ਮਨਿਸਟੀਰੀਅਲ ਕਾਮਿਆਂ ਦੀ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਅੱਜ ਵੀ ਜਾਰੀ ਰਹੀ
27 ਅਗਸਤ ਨੂੰ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਰਹੇਗਾ ਮੁਕੰਮਲ ਬੰਦ ਰਹੇਗਾ
ਖੰਨਾ ( ਰਵਿੰਦਰ ਢਿੱਲੋਂ) ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਮੁਲਾਜ਼ਮ ਅਤੇ ਪੈਨਸ਼ਨਰ ਦੀਆਂ ਸਾਂਝੀਆਂ ਜਥੇਬੰਦੀਆਂ ਦੇ ਸੱਦੇ ’ਤੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਮਨਿਸਟੀਰੀਅਲ ਕਾਮਿਆਂ ਵੱਲੋਂ ਚਲਾਈ ਜਾ ਰਹੀ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਅੱਜ ਵੀ ਜਾਰੀ ਰਹੀ। ਵੱਖ-ਵੱਖ ਵਿਭਾਗਾਂ ਦੇ ਮਨਿਸਟੀਰੀਅਲ ਕਾਮਿਆਂ ਨੇ ਸਰਕਾਰੀ ਕੰਮਕਾਜ ਦਾ ਬਾਈਕਾਟ ਕਰਕੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟਾਇਆ।
ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਮਨਿਸਟੀਰੀਅਲ ਕਾਮਿਆਂ ਵੱਲੋਂ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸੌਰਭ ਦਾਸ ਦੇ ਪੁਤਲੇ ਫੂਕ ਕੇ ਆਪਣਾ ਰੋਸ ਪ੍ਰਗਟਾਇਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਖੱਟੜਾ ਨੇ ਦੱਸਿਆ ਕਿ 27 ਅਗਸਤ ਦੇ ਸਰਕਾਰੀ ਦਫ਼ਤਰੀ ਮਹਾਂਬੰਦ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕਰਦਿਆਂ ਇਸ ਐਕਸ਼ਨ ਨੂੰ ਸਫਲ ਬਣਾਉਣ ਲਈ ਸਾਂਝੀ ਰਣਨੀਤੀ ਉਲੀਕੀ ਗਈ ਹੈ। ਆਗੂਆਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਐਲਾਨ ਕੀਤਾ ਕਿ 27 ਅਗਸਤ ਨੂੰ ਸਰਕਾਰੀ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਮੁਕੰਮਲ ਤੌਰ ’ਤੇ ਬੰਦ ਰੱਖਣਗੇ ਅਤੇ ਵੱਧ-ਚੜ੍ਹ ਕੇ ਸੰਘਰਸ਼ ਵਿੱਚ ਸ਼ਮੂਲੀਅਤ ਕਰਨਗੇ।
ਜਥੇਬੰਦੀਆਂ ਦੇ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਸਪੱਸ਼ਟ ਕੀਤਾ ਕਿ 27 ਅਗਸਤ ਦਾ ਮਹਾਂਬੰਦ ਸਿਰਫ਼ ਸਰਕਾਰੀ ਮੁਲਾਜ਼ਮਾਂ ਵੱਲੋਂ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਨੂੰ ਬੰਦ ਰੱਖਣ ਤੱਕ ਹੀ ਸੀਮਤ ਹੈ। ਇਹ ਐਕਸ਼ਨ ਸਰਕਾਰੀ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਨਾਲ ਸਬੰਧਿਤ ਹੈ।
