ, ਸ. ਅਵਤਾਰ ਸਿੰਘ ਤਾਰੀ ਸਾਬਕਾ ਸਰਪੰਚ ਭਾਗੋਮਾਜਰਾ, ਸ. ਭੁਪਿੰਦਰ ਸਿੰਘ ਲੰਬੜਦਾਰ ਭਾਗੋਮਾਜਰਾ, ਸ. ਗਗਨਦੀਪ ਸਿੰਘ ਬੈਰੋਪੁਰ, ਸ. ਚਰਨਜੀਤ ਸਿੰਘ ਮੰਗਾ ਭਾਗੋਮਾਜਰਾ ਅਤੇ ਸ. ਕਰਮਜੀਤ ਸਿੰਘ ਭਾਗੋਮਾਜਰਾ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
- Download Babushahi App
-
-