ਮੀਰੀ ਪੀਰੀ ਮੈਡੀਕਲ ਸੰਸਥਾ ਮਾਮਲੇ 'ਚ HSGMC ਦੀ ਵੱਡੀ ਜਿੱਤ; ਹਾਈਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ
ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਫੈਸਲਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੱਖ ਵਿੱਚ- ਕੁਰੂਕਸ਼ੇਤਰ ਸਥਿਤ ਕਮੇਟੀ ਹੈੱਡਕੁਆਰਟਰ ਵਿਖੇ ਮਨਾਇਆ ਗਿਆ ਜਸ਼ਨ
ਚੰਡੀਗੜ੍ਹ 12 ਮਈ 2026: ਮੀਰੀ ਪੀਰੀ ਮੈਡੀਕਲ ਸੰਸਥਾ ਨੂੰ ਲੈ ਕੇ ਚੱਲ ਰਹੀ ਕਾਨੂੰਨੀ ਲੜਾਈ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਫੈਸਲਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੱਖ ਵਿੱਚ ਆਉਣ ਤੋਂ ਬਾਅਦ ਕਮੇਟੀ ਮੈਂਬਰਾਂ ਅਤੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਵੱਡੀ ਜਿੱਤ ਦੀ ਖ਼ੁਸ਼ੀ ਵਿੱਚ ਕੁਰੂਕਸ਼ੇਤਰ ਸਥਿਤ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਜ਼ੋਰਦਾਰ ਜਸ਼ਨ ਮਨਾਇਆ ਗਿਆ ਅਤੇ ਲੱਡੂ ਵੰਡੇ ਗਏ।
ਇਸ ਖ਼ਾਸ ਮੌਕੇ 'ਤੇ ਹਰਿਆਣਾ ਕਮੇਟੀ ਦੇ ਨਾਮਜ਼ਦ ਮੈਂਬਰ ਬਲਜੀਤ ਸਿੰਘ ਦਾਦੂਵਾਲ ਵਿਸ਼ੇਸ਼ ਤੌਰ 'ਤੇ ਹੈੱਡਕੁਆਰਟਰ ਪਹੁੰਚੇ। ਉਨ੍ਹਾਂ ਨੇ ਉੱਥੇ ਮੌਜੂਦ ਸਮਰਥਕਾਂ ਅਤੇ ਕਮੇਟੀ ਦੇ ਹੋਰ ਮੈਂਬਰਾਂ ਨੂੰ ਆਪਣੇ ਹੱਥਾਂ ਨਾਲ ਮਿਠਾਈ ਖੁਆ ਕੇ ਇਸ ਕਾਨੂੰਨੀ ਜਿੱਤ ਦੀ ਵਧਾਈ ਦਿੱਤੀ ਅਤੇ ਖ਼ੁਸ਼ੀ ਸਾਂਝੀ ਕੀਤੀ।
ਜਸ਼ਨ ਦੇ ਦੌਰਾਨ ਗੱਲਬਾਤ ਕਰਦਿਆਂ ਦਾਦੂਵਾਲ ਨੇ ਕਿਹਾ ਕਿ ਮੀਰੀ ਪੀਰੀ ਮੈਡੀਕਲ ਸੰਸਥਾ ਦੇ ਮਾਮਲੇ ਵਿੱਚ ਹਾਈਕੋਰਟ ਅੰਦਰ ਹਰਿਆਣਾ ਕਮੇਟੀ ਦਾ ਕਾਨੂੰਨੀ ਪੱਖ ਸ਼ੁਰੂ ਤੋਂ ਹੀ ਬਹੁਤ ਮਜ਼ਬੂਤ ਸੀ। ਉਨ੍ਹਾਂ ਕਿਹਾ ਕਿ ਸਾਨੂੰ ਪਹਿਲੇ ਦਿਨ ਤੋਂ ਹੀ ਪੂਰੀ ਉਮੀਦ ਸੀ ਕਿ ਅਦਾਲਤ ਦਾ ਫੈਸਲਾ ਸਾਡੇ ਹੱਕ ਵਿੱਚ ਆਵੇਗਾ ਅਤੇ ਸੱਚ ਦੀ ਜਿੱਤ ਹੋਵੇਗੀ।
ਇਸ ਦੌਰਾਨ ਦਾਦੂਵਾਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) 'ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਕਾਨੂੰਨੀ ਲੜਾਈ ਦੀ ਨੌਬਤ ਆਉਣੀ ਹੀ ਨਹੀਂ ਚਾਹੀਦੀ ਸੀ। ਐਸ.ਜੀ.ਪੀ.ਸੀ ਨੂੰ ਵੱਡਾ ਦਿਲ ਦਿਖਾਉਂਦੇ ਹੋਏ ਖੁਦ ਹੀ ਮੀਰੀ ਪੀਰੀ ਮੈਡੀਕਲ ਸੰਸਥਾ ਦੀਆਂ ਚਾਬੀਆਂ ਹਰਿਆਣਾ ਕਮੇਟੀ ਦੇ ਹਵਾਲੇ ਕਰ ਦੇਣੀਆਂ ਚਾਹੀਦੀਆਂ ਸਨ।
- Download Babushahi App
-
-