ਮੁਲਾਜ਼ਮਾਂ ਦੀਆਂ ਵਾਜਬ ਮੰਗਾਂ ਦਾ ਤੁਰੰਤ ਹੱਲ ਕਰੇ ਪੰਜਾਬ ਸਰਕਾਰ : ਧਤੌਦਾ
ਮੁਲਾਜ਼ਮਾਂ ਦੀ ਹੜਤਾਲ ਸਰਕਾਰ ਨੂੰ ਮੰਗਾਂ ਦੇ ਹੱਲ ਲਈ ਸਮਾਂ-ਸੀਮਾ ਤੈਅ ਕਰਨ ਵੱਲ ਸੋਚਣ ਲਈ ਮਜਬੂਰ ਕਰ ਰਹੀ ਹੈ
ਫ਼ਤਹਿਗੜ੍ਹ ਸਾਹਿਬ 28 ਅਗਸਤ (ਗੁਰਪ੍ਰੀਤ ਸਿੰਘ ਜਖਵਾਲੀ) ਪੰਜਾਬ ਵਿੱਚ ਮੁਲਾਜ਼ਮ ਵਰਗ ਵੱਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਵਾਜਬ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਨੇ ਪੰਜਾਬ ਸਰਕਾਰ ਨੂੰ ਇਨ੍ਹਾਂ ਮਸਲਿਆਂ ਦੇ ਤੁਰੰਤ ਹੱਲ ਲਈ ਗੰਭੀਰਤਾ ਨਾਲ ਸੋਚਣ ਲਈ ਮਜਬੂਰ ਕਰ ਦਿੱਤਾ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨਾਲ ਤੁਰੰਤ ਗੱਲਬਾਤ ਕਰਕੇ ਮੰਗਾਂ ਦੇ ਹੱਲ ਲਈ ਸਮਾਂ-ਸੀਮਾ ਨਿਰਧਾਰਿਤ ਕੀਤੀ ਜਾਵੇ। ਇਹ ਪ੍ਰਗਟਾਵਾ ਨਾਸਾ ਦੇ ਜਨਰਲ ਸਕੱਤਰ ਪੰਜਾਬ ਸ੍ਰ. ਸੁਰਿੰਦਰ ਸਿੰਘ ਧਤੌਦਾ ਨੇ ਪ੍ਰੈੱਸ ਬਿਆਨ ਰਾਹੀਂ ਕੀਤਾ।
ਸ੍ਰ. ਧਤੌਦਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਯਾਦ ਕਰਦਿਆਂ ਮੁਲਾਜ਼ਮ ਵਰਗ ਦੀਆਂ ਵਾਜਬ ਮੰਗਾਂ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨਾਲ ਗੱਲਬਾਤ ਲਈ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਕਰਕੇ ਮਸਲਿਆਂ ਦਾ ਜਲਦ ਤੋਂ ਜਲਦ ਹੱਲ ਕਰਨਾ ਚਾਹੀਦਾ ਹੈ, ਤਾਂ ਜੋ ਹੜਤਾਲ ਕਾਰਨ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਨਾ ਹੋਣਾ ਪਵੇ।
ਉਨ੍ਹਾਂ ਕਿਹਾ ਕਿ ਮੁਲਾਜ਼ਮ ਵਰਗ ਪੰਜਾਬ ਦੇ ਪ੍ਰਸ਼ਾਸਨ ਅਤੇ ਵਿਕਾਸ ਦੀ ਰੀੜ੍ਹ ਦੀ ਹੱਡੀ ਹੈ। ਸਰਕਾਰ ਅਤੇ ਮੁਲਾਜ਼ਮਾਂ ਵਿਚਕਾਰ ਟਕਰਾਅ ਦੀ ਸਥਿਤੀ ਕਿਸੇ ਵੀ ਪੱਖ ਦੇ ਹਿੱਤ ਵਿੱਚ ਨਹੀਂ ਹੈ। ਇਸ ਲਈ ਗੱਲਬਾਤ ਰਾਹੀਂ ਮਸਲਿਆਂ ਦਾ ਹੱਲ ਕੱਢਣਾ ਹੀ ਲੋਕਤੰਤਰਿਕ ਅਤੇ ਉਸਾਰੂ ਰਾਹ ਹੈ।
ਸ੍ਰ. ਧਤੌਦਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਪਾਰਟੀ ਦੇ ਜ਼ਮੀਨੀ ਪੱਧਰ ਦੇ ਵਰਕਰਾਂ ਅਤੇ ਸਹਿਯੋਗੀਆਂ ਨੇ ਦਿਨ-ਰਾਤ ਮਿਹਨਤ ਕੀਤੀ ਸੀ, ਪਰ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਨੂੰ ਅਣਗੌਲਿਆ ਕੀਤੇ ਜਾਣ ਕਾਰਨ ਵਰਕਰਾਂ ਵਿੱਚ ਨਿਰਾਸ਼ਾ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਪਿਛਲੀਆਂ ਸਰਕਾਰਾਂ ਦੀ ਕਾਰਜਪ੍ਰਣਾਲੀ ਤੋਂ ਅਸੰਤੁਸ਼ਟ ਹੋ ਕੇ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲਿਆਉਣ ਲਈ ਹੱਡੀ-ਚੋਟੀ ਦਾ ਜ਼ੋਰ ਲਗਾਇਆ ਸੀ।
ਉਨ੍ਹਾਂ ਕਿਹਾ ਕਿ ਹੁਣ ਸਰਕਾਰ ਨੂੰ ਲੋਕਾਂ ਦੀਆਂ ਭਾਵਨਾਵਾਂ ’ਤੇ ਖਰਾ ਉਤਰਦਿਆਂ ਲੋਕ-ਪੱਖੀ ਅਤੇ ਉਸਾਰੂ ਕਾਰਜਪ੍ਰਣਾਲੀ ਅਪਣਾਉਣੀ ਚਾਹੀਦੀ ਹੈ। ਸ੍ਰ. ਧਤੌਦਾ ਨੇ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਕਿ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨਾਲ ਤੁਰੰਤ ਮੀਟਿੰਗ ਕਰਕੇ ਉਨ੍ਹਾਂ ਦੀਆਂ ਵਾਜਬ ਮੰਗਾਂ ਦੇ ਹੱਲ ਲਈ ਠੋਸ ਫ਼ੈਸਲੇ ਲਏ ਜਾਣ ਅਤੇ ਹਰ ਮੰਗ ਲਈ ਸਪੱਸ਼ਟ ਸਮਾਂ-ਸੀਮਾ ਤੈਅ ਕੀਤੀ ਜਾਵੇ।
- Download Babushahi App
-
-