ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਵੱਲੋਂ ਮੰਡੀਆਂ ਵਿੱਚ ਝੋਨਾ ਸਬੰਧੀ ਜਾਂਚ ਦੀ ਮੰਗ
ਅਸ਼ੋਕ ਵਰਮਾ
ਬਠਿੰਡਾ, 17 ਨਵੰਬਰ 2026। ਭਾਰਤੀ ਜਨਤਾ ਪਾਰਟੀ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਪੰਜਾਬ ਵਿੱਚ ਝੋਨੇ ਦੀ ਖਰੀਦ ਪ੍ਰਣਾਲੀ ਨੂੰ ਲੈ ਕੇ ਬਠਿੰਡਾ ਦੀ ਅਨਾਜ ਮੰਡੀ ਵਿੱਚ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਸਿੰਗਲਾ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਬਠਿੰਡਾ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਝੋਨੇ ਦੀ ਖਰੀਦ ਪ੍ਰਣਾਲੀ ਦਾ ਜਾਇਜ਼ਾ ਲਿਆ। ਸਿੰਗਲਾ ਨੇ ਦੋਸ਼ ਲਗਾਇਆ ਕਿ ਭਗਵੰਤ ਮਾਨ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹੀ ਹੈ ਅਤੇ ਕਿਸਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਫ਼ਸਲ ਲੈ ਕੇ ਮੰਡੀਆਂ ਵਿੱਚ ਬੈਠੇ ਹਨ। ਦਸਹਿਰਾ ਅਤੇ ਹੋਰ ਤਿਉਹਾਰ ਵੀ ਕਿਸਾਨਾਂ ਨੇ ਮੰਡੀਆਂ ਵਿੱਚ ਹੀ ਗੁਜ਼ਾਰੇ। ਸਰਕਾਰ ਦੀ ਨਾਕਾਮੀ ਕਾਰਨ ਕਿਸਾਨ ਆਪਣੇ ਬੱਚਿਆਂ ਅਤੇ ਪਰਿਵਾਰ ਨਾਲ ਤਿਉਹਾਰ ਨਹੀਂ ਮਨਾ ਸਕੇ। ਇਹ ਬੇਹੱਦ ਮੰਦਭਾਗੀ ਗੱਲ ਹੈ ਕਿ ਅੰਨਦਾਤਾ ਨੂੰ ਆਪਣੀ ਮਿਹਨਤ ਦੀ ਕਮਾਈ ਵੇਚਣ ਲਈ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ।
ਸਿੰਗਲਾ ਨੇ ਮੰਗ ਕੀਤੀ ਕਿ ਬਠਿੰਡਾ ਮੰਡੀ ਵਿੱਚ ਝੋਨੇ ਦੀ ਆਮਦ ਅਤੇ ਖਰੀਦ ਪ੍ਰਕਿਰਿਆ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਜਾਂਚ ਵਿੱਚ ਇਹ ਪਤਾ ਲਗਾਇਆ ਜਾਵੇ ਕਿ ਬਾਹਰਲੇ ਸੂਬਿਆਂ ਤੋਂ ਕਿੰਨਾ ਝੋਨਾ ਮੰਡੀਆਂ ਵਿੱਚ ਪਹੁੰਚਿਆ, ਉਸ ਦੀ ਖਰੀਦ ਕਿਸ ਆਧਾਰ 'ਤੇ ਕੀਤੀ ਗਈ ਅਤੇ ਖਰੀਦ ਏਜੰਸੀਆਂ ਨੇ ਕਿਸ ਤਰ੍ਹਾਂ ਆਪਣੇ ਨਿਰਧਾਰਤ ਟੀਚੇ ਪੂਰੇ ਹੋਣ ਦਾ ਦਾਅਵਾ ਕੀਤਾ।ਉਨ੍ਹਾਂ ਕਿਹਾ ਕਿ ਜੇਕਰ ਸਥਾਨਕ ਕਿਸਾਨਾਂ ਦਾ ਲੱਖਾਂ ਗੱਟਾ ਝੋਨਾ ਮੰਡੀ ਵਿੱਚ ਪਿਆ ਹੈ ਅਤੇ ਖਰੀਦ ਏਜੰਸੀਆਂ ਆਪਣਾ ਟੀਚਾ ਪੂਰਾ ਹੋਣ ਦੀ ਗੱਲ ਕਰ ਰਹੀਆਂ ਹਨ ਤਾਂ ਇਹ ਗੰਭੀਰ ਜਾਂਚ ਦਾ ਵਿਸ਼ਾ ਹੈ। ਖਰੀਦ ਏਜੰਸੀਆਂ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਜੇਕਰ ਕਿਸੇ ਵੀ ਪੱਧਰ 'ਤੇ ਮਿਲੀਭੁਗਤ ਜਾਂ ਬੇਨਿਯਮੀਆਂ ਸਾਹਮਣੇ ਆਉਂਦੀਆਂ ਹਨ ਤਾਂ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਕਿਸਾਨਾਂ ਨੂੰ ਆਪਣੀ ਹੀ ਫ਼ਸਲ ਵੇਚਣ ਲਈ ਪ੍ਰੇਸ਼ਾਨ ਹੋਣਾ ਪਵੇ, ਪਰਿਵਾਰ ਤੋਂ ਦੂਰ ਮੰਡੀਆਂ ਵਿੱਚ ਰਾਤਾਂ ਗੁਜ਼ਾਰਨੀਆਂ ਪੈਣ ਅਤੇ ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਝੋਨੇ ਦੀ ਖਰੀਦ ਦੇ ਦੋਸ਼ ਸਾਹਮਣੇ ਆਉਣ ਤਾਂ ਸਰਕਾਰ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਬਠਿੰਡਾ ਅਨਾਜ ਮੰਡੀ ਵਿੱਚ ਕਿਸਾਨਾਂ ਦਾ ਕਰੀਬ 10 ਲੱਖ ਗੱਟਾ ਝੋਨਾ ਖਰੀਦ ਦੀ ਉਡੀਕ ਕਿਉਂ ਕਰ ਰਿਹਾ ਹੈ? ਖਰੀਦ ਟੀਚਾ ਪੂਰਾ ਹੋਣ ਦੇ ਸਰਕਾਰੀ ਦਾਅਵਿਆਂ ਪਿੱਛੇ ਅਸਲ ਅੰਕੜੇ ਕੀ ਹਨ? ਕਿਸਾਨ ਤਿਉਹਾਰਾਂ ਦੌਰਾਨ ਵੀ ਮੰਡੀਆਂ ਵਿੱਚ ਕਿਉਂ ਬੈਠੇ ਰਹੇ ਅਤੇ ਉਨ੍ਹਾਂ ਦੀ ਫ਼ਸਲ ਦੀ ਖਰੀਦ ਕਦੋਂ ਹੋਵੇਗੀ? ਇਨ੍ਹਾਂ ਸਵਾਲਾਂ ਦਾ ਜਵਾਬ ਦੇਣ ਦੇ ਨਾਲ-ਨਾਲ ਸਰਕਾਰ ਨੂੰ ਤੁਰੰਤ ਖਰੀਦ ਸ਼ੁਰੂ ਕਰਵਾਉਣੀ ਚਾਹੀਦੀ ਹੈ, ਕਿਸਾਨਾਂ ਦੀ ਫ਼ਸਲ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ ਅਤੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਖਰੀਦ ਦਾ ਰਿਕਾਰਡ ਜਨਤਕ ਕਰਨਾ ਚਾਹੀਦਾ ਹੈ।
- Download Babushahi App
-
-