ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ 4 ਜੁਲਾਈ ਨੂੰ ਚੰਡੀਗੜ੍ਹ ਵੱਲ ਕੂਚ ਕਰਨ ਐਲਾਨ
ਅਸ਼ੋਕ ਵਰਮਾ
ਬਰਨਾਲਾ, 19 ਜੂਨ 2026 : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਪ੍ਰਧਾਨਗੀ ਹੇਠ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਹੋਈ। ਮੀਟਿੰਗ ਦੇ ਫੈਸਲਿਆਂ ਦੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂਆਂ ਨੇ ਦੱਸਿਆ ਕਿ 4 ਜੁਲਾਈ ਨੂੰ ਦੋ ਜਥੇਬੰਦੀਆਂ ਭਾਕਿਯੂ ਏਕਤਾ ਡਕੌਂਦਾ ਅਤੇ ਭਾਕਿਯੂ ਏਕਤਾ ਉਗਰਾਹਾਂ ਵੱਲੋਂ ਸਾਂਝੇ ਤੌਰ ਤੇ ਅਮਰੀਕਾ ਈਰਾਨ ਨਿਹੱਕੀ ਜੰਗ ਦਾ ਬੋਝ ਲੋਕਾਂ ਤੇ ਪਾਉਣ ਦੇ ਖ਼ਿਲਾਫ਼, ਸਾਮਰਾਜੀ ਦੇਸ਼ਾਂ ਨਾਲ ਚੱਲ ਰਹੀ ਮੁਕਤ ਵਪਾਰ ਸਮਝੌਤਿਆਂ ਦੀ ਗੱਲਬਾਤ ਰੱਦ ਕਰਨ, ਡੀਜ਼ਲ ਪੈਟਰੋਲ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਦੇ ਖ਼ਿਲਾਫ਼, ਭਾਰਤ ਅਤੇ ਪੰਜਾਬ ਵਿੱਚ ਮਜ਼ਦੂਰਾਂ ਤੇ ਹੋ ਰਹੇ ਜ਼ਬਰ ਦੇ ਖਿਲਾਫ, ਖਾਦਾਂ ਦਾ ਪੂਰਾ ਪ੍ਰਬੰਧ ਕਰਵਾਉਣ ਲਈ, ਬਿਜਲੀ ਸੋਧ ਬਿੱਲ 2025 ਅਤੇ ਬੀਜ ਬਿੱਲ 2025 ਰੱਦ ਕਰਵਾਉਣ ਲਈ ਚੰਡੀਗੜ੍ਹ ਵਿਖੇ ਇੱਕ ਰੋਜਾ ਧਰਨਾ ਅਤੇ ਮੁਜ਼ਾਹਰਾ ਕਰਕੇ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ ਜਾਵੇਗਾ।
ਮੀਟਿੰਗ ਵਿੱਚ ਚੰਡੀਗੜ੍ਹ ਪਹੁੰਚਣ ਲਈ ਸਾਰੇ ਜ਼ਿਲ੍ਹਿਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਅਤੇ ਇਨ੍ਹਾਂ ਮੁੱਦਿਆਂ ਤੇ ਪ੍ਰਚਾਰ ਮੁਹਿੰਮ ਭਖਾਉਣ ਲਈ ਵਿਉਂਤਬੰਦੀ ਕੀਤੀ ਗਈ। ਜਥੇਬੰਦੀ ਦੇ ਸਾਰੇ ਆਗੂ ਅਤੇ ਵਰਕਰ 4 ਜੁਲਾਈ ਨੂੰ ਹੁੰਮ ਹੁਮਾ ਕੇ ਚੰਡੀਗੜ੍ਹ ਪਹੁੰਚਣਗੇ।
ਸੂਬਾ ਜਥੇਬੰਦਕ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ ਅਤੇ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਨੇ ਦੱਸਿਆ ਕਿ ਮੀਟਿੰਗ ਦੌਰਾਨ 16 ਜੂਨ ਨੂੰ ਪੰਚਾਇਤ ਵਿਭਾਗ ਵੱਲੋਂ ਮਾਨਸਾ ਜ਼ਿਲ੍ਹੇ ਦੇ ਪਿੰਡ ਕੁੱਲਰੀਆਂ ਦੇ ਆਬਾਦਕਾਰਾਂ ਦੀ ਜ਼ਮੀਨ ਦਾ ਕਬਜ਼ਾ ਵਾਰੰਟ ਜਾਰੀ ਕਰਵਾ ਕੇ ਕਿਸਾਨਾਂ ਤੋਂ ਕਬਜ਼ਾ ਖੋਹਣ ਦੀ ਕੋਸ਼ਿਸ਼ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। 15 ਅਤੇ 16 ਜੂਨ ਨੂੰ ਕੁੱਲਰੀਆਂ ਵਿਖੇ ਪਹੁੰਚੇ ਕਿਸਾਨ ਆਗੂਆਂ, ਵਰਕਰਾਂ ਅਤੇ ਬੀਬੀਆਂ ਦਾ ਧੰਨਵਾਦ ਕਰਦੇ ਹੋਏ ਭਵਿੱਖ ਵਿੱਚ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਗਿਆ।
