ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਪੱਬਾਂ ਭਾਰ ਹੋਇਆ ਬਠਿੰਡਾ ਪ੍ਰਸ਼ਾਸ਼ਨ
ਅਸ਼ੋਕ ਵਰਮਾ
ਬਠਿੰਡਾ, 2 ਮਾਰਚ 2026 : ਸ਼੍ਰੀ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਬਠਿੰਡਾ ਨੇ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਹੇਠ ਰਜਿਸਟ੍ਰੇਸ਼ਨ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਹਰੇਕ ਪਰਿਵਾਰ ਨੂੰ ਇਸ ਯੋਜਨਾ ਤਹਿਤ ਰਜਿਸਟਰ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ 10 ਲੱਖ ਤੱਕ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਹਰ ਵਿਅਕਤੀ ਤੱਕ ਪਹੁੰਚਾਉਣ ਲਈ ਰਜਿਸਟ੍ਰੇਸ਼ਨ ਜ਼ਰੂਰੀ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਸੀ.ਐਸ.ਸੀ. ਜਾਂ ਵਿਸ਼ੇਸ਼ ਕੈਂਪਾਂ ਰਾਹੀਂ ਰਜਿਸਟਰ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕ ਇਸ ਯੋਜਨਾ ਦੇ ਲਾਭ ਲੈਣ ਅਤੇ ਆਪਣੇ ਪਰਿਵਾਰ ਨੂੰ ਸਿਹਤ ਸੁਰੱਖਿਆ ਪ੍ਰਦਾਨ ਕਰਨ।
ਡਿਪਟੀ ਕਮਿਸ਼ਨਰ ਨੇ ਸਾਰੇ ਐਸ.ਡੀ.ਐੱਮ. ਸਾਹਿਬਾਨ, ਸਰਕਾਰੀ ਅਤੇ ਨਿੱਜੀ ਖੇਤਰ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਰਜਿਸਟ੍ਰੇਸ਼ਨ ਕੰਮ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਯੋਜਨਾ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਹਰ ਸਿਹਤ ਸੰਸਥਾ ਦੇ ਬਾਹਰ ਵਿਸ਼ੇਸ਼ ਕਾਊਂਟਰ ਲਗਾਏ ਜਾਣ ਤਾਂ ਜੋ ਲੋਕਾਂ ਲਈ ਰਜਿਸਟ੍ਰੇਸ਼ਨ ਸੌਖੀ ਹੋ ਜਾਵੇ।
ਉਨ੍ਹਾਂ ਨੇ ਕਿਹਾ ਕਿ ਰਜਿਸਟ੍ਰੇਸ਼ਨ ਲਈ ਇਕ ਪਰਿਵਾਰ ਤੋਂ 18 ਸਾਲ ਤੋਂ ਵੱਧ ਉਮਰ ਦੇ ਦੋ ਵਿਅਕਤੀ ਆਧਾਰ ਕਾਰਡ ਅਤੇ ਵੋਟਰ ਆਈ ਕਾਰਡ ਲੈ ਕੇ ਸੀ.ਐਸ.ਸੀ. ਕੇਂਦਰ ਜਾਂ ਨੇੜਲੀ ਸਰਕਾਰੀ ਸਿਹਤ ਸੰਸਥਾ ਵਿਖੇ ਪਹੁੰਚਣ। ਉਨ੍ਹਾਂ ਕਿਹਾ ਕਿ ਲੋਕ ਇਸ ਮੌਕੇ ਦਾ ਲਾਭ ਉਠਾਉਣ।
ਸ਼੍ਰੀ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 357 ਸੀ.ਐਸ.ਸੀ. ਕੇਂਦਰਾਂ ਤੋਂ ਇਲਾਵਾ ਰਜਿਸਟ੍ਰੇਸ਼ਨ ਅਤੇ ਕਾਰਡ ਜਾਰੀ ਕਰਨ ਲਈ ਰੋਜ਼ਾਨਾ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਯੋਜਨਾ ਹੇਠ ਪੰਜਾਬ ਸਰਕਾਰ ਹਰ ਪਰਿਵਾਰ ਨੂੰ 10 ਲੱਖ ਰੁ. ਤੱਕ ਨਕਦ ਰਹਿਤ ਇਲਾਜ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਕਾਰਡ ਬਣਾਉਣ ਲਈ ਆਧਾਰ ਕਾਰਡ (ਮੋਬਾਈਲ ਨੰਬਰ ਨਾਲ ਲਿੰਕਡ), ਵੋਟਰ ਕਾਰਡ ਲਾਜ਼ਮੀ ਹੋਣੇ ਚਾਹੀਦੇ ਹਨ।
ਉਨ੍ਹਾਂ ਨੇ ਪ੍ਰਸ਼ਾਸਕੀ ਅਧਿਕਾਰੀਆਂ, ਸਿਹਤ ਵਿਭਾਗ, ਕਾਮਨ ਸਰਵਿਸ ਕੇਂਦਰਾਂ, ਸਰਵਿਸ ਕੇਂਦਰਾਂ ਅਤੇ ਹੋਰ ਸੰਬੰਧਤ ਵਿਭਾਗਾਂ ਨੂੰ ਬਿਹਤਰ ਢੰਗ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਹ ਜਨ ਕਲਿਆਣ ਯੋਜਨਾ ਅਸਰਦਾਰ ਢੰਗ ਨਾਲ ਲਾਗੂ ਕੀਤੀ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਐਸ.ਡੀ.ਐਮ ਬਠਿੰਡਾ ਸ਼੍ਰੀ ਬਲਕਰਨ ਸਿੰਘ ਮਾਹਲ, ਐਸ.ਡੀ.ਐਮ ਮੌੜ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ, ਸ਼੍ਰੀ ਰਾਕੇਸ਼ ਸ਼ਰਮਾ ਐਸ.ਡੀ.ਐਮ ਤਲਵੰਡੀ ਸਾਬੋ, ਸ਼੍ਰੀਮਤੀ ਹਰਸ਼ਿਤਾ ਆਈ.ਏ.ਐਸ (ਯੂਟੀ), ਡੀ.ਐਮ.ਸੀ ਡਾ. ਨਵਪ੍ਰੀਤ ਕੌਰ, ਵੱਖ-ਵੱਖ ਸਬ ਡਵੀਜ਼ਨਾਂ ਦੇ ਐਸ.ਐੱਮ.ਓ, ਸੀ.ਐਸ.ਸੀ. ਦੇ ਜ਼ਿਲ੍ਹਾ ਇੰਚਾਰਜ ਸ਼੍ਰੀ ਤਰਸੇਮ ਸਿੰਘ ਬਰਾੜ ਅਤੇ ਹੋਰ ਬੈਠਕ ਵਿੱਚ ਮੌਜੂਦ ਸਨ।
Click to Follow Babushahi Facebook page →