ਮਨਰੇਗਾ ਨੂੰ ਕਮਜ਼ੋਰ ਕਰਨ ਤੇ ਮਹਾਤਮਾ ਗਾਂਧੀ ਦਾ ਨਾਮ ਕੱਟਣ ਖਿਲਾਫ ਫੂਕਿਆ ਕੇਂਦਰ ਦਾ ਪੁਤਲਾ
ਅਸ਼ੋਕ ਵਰਮਾ
ਬਠਿੰਡਾ 21ਦਸੰਬਰ 2025:ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮਨਰੇਗਾ ਕਾਨੂੰਨ ਨੂੰ ਕਮਜ਼ੋਰ ਕਰਦੇ ਹੋਏ ਮਹਾਤਮਾ ਗਾਂਧੀ ਦਾ ਨਾਮ ਹਟਾਉਣ ਅਤੇ ਗਰੀਬਾਂ ਨੂੰ ਮਿਲਦੇ ਕੰਮ ਕਰਨ ਦੇ ਕਾਨੂੰਨੀ ਅਧਿਕਾਰ ਖਤਮ ਕਰਨ ਦੀ ਕੋਸ਼ਿਸ਼ ਖਿਲਾਫ ਅੱਜ ਕਾਂਗਰਸ ਪਾਰਟੀ ਨੇ ਸ਼ਹਿਰੀ ਪ੍ਰਧਾਨ ਰਾਜਨ ਗਰਗ ਅਤੇ ਦਿਹਾਤੀ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਹੇਠ ਕੇਂਦਰ ਦੀ ਭਾਜਪਾ ਸਰਕਾਰ ਦਾ ਪੁਤਲਾ ਸਾੜਿਆ ਅਤੇ ਇਹਨਾਂ ਲੋਕ ਵਿਰੋਧੀ ਫੈਸਲਿਆਂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ।ਇਸ ਮੌਕੇ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟ ਭਾਈ ਅਤੇ ਰਾਜਨ ਗਰਗ ਨੇ ਕਿਹਾ ਕਿ ਮਨਰੇਗਾ ਕਾਨੂੰਨ ਨੂੰ ਕਮਜ਼ੋਰ ਕਰਨ ਅਤੇ ਮਹਾਤਮਾ ਗਾਂਧੀ ਦਾ ਨਾਮ ਹਟਾਉਣ ਲਈ ਕੀਤੀ ਗਈ ਕਾਰਵਾਈ ਦੇ ਢੰਗ ਤਰੀਕਿਆਂ ਤੋਂ ਕੇਂਦਰ ਦੀ ਭਾਜਪਾ ਸਰਕਾਰ ਦੀ ਮਜ਼ਦੂਰ ਅਤੇ ਲੋਕ ਵਿਰੋਧੀ ਕਾਰਵਾਈ ਸਾਹਮਣੇ ਆਉਂਦੀ ਹੈ। ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਸੂਬਿਆਂ ਦਾ ਹਿੱਸਾ 40 ਫੀਸਦੀ ਕਰਕੇ ਕੇਂਦਰ ਨੇ ਪਹਿਲਾਂ ਤੋਂ ਹੀ ਆਰਥਿਕ ਮਾਰਚ ਚੱਲ ਰਹੇ ਸੂਬਿਆਂ ਤੇ ਹੋਰ ਜਿਆਦਾ ਆਰਥਿਕ ਬੋਝ ਲੱਦ ਦਿੱਤਾ ਹੈ ਜੋ ਕਿ ਸਿਰੇ ਦੀ ਨਿੰਦਣਯੋਗ ਕਾਰਵਾਈ ਹੈ।
ਉਹਨਾਂ ਇਹ ਵੀ ਕਿਹਾ ਕਿ ਪਹਿਲਾਂ ਮਜ਼ਦੂਰਾਂ ਨੂੰ ਮਨਰੇਗਾ ਤਹਿਤ ਕੰਮ ਮਿਲਦਾ ਯਕੀਨੀ ਹੁੰਦਾ ਸੀ ਪਰ ਹੁਣ ਉਹ ਕੰਮ ਘਟਾਉਣ ਦੇ ਵੀ ਹਥਕੰਡੇ ਅਪਣਾਏ ਜਾ ਰਹੇ ਹਨ ਜਿਸ ਦਾ ਕਾਂਗਰਸ ਡੱਟ ਕੇ ਵਿਰੋਧ ਕਰਦੀ ਹੈ। ਉਹਨਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਜਿੱਥੇ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੀ ਹੈ ਉਥੇ ਹੀ ਰੁਜ਼ਗਾਰ ਦੇ ਸਾਧਨ ਪੈਦਾ ਕਰਨ ਦੀ ਬਜਾਏ ਰੁਜ਼ਗਾਰ ਖੋਹਣ ਦੇ ਤਰੀਕੇ ਵਰਤੇ ਜਾ ਰਹੇ ਹਨ ਪ੍ਰੰਤੂ ਦੇਸ਼ ਦੀ ਕਾਂਗਰਸ ਪਾਰਟੀ ਦੇਸ਼ ਲਈ ਹਮੇਸ਼ਾ ਲੜਾਈ ਲੜਦੀ ਰਹੀ ਹੈ ਅਤੇ ਹੁਣ ਵੀ ਬੂਥ ਤੱਕ ਵਿਰੋਧ ਕਰੇਗੀ। ਇਸ ਮੌਕੇ ਕਾਂਗਰਸ ਲੀਡਰਸ਼ਿਪ ਇੱਕ ਮਤੇ ਰਾਹੀਂ ਇਸ ਬਿੱਲ ਨੂੰ ਰੱਦ ਕਰਨ ਅਤੇ ਪੂਰਨ ਗਰੰਟੀ ਦੇਣ ਦੀ ਮੰਗ ਕੀਤੀ। ਕਾਂਗਰਸੀ ਆਗੂਆਂ ਨੇ ਕਿਹਾ ਕਿ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਆਉਣ ਤੇ ਇਹਨਾਂ ਸਾਜਿਸ਼ਾਂ ਨੂੰ ਰੱਦ ਕਰਕੇ ਮਜ਼ਦੂਰਾਂ ਦੇ ਹੱਕ ਬਹਾਲ ਕੀਤੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਰੁਣ ਵਧਾਵਨ, ਟਹਿਲ ਸਿੰਘ ਸੰਧੂ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ ਕਿਰਨਜੀਤ ਸਿੰਘ ਗਹਿਰੀ , ਬਲਜਿੰਦਰ ਸਿੰਘ ਠੇਕੇਦਾਰ ਬਲਵੰਤ ਰਾਏ ਨਾਥ ਅਤੇ ਕੌਂਸਲਰ ਹਰਵਿੰਦਰ ਸਿੰਘ ਲੱਡੂ ਸਮੇਤ ਵੱਡੀ ਗਿਣਤੀ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।