ਆਗੂਆ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਧਾਰੀ ਚੁੱਪ ਅਤੇ ਲਗਾਤਾਰ ਟਾਲਮਟੋਲ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਅੱਜ ਪੰਜਾਬ ਭਰ ਵਿੱਚ ਹੋਏ ਪੁਤਲਾ ਫੂਕ ਪ੍ਰਦਰਸ਼ਨਾਂ ਰਾਹੀਂ ਮੁਲਾਜ਼ਮਾਂ ਨੇ ਸਰਕਾਰ ਨੂੰ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਹੁਣ ਸਿਰਫ਼ ਭਰੋਸਿਆਂ ਨਾਲ ਗੱਲ ਨਹੀਂ ਬਣੇਗੀ, ਸਗੋਂ ਮੰਗਾਂ ਦਾ ਠੋਸ ਅਤੇ ਸਮਾਂਬੱਧ ਹੱਲ ਕਰਨਾ ਪਵੇਗਾ।
ਆਗੂਆ ਨੇ ਅੱਗੇ ਕਿਹਾ ਕਿ ਇਹ ਸੰਘਰਸ਼ ਸਿਰਫ਼ ਤਨਖ਼ਾਹਾਂ ਜਾਂ ਵਿੱਤੀ ਲਾਭਾਂ ਤੱਕ ਸੀਮਤ ਨਹੀਂ ਹੈ, ਸਗੋਂ ਪੁਰਾਣੀ ਪੈਨਸ਼ਨ, ਪੱਕੇ ਰੁਜ਼ਗਾਰ, ਪੂਰੀ ਤਨਖ਼ਾਹ, ਮੁਲਾਜ਼ਮਾਂ ਦੇ ਹੱਕਾਂ ਅਤੇ ਪੰਜਾਬ ਦੇ ਨੌਜਵਾਨਾਂ ਦੇ ਸੁਰੱਖਿਅਤ ਭਵਿੱਖ ਨਾਲ ਵੀ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਅਸਲ ਮੰਗਾਂ ਅਤੇ ਸੰਘਰਸ਼ ਦੇ ਕਾਰਨਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਪੈਂਫਲੈਟਾਂ, ਪੋਸਟਰਾਂ, ਹੋਰਡਿੰਗਾਂ ਅਤੇ ਸੋਸ਼ਲ ਮੀਡੀਆ ਰਾਹੀਂ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਆਗੂਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਦੇ ਸਬਰ ਨੂੰ ਉਨ੍ਹਾਂ ਦੀ ਕਮਜ਼ੋਰੀ ਨਾ ਸਮਝਿਆ ਜਾਵੇ ਅਤੇ ਟਕਰਾਅ ਦੀ ਸਥਿਤੀ ਪੈਦਾ ਕਰਨ ਦੀ ਬਜਾਏ ਜਥੇਬੰਦੀ ਨੂੰ ਤੁਰੰਤ ਗੱਲਬਾਤ ਲਈ ਬੁਲਾ ਕੇ ਲੰਬਿਤ ਮੰਗਾਂ ਦਾ ਸਮਾਂਬੱਧ ਅਤੇ ਠੋਸ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਪ੍ਰਤੀ ਗੰਭੀਰਤਾ ਨਾ ਦਿਖਾਈ ਗਈ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਪੈਨਸ਼ਨਰ ਇੰਨਫਰਮੇਸ਼ਨ ਸੈਟਰ ਯੂਨੀਅਨ,ਪੀਐਸਐਮਯੂ,ਮਾਸਟਰ ਕੇਡਰ ਯੂਨੀਅਨ,ਏਡਿਡ ਸਕੂਲ ਐਸੋਸੀਏਸ਼ਨ,ਪੀਐਸਈਬੀ ਇੰਪਲਾਇਜ ਫੈਡਰੇਸ਼ਨ,ਪੰਜਾਬ ਰਾਜ ਫਾਰਮੇਸੀ ਅਫਸਰ ਐਸੋਸੀਏਸ਼ਨ,ਬੀ.ਐੱਡ. ਅਧਿਆਪਕ ਫਰੰਟ,ਪਾਵਰ ਕਾਮ ਅਤੇ ਟਰਾਮਰੋ ਪੈਨਸ਼ਨ ਯੂਨੀਅਨ,ਐਲੀਮੈਟਰੀ ਟੀਚਰ ਯੂਨੀਅਨ,ਡੀਟੀਐਫ,ਪੈਨਸ਼ਰਨ ਐਸੋਸੀਏਸ਼ਨ ਪਾਵਰਕੌਮ,ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਸਮੇਤ ਵੱਖ ਵੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ ।
- Download Babushahi App
-
-