ਮਹਿੰਗਾਈ ਭੱਤੇ ਦੀ ਮੰਗ ਨੂੰ ਲੈ ਕੇ ਮੁਲਾਜ਼ਮਾਂ ’ਤੇ ਕਾਰਵਾਈ ਅਤਿ ਨਿੰਦਣਯੋਗ: ਕੰਵਰਨਰਿੰਦਰ ਸਿੰਘ
ਜਗਰਾਓਂ, 28 ਅਗਸਤ (ਦੀਪਕ ਜੈਨ): ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਸਾਬਕਾ ਮੁਲਾਜ਼ਮਾਂ ਵੱਲੋਂ ਮਹਿੰਗਾਈ ਭੱਤੇ ਸਮੇਤ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸਾਂਝੇ ਮੁਲਾਜ਼ਮ ਫਰੰਟ ਦੀ ਅਗਵਾਈ ਹੇਠ ਦਿੱਤੇ ਪੰਜਾਬ ਬੰਦ ਦੇ ਸੱਦੇ ਦੌਰਾਨ ਕੀਤੀ ਗਈ ਕਾਰਵਾਈ ਦੀ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਤਹਿਸੀਲਦਾਰ ਪੰਜਾਬ ਕੰਵਰਨਰਿੰਦਰ ਸਿੰਘ ਨੇ ਸਖ਼ਤ ਨਿੰਦਾ ਕੀਤੀ ਹੈ।
ਕੰਵਰਨਰਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਸੁਣਨ ਦੀ ਬਜਾਏ ਉਨ੍ਹਾਂ ’ਤੇ ਕਾਰਵਾਈ ਕਰਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਦੱਸਿਆ ਕਿ ਸਾਂਝੇ ਮੁਲਾਜ਼ਮ ਫਰੰਟ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 27 ਅਗਸਤ ਨੂੰ ਮੀਟਿੰਗ ਲਈ ਸਮਾਂ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਮੀਟਿੰਗ 7 ਅਗਸਤ ਨੂੰ ਚੰਡੀਗੜ੍ਹ ਦੇ ਸੈਕਟਰ-39 ਸਥਿਤ ਅਨਾਜ ਮੰਡੀ ਵਿੱਚ ਹੋਈ ਇਤਿਹਾਸਕ ਰੈਲੀ ਦੇ ਵੱਡੇ ਇਕੱਠ ਦੇ ਮੱਦੇਨਜ਼ਰ ਤੈਅ ਕੀਤੀ ਗਈ ਸੀ।
ਉਨ੍ਹਾਂ ਅਨੁਸਾਰ, ਪਹਿਲਾਂ ਮੀਟਿੰਗ ਪੰਜਾਬ ਭਵਨ, ਚੰਡੀਗੜ੍ਹ ਵਿਖੇ ਹੋਣੀ ਸੀ, ਪਰ ਬਾਅਦ ਵਿੱਚ ਇਸ ਨੂੰ ਪੀਏਪੀ, ਜਲੰਧਰ ਵਿਖੇ ਤਬਦੀਲ ਕਰ ਦਿੱਤਾ ਗਿਆ। ਕੰਵਰਨਰਿੰਦਰ ਸਿੰਘ ਨੇ ਦੋਸ਼ ਲਾਇਆ ਕਿ ਮੀਟਿੰਗ ਤੋਂ ਪਹਿਲਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ’ਤੇ ਹੜਤਾਲ ਖ਼ਤਮ ਕਰਨ ਅਤੇ ਮੀਟਿੰਗ ਵਿੱਚ ਸ਼ਾਮਲ ਹੋਣ ਸਬੰਧੀ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਆਗੂਆਂ ਨੇ ਇਸ ਨੂੰ ਪ੍ਰਵਾਨ ਨਹੀਂ ਕੀਤਾ ਅਤੇ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਦਾ ਬਾਈਕਾਟ ਕੀਤਾ।
ਕੰਵਰਨਰਿੰਦਰ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਮਹਿੰਗਾਈ ਭੱਤਾ ਜਾਰੀ ਕਰਨਾ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵੱਲੋਂ ਚੋਣ ਮਨੋਰਥ ਪੱਤਰ ਵਿੱਚ ਕੀਤੇ ਵਾਅਦਿਆਂ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, 17 ਜੁਲਾਈ 2020 ਦੇ ਕਥਿਤ ਮੁਲਾਜ਼ਮ ਵਿਰੋਧੀ ਪੱਤਰ ਨੂੰ ਰੱਦ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਹੋਰ ਮੰਗਾਂ ਵੀ ਉਠਾਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਗੱਲਬਾਤ ਰਾਹੀਂ ਹੱਲ ਕਰਨਾ ਚਾਹੀਦਾ ਹੈ। ਸਾਬਕਾ ਤਹਿਸੀਲਦਾਰ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਆਪਣੇ ਸੀਨੀਅਰ ਪਾਰਟੀ ਆਗੂਆਂ ਦੇ ਧਿਆਨ ਵਿੱਚ ਲਿਆਉਣਗੇ ਅਤੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਉਹ ਮੁਲਾਜ਼ਮਾਂ ਦੇ ਨਾਲ ਖੜ੍ਹ ਕੇ ਉਨ੍ਹਾਂ ਦੇ ਹੱਕ ਵਿੱਚ ਸੜਕਾਂ ’ਤੇ ਉਤਰਨ ਤੋਂ ਵੀ ਪਿੱਛੇ ਨਹੀਂ ਹਟਣਗੇ।
- Download Babushahi App
-
-