ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 'ਚ ਵੱਡਾ ਫਰਜ਼ੀਵਾੜਾ ਬੇਨਕਾਬ! ਪੰਜਾਬ ਸਰਕਾਰ ਨੇ ਜਲੰਧਰ ਦਾ ਹਸਪਤਾਲ ਕੀਤਾ ਡੀ-ਐਮਪੈਨਲ
ਚੰਡੀਗੜ੍ਹ, 25 ਜੁਲਾਈ 2026- ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਸਾਹਮਣੇ ਆਏ ਇੱਕ ਵੱਡੇ ਫਰਜ਼ੀਵਾੜੇ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦਿਆਂ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਨੂੰ ਡੀ-ਐਮਪੈਨਲ (De-empanel) ਕਰ ਦਿੱਤਾ ਹੈ। ਇਸ ਫੈਸਲੇ ਨਾਲ ਸੰਬੰਧਿਤ ਹਸਪਤਾਲ ਹੁਣ ਸਰਕਾਰ ਦੀ ਮਾਨਤਾ ਪ੍ਰਾਪਤ ਹਸਪਤਾਲਾਂ ਦੀ ਸੂਚੀ ਤੋਂ ਬਾਹਰ ਹੋ ਗਿਆ ਹੈ ਅਤੇ ਯੋਜਨਾ ਅਧੀਨ ਮਰੀਜ਼ ਉੱਥੇ ਇਲਾਜ ਨਹੀਂ ਕਰਵਾ ਸਕਣਗੇ।
ਜਾਣਕਾਰੀ ਅਨੁਸਾਰ, ਉਕਤ ਹਸਪਤਾਲ ਵਿੱਚ ਕਥਿਤ ਫਰਜ਼ੀਵਾੜੇ ਸਬੰਧੀ ਪਿਛਲੇ ਕੁਝ ਦਿਨਾਂ ਤੋਂ ਖਬਰਾਂ ਸਾਹਮਣੇ ਆ ਰਹੀਆਂ ਸਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੂੰ ਇਸ ਮਾਮਲੇ ਬਾਰੇ ਕਈ ਸ਼ਿਕਾਇਤਾਂ ਵੀ ਮਿਲੀਆਂ ਸਨ। ਸ਼ਿਕਾਇਤਾਂ ਦੇ ਆਧਾਰ 'ਤੇ ਸਿਹਤ ਵਿਭਾਗ ਨੇ ਜਾਂਚ ਕਰਵਾਈ, ਜਿਸ ਦੌਰਾਨ ਹਸਪਤਾਲ ਵਿੱਚ ਬੇਨਿਯਮੀਆਂ ਅਤੇ ਧੋਖਾਧੜੀ ਦੇ ਮਾਮਲੇ ਸਾਹਮਣੇ ਆਏ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਜਾਂਚ ਵਿੱਚ ਦੋਸ਼ ਸਾਬਤ ਹੋਣ ਤੋਂ ਬਾਅਦ ਹਸਪਤਾਲ ਨੂੰ ਤੁਰੰਤ ਡੀ-ਐਮਪੈਨਲ ਕਰਨ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜ ਜਾਂ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ ਅਤੇ ਦੋਸ਼ੀ ਸੰਸਥਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ।
ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਹਸਪਤਾਲ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਇਲਾਜ ਦੇ ਬਦਲੇ ਮਰੀਜ਼ਾਂ ਤੋਂ ਗੈਰ-ਕਾਨੂੰਨੀ ਤੌਰ 'ਤੇ ਪੈਸੇ ਮੰਗਦਾ ਹੈ ਤਾਂ ਉਹ ਤੁਰੰਤ ਸਰਕਾਰ ਦੇ ਹੈਲਪਲਾਈਨ ਨੰਬਰ 104 'ਤੇ ਸ਼ਿਕਾਇਤ ਦਰਜ ਕਰਵਾਉਣ। ਉਨ੍ਹਾਂ ਕਿਹਾ ਕਿ ਮਰੀਜ਼ ਦਾ ਪੂਰਾ ਵੇਰਵਾ ਅਤੇ ਹਸਪਤਾਲ ਦਾ ਨਾਮ ਦੇਣ ਉਪਰੰਤ ਸ਼ਿਕਾਇਤ ਦੀ ਜਾਂਚ ਕਰਕੇ ਦੋਸ਼ੀ ਹਸਪਤਾਲ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਡਾ. ਬਲਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਜੋ ਵੀ ਹਸਪਤਾਲ ਸਰਕਾਰੀ ਯੋਜਨਾਵਾਂ ਵਿੱਚ ਫਰਜ਼ੀਵਾੜਾ ਕਰੇਗਾ, ਉਸ ਨੂੰ ਨਾ ਸਿਰਫ਼ ਬਲੈਕਲਿਸਟ ਕੀਤਾ ਜਾਵੇਗਾ, ਸਗੋਂ ਉਸ ਖ਼ਿਲਾਫ਼ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਪਾਰਦਰਸ਼ੀ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
- Download Babushahi App
-
-