ਮੀਰੀ-ਪੀਰੀ ਦੇ ਸਿਧਾਂਤ ਨੇ ਸਿੱਖ ਕੌਮ ਨੂੰ ਦਿੱਤੀ ਨਵੀਂ ਦਿਸ਼ਾ : ਹਰਮੀਤ ਸਿੰਘ ਕਾਲਕਾ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ 8 ਜੂਨ,2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਵਿੱਤਰ ਗੁਰਤਾਗੱਦੀ ਦਿਵਸ ਮੌਕੇ ਦੇਸ਼ਾਂ-ਵਿਦੇਸ਼ਾਂ ਵਿੱਚ ਵਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਆਪਣੇ ਸੰਦੇਸ਼ ਵਿੱਚ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸਿੱਖ ਇਤਿਹਾਸ ਦਾ ਇੱਕ ਅਹਿਮ ਇਤਿਹਾਸਕ ਦਿਹਾੜਾ ਹੈ। ਗੁਰੂ ਸਾਹਿਬ ਜੀ ਨੇ ਮੀਰੀ ਅਤੇ ਪੀਰੀ ਦੇ ਸਿਧਾਂਤ ਨੂੰ ਅਮਲ ਵਿੱਚ ਲਿਆ ਕੇ ਸਿੱਖ ਕੌਮ ਨੂੰ ਰੂਹਾਨੀਅਤ ਅਤੇ ਸ਼ਕਤੀ ਦੇ ਅਦੁੱਤੀ ਸੰਤੁਲਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਮਨੁੱਖਤਾ ਦੀ ਰੱਖਿਆ, ਧਾਰਮਿਕ ਆਜ਼ਾਦੀ ਅਤੇ ਜ਼ੁਲਮ ਦੇ ਵਿਰੁੱਧ ਡਟ ਕੇ ਖੜ੍ਹਨ ਦੀ ਪ੍ਰੇਰਣਾ ਦਿੱਤੀ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸਿੱਖ ਕੌਮ ਨੂੰ ਕੇਵਲ ਨਾਮ ਸਿਮਰਨ ਅਤੇ ਸੇਵਾ ਨਾਲ ਹੀ ਨਹੀਂ ਜੋੜਿਆ, ਸਗੋਂ ਬੇਨਿਸਾਫੀ ਅਤੇ ਜ਼ੁਲਮ ਦੇ ਵਿਰੁੱਧ ਸੰਘਰਸ਼ ਕਰਨ ਦੀ ਹਿੰਮਤ ਵੀ ਬਖ਼ਸ਼ੀ। ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਅਤੇ ਦੋ ਤਲਵਾਰਾਂ ਧਾਰਨ ਕਰਕੇ ਗੁਰੂ ਸਾਹਿਬ ਜੀ ਨੇ ਇਹ ਸੰਦੇਸ਼ ਦਿੱਤਾ ਕਿ ਧਰਮ ਅਤੇ ਸਮਾਜ ਦੀ ਰੱਖਿਆ ਲਈ ਆਤਮਿਕ ਬਲ ਦੇ ਨਾਲ-ਨਾਲ ਸੰਸਾਰਕ ਜ਼ਿੰਮੇਵਾਰੀਆਂ ਨਿਭਾਉਣੀਆਂ ਵੀ ਜ਼ਰੂਰੀ ਹਨ।
ਕਾਲਕਾ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸੱਚ, ਨਿਆਂ, ਸੇਵਾ, ਦਇਆ ਅਤੇ ਮਨੁੱਖਤਾ ਦੇ ਭਲੇ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਗੁਰੂ ਸਾਹਿਬ ਜੀ ਵੱਲੋਂ ਦਰਸਾਏ ਮੀਰੀ-ਪੀਰੀ ਦੇ ਸਿਧਾਂਤ ਦੀ ਮਹੱਤਤਾ ਹੋਰ ਵੀ ਵੱਧ ਗਈ ਹੈ, ਜੋ ਸਾਨੂੰ ਸਮਾਜਿਕ ਜ਼ਿੰਮੇਵਾਰੀ ਅਤੇ ਆਤਮਿਕ ਉੱਚਤਾ ਦਾ ਰਾਹ ਦਿਖਾਉਂਦਾ ਹੈ।
ਹਰਮੀਤ ਸਿੰਘ ਕਾਲਕਾ ਨੇ ਅਰਦਾਸ ਕੀਤੀ ਕਿ ਗੁਰੂ ਸਾਹਿਬ ਜੀ ਦੀਆਂ ਅਸੀਸਾਂ ਸਦਕਾ ਸਮੁੱਚੀ ਮਨੁੱਖਤਾ ਵਿੱਚ ਅਮਨ, ਭਾਈਚਾਰਾ ਅਤੇ ਖੁਸ਼ਹਾਲੀ ਦਾ ਵਾਸ ਹੋਵੇ।
- Download Babushahi App
-
-