ਮੀਟਿੰਗ ਵਿੱਚ ਆਬਾਦਕਾਰਾਂ ਦੀ ਜ਼ਮੀਨ ਦਾ ਕਬਜ਼ਾ ਬਹਾਲ ਰੱਖਣ ਅਤੇ ਮਾਲਕੀ ਹੱਕ ਲੈਣ ਤੱਕ ਲੜਨ ਦਾ ਅਹਿਦ ਦੁਹਰਾਇਆ ਗਿਆ।ਸੂਬਾ ਖਜ਼ਾਨਚੀ ਗੁਰਦੇਵ ਸਿੰਘ ਮਾਂਗੇਵਾਲ ਅਤੇ ਸੂਬਾ ਕਮੇਟੀ ਮੈਂਬਰ ਮੱਖਣ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ 13 ਜੁਲਾਈ ਨੂੰ ਜਥੇਬੰਦੀ ਦੇ ਬਾਨੀ ਪ੍ਰਧਾਨ ਮਰਹੂਮ ਬਲਕਾਰ ਸਿੰਘ ਡਕੌਂਦਾ ਦੀ 16ਵੀਂ ਬਰਸੀ ਸੰਗਰਾਮੀ ਜੋਸ਼ ਨਾਲ ਮਨਾਉਣ ਦਾ ਫੈਸਲਾ ਕੀਤਾ ਗਿਆ। ਇਸ ਸਬੰਧੀ 13 ਜੁਲਾਈ ਨੂੰ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਸੂਬਾਈ ਕਨਵੈਨਸ਼ਨ ਕੀਤੀ ਜਾਵੇਗੀ। ਇਸ ਮੌਕੇ ਪਾਕਿਸਤਾਨ ਦੇ ਬਾਰਡਰ ਦੇ ਨਾਲ ਨਾਲ ਗੁਰਦਾਸਪੁਰ ਤੋਂ ਲੈ ਕੇ ਰਾਜਸਥਾਨ ਤੱਕ ਲਗਭਗ 150 ਕਿਲੋਮੀਟਰ ਲੰਬਾ ਅਤੇ 75 ਮੀਟਰ ਚੌੜਾ ਡਿਫੈਂਸ ਬੰਨ੍ਹ ਬਣਾਉਣ ਲਈ ਕਿਸਾਨਾਂ ਦੀਆਂ ਜ਼ਮੀਨਾਂ ਜਬਰੀ ਖੋਹਣ ਦੀਆਂ ਚੱਲ ਰਹੀਆਂ ਕਾਰਵਾਈਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਸੂਬਾ ਮੀਤ ਪ੍ਰਧਾਨ ਹਰੀਸ਼ ਨੱਢਾ ਦੀ ਅਗਵਾਈ ਵਿੱਚ ਪੱਕਾ ਮੋਰਚਾ ਪਹਿਲਾਂ ਹੀ ਲਾ ਦਿੱਤਾ ਗਿਆ ਹੈ।
ਇਸ ਮੌਕੇ ਫ਼ੈਸਲਾ ਕੀਤਾ ਗਿਆ ਕਿ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਕਿਸਾਨਾਂ ਦੇ ਜਾਨ ਮਾਲ ਅਤੇ ਜ਼ਮੀਨ ਦੀ ਰਾਖੀ ਕਰਨ ਲਈ ਹਰ ਸੰਭਵ ਹੱਦ ਤੱਕ ਸੰਘਰਸ਼ ਕੀਤਾ ਜਾਵੇਗਾ।ਮੀਟਿੰਗ ਵਿੱਚ ਸੂਬਾ ਕਮੇਟੀ ਅਹੁਦੇਦਾਰਾਂ ਤੋਂ ਇਲਾਵਾ 13 ਜ਼ਿਲ੍ਹਿਆਂ ਦੇ ਨੁਮਾਇੰਦਿਆਂ ਨੇ ਭਾਗ ਲਿਆ। ਮੀਟਿੰਗ ਵਿੱਚ ਹੋਰਨਾ ਤੋਂ ਇਲਾਵਾ ਬਲਵੰਤ ਸਿੰਘ ਉੱਪਲੀ, ਜਗੀਰ ਸਿੰਘ ਖਹਿਰਾ, ਜਗਤਾਰ ਸਿੰਘ ਦੇਹੜਕਾ, ਹਰਵਿੰਦਰ ਸਿੰਘ ਕੋਟਲੀ, ਲਖਵੀਰ ਸਿੰਘ ਅਕਲੀਆ, ਜਗਰਾਜ ਸਿੰਘ ਹਰਦਾਸਪੁਰਾ, ਜਗਤਾਰ ਸਿੰਘ ਦੁੱਗਾਂ, ਤਰਸੇਮ ਸਿੰਘ ਬੱਸੂਵਾਲ, ਪਰਦੀਪ ਮੁਸਾਹਿਬ, ਰਵਿੰਦਰਜੀਤ ਸਿੰਘ ਢੈਪਈ, ਸੁਖਚੈਨ ਸਿੰਘ ਰਾਜੂ, ਗੁਰਦੀਪ ਸਿੰਘ ਖੁੱਡੀਆਂ, ਸਤਨਾਮ ਸਿੰਘ ਬਰਨਾਲਾ, ਦੇਵੀ ਰਾਮ ਰੰਘੜਿਆਲ, ਜਸਪ੍ਰੀਤ ਸਿੰਘ ਕੁਹਾਰ ਵਾਲਾ ਅਤੇ ਬਾਬੂ ਸਿੰਘ ਖੁੱਡੀ ਕਲਾਂ ਵੀ ਹਾਜ਼ਰ ਸਨ।
- Download Babushahi App
-
-