ਭਾਜਪਾ ਨੇਤਾ ਗੁਰਦਰਸ਼ਨ ਸੈਣੀ ਨੇ PM Modi ਦੇ ਜਨਮ ਦਿਨ 'ਤੇ ਜਗਾਇਆ 'ਆਸ਼ੀਰਵਾਦ ਦਾ ਦੀਵਾ', MP ਸਤਨਾਮ ਸਿੰਘ ਸੰਧੂ ਪੁੱਜੇ - ਦਰਜਨਾਂ ਬੀਬੀਆਂ ਨੇ ਦੀਵੇ ਜਗਾ ਕੇ ਦਿੱਤੀ ਮੁਬਾਰਕ ਮੋਦੀ ਨੂੰ
ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ ਇਕੱਠੀਆਂ ਹੋਈਆਂ ਹਲਕੇ ਦੀਆਂ ਔਰਤਾਂ ਨੇ ਪੀ.ਐਮ. ਮੋਦੀ ਦੀ ਲੰਬੀ ਉਮਰ ਲਈ ਜਗਾਏ ਦੀਵੇ
ਸੰਧੂ ਨੇ ਗਿਣਾਏ ਕੇਂਦਰ ਸਰਕਾਰ ਦੀਆਂ ਸਕੀਮਾਂ ਦੇ ਲਾਭ; ਸੈਣੀ ਨੇ ਪੰਜਾਬ ਸਰਕਾਰ ਨੂੰ ਨਸ਼ਿਆਂ ਅਤੇ ਹਲਕੇ ਦੇ ਵਿਕਾਸ ਮੁੱਦਿਆਂ 'ਤੇ ਘੇਰਿਆ
ਬਾਬੂਸ਼ਾਹੀ ਨੈਟਵਰਕ
ਲਾਲੜੂ, 17 ਸਤੰਬਰ, 2026: ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਵਿੱਚ ਲਾਲੜੂ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਵਸ ਮਨਾਉਣ ਸਬੰਧੀ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਹਲਕੇ ਦੀਆਂ ਵੱਡੀ ਗਿਣਤੀ ਬੀਬੀਆਂ ਨੇ ਇਕੱਠੇ ਹੋ ਕੇ ਦੀਵੇ ਜਗਾਏ ਅਤੇ ਪ੍ਰਧਾਨ ਮੰਤਰੀ ਦੀ ਲੰਬੀ ਉਮਰ ਤੇ ਸਿਹਤਯਾਬੀ ਲਈ ਕਾਮਨਾ ਕੀਤੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਵਸ 'ਸੇਵਾ ਸੰਕਲਪ' ਵਜੋਂ ਮਨਾਇਆ ਜਾ ਰਿਹਾ ਹੈ। ਇਸੇ ਤਹਿਤ 'ਆਸ਼ੀਰਵਾਦ ਦਾ ਦੀਵਾ' ਪ੍ਰੋਗਰਾਮ ਉਲੀਕਿਆ ਗਿਆ ਹੈ। ਇਹ ਦੀਵਾ ਉਨ੍ਹਾਂ ਬੀਬੀਆਂ ਵੱਲੋਂ ਅਸੀਸ ਵਜੋਂ ਜਗਾਇਆ ਗਿਆ ਹੈ, ਜਿਨ੍ਹਾਂ ਨੂੰ ਕੇਂਦਰ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਸਿੱਧਾ ਲਾਭ ਮਿਲਿਆ ਹੈ। ਸੰਧੂ ਨੇ ਕਿਹਾ ਕਿ 'ਲਖਪਤੀ ਦੀਦੀ' ਸਕੀਮ ਤਹਿਤ ਹਜ਼ਾਰਾਂ ਔਰਤਾਂ ਨੇ ਆਪਣੇ ਕਾਰੋਬਾਰ ਸ਼ੁਰੂ ਕੀਤੇ ਹਨ, ਜਦਕਿ ਲੱਖਾਂ ਲੋਕਾਂ ਨੂੰ ਆਯੁਸ਼ਮਾਨ ਕਾਰਡ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪੱਕੇ ਮਕਾਨ ਮਿਲੇ ਹਨ। ਉਨ੍ਹਾਂ ਪਿਛਲੇ 12 ਸਾਲਾਂ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਲਗਭਗ ਸਵਾ ਲੱਖ ਗਰੀਬ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਛੱਤ ਮਿਲੀ ਹੈ ਅਤੇ 26 ਲੱਖ ਦੇ ਕਰੀਬ ਲੋਕਾਂ ਨੇ ਮੁਦਰਾ ਯੋਜਨਾ ਦਾ ਲਾਭ ਉਠਾਇਆ ਹੈ।
