ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵੱਖ-ਵੱਖ ਥਾਵਾਂ ਤੋਂ ਧਾਰਮਿਕ ਸਥਾਨਾਂ ਲਈ ਬੱਸਾਂ ਰਵਾਨਾਂ
ਅਸ਼ੋਕ ਵਰਮਾ
ਬਠਿੰਡਾ, 15 ਫਰਵਰੀ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਕਿਸ਼ੋਰੀ ਰਾਮ ਰੋਡ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਰਵਾਨਾ ਕੀਤਾ।ਇਸ ਮੌਕੇ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤਾ ਗਿਆ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਯੋਜਨਾ ਦਾ ਆਮ ਲੋਕਾਂ ਵਿਚ ਉਤਸ਼ਾਹ ਵੀ ਵਧ ਰਿਹਾ ਹੈ। ਇਸ ਯੋਜਨਾ ਤਹਿਤ ਸ਼ਰਧਾਲੂ ਬਿਨ੍ਹਾਂ ਕਿਸੇ ਆਰਥਿਕ ਬੋਝ ਦੇ ਧਾਰਮਿਕ ਯਾਤਰਾ ਦਾ ਸੁਭਾਗ ਪ੍ਰਾਪਤ ਕਰ ਰਹੇ ਹਨ।
ਇਸੇ ਤਰ੍ਹਾਂ ਹਲਕਾ ਵਿਧਾਇਕ ਮੌੜ ਸ. ਸੁਖਵੀਰ ਸਿੰਘ ਮਾਈਸਰਖਾਨਾ ਵੱਲੋਂ ਪਿੰਡ ਰਾਮਪੁਰਾ ਤੋਂ ਤੀਰਥ ਯਾਤਰਾ ਲਈ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਦੌਰਾਨ ਵਿਧਾਇਕ ਮੌੜ ਸ. ਸੁਖਵੀਰ ਸਿੰਘ ਮਾਈਸਰਖਾਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੁਆਰਾ ਪਵਿੱਤਰ ਸਥਾਨਾਂ ਦੀ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ਵਿੱਚ ਸਮਾਜਿਕ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਇੱਕ ਵਿਸ਼ੇਸ਼ ਪਹਿਲਕਦਮੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮ ਵਰਗਾਂ ਦੇ ਲੋਕਾਂ ਲਈ ਖੁੱਲ੍ਹੀ ਹੈ।
ਚੇਅਰਮੈਨ ਮਾਰਕੀਟ ਕਮੇਟੀ ਬਠਿੰਡਾ, ਸ੍ਰੀ ਬਲਜੀਤ ਸਿੰਘ ਬੱਲੀ ਵੱਲੋਂ ਹਲਕਾ ਬਠਿੰਡਾ ਦਿਹਾਤੀ ਦੇ ਪਿੰਡ ਬੀੜ ਬਹਿਮਣ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਝੰਡੀ ਦੇ ਰਵਾਨਾ ਕਰਦਿਆਂ ਕਿਹਾ ਕਿ ਇਹ ਯੋਜਨਾ ਸਿਰਫ ਧਾਰਮਿਕ ਯਾਤਰਾ ਹੀ ਨਹੀਂ, ਸਗੋਂ ਲੋਕਾਂ ਨੂੰ ਆਪਸੀ ਭਾਈਚਾਰੇ ਅਤੇ ਸਾਂਝੀਵਾਲਤਾ ਦੇ ਸੁਨੇਹੇ ਨਾਲ ਵੀ ਜੋੜਦੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਦੇ ਨਿਵਾਸੀਆਂ ਨੂੰ ਪੰਜਾਬ ਦੇ ਪ੍ਰਮੁੱਖ ਤੀਰਥ ਅਸਥਾਨਾਂ ਦੇ ਦਰਸ਼ਨ ਮੁਫ਼ਤ ਕਰਵਾਏ ਜਾ ਰਹੇ ਹਨ।
ਇਸੇ ਤਰ੍ਹਾਂ ਹੀ ਵਿਧਾਨ ਸਭਾ ਹਲਕਾ ਭੁੱਚੋ ਦੇ ਪਿੰਡ ਮਹਿਮਾ ਸਵਾਈ, ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡ ਬੁਰਜ ਥਰੋੜ ਅਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਬੰਗੀ ਨਿਹਾਲ ਸਿੰਘ ਤੋਂ ਵੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਰਵਾਨਾ ਕੀਤੀਆਂ ਗਈਆਂ।