ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ 10 ਜੁਲਾਈ ਨੂੰ ਚੰਡੀਗੜ੍ਹ ਕੂਚ ਦੀਆਂ ਤਿਆਰੀਆਂ ਮੁਕੰਮਲ
ਅਸ਼ੋਕ ਵਰਮਾ
ਬਰਨਾਲਾ, 2 ਜੁਲਾਈ 2026 :ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਪ੍ਰਧਾਨਗੀ ਹੇਠ ਬਰਨਾਲਾ ਦੇ ਗੁਰਦੁਆਰਾ ਸਾਹਿਬ ਬੀਬੀ ਪ੍ਰਧਾਨ ਕੌਰ ਵਿਖੇ ਹੋਈ। ਮੀਟਿੰਗ ਦੇ ਫੈਸਲਿਆਂ ਦੀ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਜਥੇਬੰਦਕ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ ਅਤੇ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਨੇ ਦੱਸਿਆ ਕਿ 10 ਜੁਲਾਈ ਨੂੰ ਭਾਕਿਯੂ ਏਕਤਾ ਡਕੌਂਦਾ ਅਤੇ ਭਾਕਿਯੂ ਏਕਤਾ ਉਗਰਾਹਾਂ ਵੱਲੋਂ ਸਾਂਝੇ ਤੌਰ ਤੇ ਅਮਰੀਕਾ ਈਰਾਨ ਨਿਹੱਕੀ ਜੰਗ ਦਾ ਬੋਝ ਲੋਕਾਂ ਤੇ ਪਾਉਣ ਦੇ ਖ਼ਿਲਾਫ਼, ਸਾਮਰਾਜੀ ਦੇਸ਼ਾਂ ਨਾਲ ਚੱਲ ਰਹੀ ਮੁਕਤ ਵਪਾਰ ਸਮਝੌਤਿਆਂ ਦੀ ਗੱਲਬਾਤ ਰੱਦ ਕਰਨ, ਡੀਜ਼ਲ ਪੈਟਰੋਲ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਦੇ ਖ਼ਿਲਾਫ਼, ਭਾਰਤ ਅਤੇ ਪੰਜਾਬ ਵਿੱਚ ਮਜ਼ਦੂਰਾਂ ਤੇ ਹੋ ਰਹੇ ਜਬਰ ਦੇ ਖਿਲਾਫ਼, ਖਾਦਾਂ ਦਾ ਪੂਰਾ ਪ੍ਰਬੰਧ ਕਰਵਾਉਣ ਲਈ, ਬਿਜਲੀ ਸੋਧ ਬਿੱਲ-2025 ਅਤੇ ਬੀਜ ਬਿੱਲ-2025 ਰੱਦ ਕਰਵਾਉਣ ਲਈ ਚੰਡੀਗੜ੍ਹ ਵਿਖੇ ਇਕ ਰੋਜਾ ਧਰਨਾ ਅਤੇ ਮੁਜ਼ਾਹਰਾ ਕਰਕੇ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ ਜਾਵੇਗਾ।
ਮੀਟਿੰਗ ਵਿੱਚ ਚੰਡੀਗੜ੍ਹ ਪਹੁੰਚਣ ਲਈ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਵਿੱਚ ਪ੍ਰਾਪਤ ਸੂਚਨਾ ਅਨੁਸਾਰ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਅਤੇ ਬੀਬੀਆਂ 10 ਜੁਲਾਈ ਨੂੰ ਹੁੰਮ ਹੁਮਾ ਕੇ ਚੰਡੀਗੜ੍ਹ ਪਹੁੰਚਣਗੇ।
ਸੂਬਾ ਖਜ਼ਾਨਚੀ ਗੁਰਦੇਵ ਸਿੰਘ ਮਾਂਗੇਵਾਲ ਅਤੇ ਸੂਬਾ ਕਮੇਟੀ ਮੈਂਬਰ ਮੱਖਣ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ 13 ਜੁਲਾਈ ਨੂੰ ਜਥੇਬੰਦੀ ਦੇ ਬਾਨੀ ਪ੍ਰਧਾਨ ਮਰਹੂਮ ਬਲਕਾਰ ਸਿੰਘ ਡਕੌਂਦਾ ਦੀ 16ਵੀਂ ਬਰਸੀ ਸੰਗਰਾਮੀ ਜੋਸ਼ ਨਾਲ ਮਨਾਉਣ ਦਾ ਫੈਸਲਾ ਕੀਤਾ ਗਿਆ। ਇਸ ਸਬੰਧੀ 13 ਜੁਲਾਈ ਨੂੰ ਬਰਨਾਲਾ ਦੇ ਸੂਬਾਈ ਤਰਕਸ਼ੀਲ ਭਵਨ ਵਿਖੇ ਕਨਵੈਨਸ਼ਨ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ 22 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅਮਰੀਕਾ ਅਤੇ ਹੋਰ ਦੇਸ਼ਾਂ ਨਾਲ ਹੋ ਰਹੇ ਮੁਕਤ ਵਪਾਰ ਸਮਝੌਤਿਆਂ ਦੇ ਖ਼ਿਲਾਫ਼ ਸਾਰੇ ਪੰਜਾਬ ਦੇ ਟੋਲ ਪਲਾਜੇ 12 ਵਜੇ ਤੋਂ ਤਿੰਨ ਵਜੇ ਤੱਕ ਫਰੀ ਕੀਤੇ ਜਾਣਗੇ ਅਤੇ ਭਾਜਪਾ ਆਗੂਆਂ ਦੇ ਘਰਾਂ ਮੂਹਰੇ ਧਰਨੇ ਵੀ ਲਾਏ ਜਾਣਗੇ।
ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਮੁਕਤ ਵਪਾਰ ਸਮਝੌਤੇ ਸਾਰੇ ਦੇਸ਼ ਦੇ ਕਿਸਾਨਾਂ ਮਜ਼ਦੂਰਾਂ ਅਤੇ ਹੋਰ ਮਿਹਨਤਕਸ਼ ਲੋਕਾਂ ਲਈ ਤਬਾਹੀ ਲਿਆਉਣਗੇ। ਇਸ ਲਈ ਇਨ੍ਹਾਂ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ।
ਉਪਰੋਕਤ ਤੋਂ ਇਲਾਵਾ ਪਾਕਿਸਤਾਨ ਦੇ ਬਾਰਡਰ ਦੇ ਨਾਲ ਨਾਲ ਗੁਰਦਾਸਪੁਰ ਤੋਂ ਲੈ ਕੇ ਰਾਜਸਥਾਨ ਤੱਕ ਲਗਭਗ 150 ਕਿਲੋਮੀਟਰ ਲੰਬਾ ਅਤੇ 75 ਮੀਟਰ ਚੌੜਾ ਡਿਫੈਂਸ ਬੰਨ੍ਹ ਬਣਾਉਣ ਲਈ ਕਿਸਾਨਾਂ ਦੀਆਂ ਜ਼ਮੀਨਾਂ ਜਬਰੀ ਖੋਹਣ ਦੀਆਂ ਚੱਲ ਰਹੀਆਂ ਕਾਰਵਾਈਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਹਰੀਸ਼ ਨੱਢਾ ਦੀ ਅਗਵਾਈ ਵਿੱਚ ਸੰਘਰਸ਼ ਲੜਿਆ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਅੱਜ 'ਜ਼ਮੀਨ ਬਚਾਓ ਸੰਘਰਸ਼ ਕਮੇਟੀ' ਦੀ ਗਵਰਨਰ ਪੰਜਾਬ ਨਾਲ ਹੋ ਰਹੀ ਮੀਟਿੰਗ ਦੀ ਕਾਰਵਾਈ ਨੂੰ ਦੇਖ ਕੇ ਅਗਲਾ ਕਦਮ ਚੁੱਕਿਆ ਜਾਵੇਗਾ। ਫ਼ੈਸਲਾ ਕੀਤਾ ਗਿਆ ਕਿ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਜ਼ਮੀਨ ਤੋਂ ਵਿਰਵੇ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੇ ਜਾਨ ਮਾਲ ਅਤੇ ਜ਼ਮੀਨ ਦੀ ਰਾਖੀ ਕਰਨ ਲਈ ਹਰ ਸੰਭਵ ਹੱਦ ਤੱਕ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਹਰਵਿੰਦਰ ਸਿੰਘ ਕੋਟਲੀ, ਲਖਵੀਰ ਸਿੰਘ ਅਕਲੀਆ, ਜੁਗਰਾਜ ਸਿੰਘ ਹਰਦਾਸਪੁਰਾ, ਪਰਦੀਪ ਮੁਸਾਹਿਬ, ਅਮਰਜੀਤ ਸਿੰਘ ਹਨੀ, ਕੁਲਵੰਤ ਸਿੰਘ ਮਾਨ, ਰਾਣਾ ਹਰਜਿੰਦਰ ਸਿੰਘ ਸੈਦੋਵਾਲ, ਤਾਰਾ ਚੰਦ ਬਰੇਟਾ, ਸਰਪੰਚ ਰਣਵੀਰ ਸਿੰਘ ਰੁੜਕਾ, ਮੱਖਣ ਸਿੰਘ ਦੁੱਗਾਂ, ਮਨਜਿੰਦਰ ਕਮਲ, ਸਤਨਾਮ ਸਿੰਘ ਬਰਨਾਲਾ ਅਤੇ ਦੇਵੀ ਰਾਮ ਰੰਘੜਿਆਲ ਤੋਂ ਇਲਾਵਾ ਹੋਰ ਵੀ ਕਿਸਾਨ ਆਗੂ ਹਾਜ਼ਰ ਸਨ।
- Download Babushahi App
-
-