ਸਮਾਗਮ ਦੇ ਪ੍ਰਬੰਧਕ ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ 17 ਸਤੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਦਾ 76ਵਾਂ ਜਨਮ ਦਿਨ ਹੈ। ਉਨ੍ਹਾਂ ਨੇ ਭਾਰਤ ਨੂੰ ਵਿਕਾਸ ਦੀਆਂ ਜਿਹੜੀਆਂ ਬੁਲੰਦੀਆਂ 'ਤੇ ਪਹੁੰਚਾਇਆ ਹੈ, ਉਸ ਦੀ ਕਿਤੇ ਵੀ ਮਿਸਾਲ ਨਹੀਂ ਮਿਲਦੀ। ਪੰਜਾਬ ਦੀ ਮੌਜੂਦਾ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਸੈਣੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਸ਼ਾ ਖ਼ਤਮ ਕਰਨ ਦੇ ਦਾਅਵੇ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਹਨ। ਹਾਲ ਹੀ ਦੀਆਂ ਘਟਨਾਵਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਆਪਣੀ ਜਾਨ ਗਵਾਉਣੀ ਪੈ ਰਹੀ ਹੈ ਜਾਂ ਉਨ੍ਹਾਂ 'ਤੇ ਤਸ਼ੱਦਦ ਢਾਹਿਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਿੱਥੇ-ਜਿੱਥੇ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਹਨ ਉੱਥੇ ਨਸ਼ਾ ਅਤੇ ਗੁੰਡਾਗਰਦੀ ਖ਼ਤਮ ਹੋ ਚੁੱਕੀ ਹੈ ਇਸ ਲਈ ਪੰਜਾਬ ਨੂੰ ਵੀ ਭਾਜਪਾ ਸਰਕਾਰ ਦੀ ਲੋੜ ਹੈ।
ਇਸ ਮੌਕੇ ਸੀਨੀਅਰ ਭਾਜਪਾ ਯੂਥ ਆਗੂ ਹਰਦੀਪ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ 'ਤੇ ਹਾਰਦਿਕ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੀ ਲੰਬੀ ਉਮਰ ਤੇ ਸਿਹਤਯਾਬੀ ਦੀ ਕਾਮਨਾ ਕੀਤੀ। ਹਰਦੀਪ ਸੈਣੀ ਨੇ ਮੋਦੀ ਵੱਲੋਂ ਦੇਸ਼ ਹਿੱਤ ਵਿੱਚ ਕੀਤੇ ਗਏ ਮਹਾਨ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੋਦੀ ਦੀ ਦੂਰਅੰਦੇਸ਼ੀ ਸੋਚ ਕਾਰਨ ਅੱਜ ਭਾਰਤ ਪੂਰੀ ਦੁਨੀਆ ਵਿੱਚ ਇੱਕ ਮਜ਼ਬੂਤ ਤੇ ਆਤਮ ਨਿਰਭਰ ਰਾਸ਼ਟਰ ਵਜੋਂ ਉੱਭਰਿਆ ਹੈ, ਜਿਸ ਨਾਲ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਪਹਿਲਾਂ ਨਾਲੋਂ ਕਿਤੇ ਵੱਧ ਤਾਕਤਵਰ ਹੋਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਹਮੇਸ਼ਾ 'ਸਬਕਾ ਸਾਥ, ਸਬਕਾ ਵਿਕਾਸ' 'ਤੇ ਚੱਲਦਿਆਂ ਸਮਾਜ ਦੇ ਹਰ ਵਰਗ, ਖਾਸ ਕਰਕੇ ਗਰੀਬਾਂ ਅਤੇ ਕਿਸਾਨਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਸਿੱਧਾ ਪਹੁੰਚਾਇਆ ਹੈ। ਡਿਜੀਟਲ ਇੰਡੀਆ, ਆਯੁਸ਼ਮਾਨ ਭਾਰਤ ਅਤੇ ਕਰੋੜਾਂ ਪੱਕੇ ਘਰਾਂ ਦੀ ਉਸਾਰੀ ਵਰਗੇ ਕੰਮਾਂ ਨੇ ਆਮ ਆਦਮੀ ਦਾ ਜੀਵਨ ਪੱਧਰ ਉੱਚਾ ਚੁੱਕਿਆ ਹੈ। ਅੱਜ ਮੋਦੀ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਪੱਧਰ 'ਤੇ ਭਾਰਤ ਦਾ ਮਾਣ, ਸਤਿਕਾਰ ਅਤੇ ਪ੍ਰਭਾਵ ਬਹੁਤ ਜ਼ਿਆਦਾ ਵਧਿਆ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਮੋਦੀ ਦੇ 'ਵਿਕਸਿਤ ਭਾਰਤ' ਦੇ ਸੁਪਨੇ ਨੂੰ ਸਾਕਾਰ ਕਰਨ ਲਈ ਆਪਣਾ ਪੂਰਨ ਯੋਗਦਾਨ ਪਾਉਣ।
- Download Babushahi App
-
-