ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ ਤਿੰਨ ਬੱਸਾਂ ਸ਼ਰਧਾਲੂਆਂ ਸਮੇਤ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ
ਵਿਧਾਇਕ ਕੁਲਵੰਤ ਸਿੰਘ ਨੇ ਸੈਕਟਰ-78, ਸੈਕਟਰ-79 ਅਤੇ ਪਿੰਡ ਮੌਜਪੁਰ ਤੋਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਹਲਕੇ ਦੇ 254 ਬੂਥਾਂ ਤੋਂ ਘੱਟੋ-ਘੱਟ ਇੱਕ-ਇੱਕ ਬੱਸ ਰਵਾਨਾ ਕਰਨ ਦਾ ਟੀਚਾ; ਹੁਣ ਤੱਕ 144 ਬੱਸਾਂ ਹੋ ਚੁੱਕੀਆਂ ਹਨ ਰਵਾਨਾ: ਕੁਲਵੰਤ ਸਿੰਘ
Mohali, 16 ਸਤੰਬਰ:
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਤਿੰਨ ਬੱਸਾਂ ਸ਼ਰਧਾਲੂਆਂ ਨੂੰ ਲੈ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਈਆਂ। ਵਿਧਾਇਕ ਕੁਲਵੰਤ ਸਿੰਘ ਨੇ ਸੈਕਟਰ-78 ਅਤੇ ਸੈਕਟਰ-79 ਤੋਂ ਦੋ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਜਦਕਿ ਤੀਜੀ ਬੱਸ ਪਿੰਡ ਮੌਜਪੁਰ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤੀ ਗਈ।
ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ ਫੂਲਰਾਜ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਸੈਕਟਰ-78 ਤੋਂ ਕੌਂਸਲਰ ਸ਼ਰਨਜੀਤ ਕੌਰ ਅਤੇ ਸੈਕਟਰ-79 ਤੋਂ ਕੌਂਸਲਰ ਹਰਜੀਤ ਸਿੰਘ ਭੋਲੂ ਦੀ ਅਗਵਾਈ ਹੇਠ ਸੀਨੀਅਰ ਸਿਟੀਜ਼ਨ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਏ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਹੁਣ ਤੱਕ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਤੋਂ 144 ਬੱਸਾਂ ਰਵਾਨਾ ਕੀਤੀਆਂ ਜਾ ਚੁੱਕੀਆਂ ਹਨ ਅਤੇ ਅੱਜ ਤਿੰਨ ਹੋਰ ਬੱਸਾਂ ਸ਼ਰਧਾਲੂਆਂ ਨੂੰ ਲੈ ਕੇ ਰਵਾਨਾ ਹੋਈਆਂ ਹਨ। ਉਨ੍ਹਾਂ ਕਿਹਾ ਕਿ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਲਗਾਤਾਰ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਮੋਹਾਲੀ ਵਿਧਾਨ ਸਭਾ ਹਲਕੇ ਵਿੱਚ 254 ਬੂਥ ਹਨ ਅਤੇ ਯੋਜਨਾ ਤਹਿਤ ਘੱਟੋ-ਘੱਟ ਇੱਕ ਬੱਸ ਹਰ ਬੂਥ ਤੋਂ ਰਵਾਨਾ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ 254 ਬੱਸਾਂ ਰਵਾਨਾ ਕਰਨ ਤੋਂ ਬਾਅਦ ਵੀ ਇਹ ਯਾਤਰਾ ਸਿਲਸਿਲਾ ਲਗਾਤਾਰ ਜਾਰੀ ਰੱਖਿਆ ਜਾਵੇਗਾ, ਤਾਂ ਜੋ ਵੱਧ ਤੋਂ ਵੱਧ ਸ਼ਰਧਾਲੂ ਇਸ ਯੋਜਨਾ ਦਾ ਲਾਭ ਲੈ ਸਕਣ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੀਨੀਅਰ ਸਿਟੀਜ਼ਨ ਸ਼ਰਧਾਲੂਆਂ ਦੀ ਧਾਰਮਿਕ ਆਸਥਾ ਨੂੰ ਧਿਆਨ ਵਿੱਚ ਰੱਖਦਿਆਂ ਸ਼ੁਰੂ ਕੀਤੀ ਗਈ ਇਸ ਯੋਜਨਾ ਲਈ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਦੌਰ ਵਿੱਚ ਯਾਤਰਾ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਕੁਝ ਸਮਾਂ ਲੱਗਿਆ, ਪਰ ਹੁਣ ਯਾਤਰਾ ਲਈ ਸ਼ਰਧਾਲੂਆਂ ਦੀ ਮੰਗ ਅਤੇ ਰੁਚੀ ਲਗਾਤਾਰ ਵਧ ਰਹੀ ਹੈ।
ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਇਲਾਵਾ ਖਾਟੂ ਸ਼ਿਆਮ, ਸਾਲਾਸਰ ਅਤੇ ਵਰਿੰਦਾਵਨ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਵੀ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਯਾਤਰਾ ਲਈ ਸਲੀਪਰ ਬੱਸਾਂ ਅਤੇ ਏ.ਸੀ. ਬੱਸਾਂ ਦੀ ਵਿਵਸਥਾ ਕੀਤੀ ਜਾਂਦੀ ਹੈ ਅਤੇ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਤੋਂ ਬੱਸ ਰਾਹੀਂ ਲੈ ਕੇ ਵਾਪਸ ਘਰ ਦੇ ਨੇੜੇ ਹੀ ਛੱਡਿਆ ਜਾਂਦਾ ਹੈ।
ਵਿਧਾਇਕ ਨੇ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਆਉਣ-ਜਾਣ, ਖਾਣ-ਪੀਣ ਅਤੇ ਰਿਹਾਇਸ਼ ਦੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਨੂੰ ਯਾਤਰਾ ਦੌਰਾਨ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਬੱਸਾਂ ਵਿੱਚ ਉਨ੍ਹਾਂ ਦੇ ਨਾਲ ਗਾਈਡ ਅਤੇ ਡਾਕਟਰ ਦੀ ਵਿਵਸਥਾ ਵੀ ਕੀਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਯਾਤਰਾ ਤੋਂ ਵਾਪਸ ਆਉਣ ਵਾਲੇ ਸ਼ਰਧਾਲੂ ਆਪਣੇ ਸਕੇ-ਸਬੰਧੀਆਂ ਅਤੇ ਜਾਣਕਾਰਾਂ ਨਾਲ ਯਾਤਰਾ ਦੇ ਤਜਰਬੇ ਸਾਂਝੇ ਕਰਦੇ ਹਨ, ਜਿਸ ਨਾਲ ਹੋਰ ਲੋਕਾਂ ਨੂੰ ਵੀ ਇਸ ਯੋਜਨਾ ਬਾਰੇ ਜਾਣਕਾਰੀ ਮਿਲ ਰਹੀ ਹੈ।
ਇਸ ਮੌਕੇ ਡਿਪਟੀ ਮੇਅਰ, ਮੋਹਾਲੀ ਨਗਰ ਨਿਗਮ ਹਰਪਾਲ ਸਿੰਘ ਚੰਨਾ, ਭੁਪਿੰਦਰ ਸਿੰਘ ਜੌਹਲ, ਅਵਤਾਰ ਸਿੰਘ ਮੌਲੀ, ਦੀਦਾਰ ਸਿੰਘ ਅਤੇ ਮੇਜਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਪਿੰਡ ਮੌਜਪੁਰ ਵਿਖੇ ਸਰਪੰਚ ਸੰਦੀਪ ਕੌਰ, ਸੁਖਵਿੰਦਰ ਸਿੰਘ ਮਿੱਠਾ, ਪੰਚ ਗੁਰਪ੍ਰੀਤ ਸਿੰਘ, ਧਰਮਪ੍ਰੀਤ ਸਿੰਘ, ਗੁਰਜੀਤ ਸਿੰਘ, ਜਸਵੀਰ ਸਿੰਘ ਅਤੇ ਪਰਮਿੰਦਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਵੀ ਮੌਜੂਦ ਸਨ।
- Download Babushahi App
-
-