ਮੁਲਾਜ਼ਮ ਮੰਗਾਂ ਸਬੰਧੀ ਰੂਪਨਗਰ ਵਿੱਚ ਵਿਸ਼ਾਲ ਰੈਲੀ ਕੀਤੀ ਜਾਵੇਗੀ: ਪੀ.ਐਸ.ਐਮ.ਐਸ.ਯੂ.
ਮਨਪ੍ਰੀਤ ਸਿੰਘ
ਰੂਪਨਗਰ, 22 ਜੂਨ
ਪੰਜਾਬ ਮਨਿਸਟੀਰੀਅਲ ਸਟਾਫ ਯੂਨੀਅਨ (ਪੀ.ਐਸ.ਐਮ.ਐਸ.ਯੂ.) ਦੀ ਸੂਬਾ ਬਾਡੀ ਅਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ, ਪੰਜਾਬ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੂਪਨਗਰ ਦੀ ਪੀ.ਐਸ.ਐਮ.ਐਸ.ਯੂ. ਯੂਨਿਟ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਦੀ ਇੱਕ ਅਹਿਮ ਮੀਟਿੰਗ ਅੱਜ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਦਫ਼ਤਰ, ਰੂਪਨਗਰ ਵਿਖੇ ਹੋਈ।
ਮੀਟਿੰਗ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਸੂਬਾ ਬਾਡੀ ਦੇ ਫ਼ੈਸਲੇ ਅਨੁਸਾਰ ਸਰਕਾਰ ਵੱਲੋਂ ਮੁਲਾਜ਼ਮਾਂ ਦਾ ਬਕਾਇਆ 18 ਫ਼ੀਸਦੀ ਮਹਿੰਗਾਈ ਭੱਤਾ (ਡੀ.ਏ.) ਜਾਰੀ ਕਰਵਾਉਣ ਅਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਲਾਗੂ ਕਰਵਾਉਣ ਸਮੇਤ ਹੋਰ ਲਟਕਦੀਆਂ ਮੰਗਾਂ ਦੇ ਹੱਕ ਵਿੱਚ 24 ਜੂਨ 2026 ਨੂੰ ਮਹਾਰਾਜਾ ਰਣਜੀਤ ਸਿੰਘ ਬਾਗ, ਰੂਪਨਗਰ ਤੋਂ ਬੇਲਾ ਚੌਂਕ ਤੱਕ ਵਿਸ਼ਾਲ ਰੈਲੀ ਕੱਢੀ ਜਾਵੇਗੀ।
ਆਗੂਆਂ ਨੇ ਪੰਜਾਬ ਮਨਿਸਟੀਰੀਅਲ ਸਟਾਫ ਯੂਨੀਅਨ ਅਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ, ਰੂਪਨਗਰ ਨਾਲ ਸਬੰਧਤ ਸਮੂਹ ਮੁਲਾਜ਼ਮਾਂ ਨੂੰ ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ 1 ਜੁਲਾਈ ਤੋਂ 10 ਜੁਲਾਈ 2026 ਤੱਕ ਰੂਪਨਗਰ ਜ਼ਿਲ੍ਹੇ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਰੈਲੀਆਂ ਕਰਕੇ ਮੰਗ ਪੱਤਰ ਸੌਂਪੇ ਜਾਣਗੇ।
ਯੂਨੀਅਨ ਆਗੂਆਂ ਨੇ ਸਮੂਹ ਮੁਲਾਜ਼ਮਾਂ ਨੂੰ ਇਨ੍ਹਾਂ ਸੰਘਰਸ਼ੀ ਐਕਸ਼ਨਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਅੜੀਅਲ ਰਵੱਈਆ ਜਾਰੀ ਰੱਖਿਆ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਹੋਰ ਤਿੱਖੇ ਸੰਘਰਸ਼ ਉਲੀਕੇ ਜਾਣਗੇ।
ਇਸ ਮੌਕੇ ਪੀ.ਐਸ.ਐਸ.ਐਸ.ਐਫ. ਦੇ ਪ੍ਰਧਾਨ ਸੁਖਦੇਵ ਸਿੰਘ ਸੁਰਤਾਪੁਰੀ, ਪੀ.ਐਸ.ਐਮ.ਐਸ.ਯੂ. ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਗਰੇਵਾਲ, ਜਨਰਲ ਸਕੱਤਰ ਅਮਨਦੀਪ ਸਿੰਘ, ਰਾਮ ਦਾਸ ਸਸਕੌਰ, ਜਗਤਾਰ ਸਿੰਘ ਗਿੱਲ, ਪਰਮਜੀਤ ਸਿੰਘ ਸੁਪਰਡੈਂਟ, ਸੰਦੀਪ ਭੱਟ, ਸੰਦੀਪ ਸਿੰਘ, ਨਰਿੰਦਰ ਸਿੰਘ, ਮਲਕੀਤ ਸਿੰਘ, ਪ੍ਰਭਜੋਤ ਸਿੰਘ (ਡੀ.ਸੀ. ਦਫ਼ਤਰ), ਪਰਮਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਵੱਡੀ ਗਿਣਤੀ ਵਿੱਚ ਅਹੁਦੇਦਾਰ ਅਤੇ ਕਰਮਚਾਰੀ ਹਾਜ਼ਰ ਸਨ।
- Download Babushahi App
-
-