ਰਜਿੰਦਰ ਗੁਪਤਾ ਨੇ ਮੰਤਰੀ ਸ਼ਿਵਰਾਜ ਚੌਹਾਨ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਦਿਆਂ ਤੇ ਹੋਈ ਚਰਚਾ
ਨਵੀਂ ਦਿੱਲੀ, 6 ਨਵੰਬਰ 2025: ਸਹੁੰ ਚੁੱਕਣ ਤੋਂ ਬਾਅਦ ਨਵੇਂ ਰਾਜ ਸਭਾ ਸੰਸਦ ਮੈਂਬਰ ਰਜਿੰਦਰ ਗੁਪਤਾ ਨੇ ਅੱਜ ਦਿੱਲੀ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ (Minister of Agriculture and Farmers Welfare of India) ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਗੁਪਤਾ ਨੇ ਕੇਂਦਰੀ ਮੰਤਰੀ ਨਾਲ ਪੰਜਾਬ ਰਾਜ ਦੇ ਕਿਸਾਨਾਂ ਅਤੇ ਪੇਂਡੂ ਵਿਕਾਸ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਵਿਸਤਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਪੰਜਾਬ ਦੇ ਖੇਤੀਬਾੜੀ ਖੇਤਰ ਦੀਆਂ ਸਮੱਸਿਆਵਾਂ ਅਤੇ ਪਿੰਡਾਂ ਦੇ ਵਿਕਾਸ ਲਈ ਲੋੜੀਂਦੇ ਕਦਮਾਂ ਬਾਰੇ ਮੰਤਰੀ ਨੂੰ ਦੱਸਿਆ। ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸੰਸਦ ਮੈਂਬਰ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਪੰਜਾਬ ਦੇ ਕਿਸਾਨਾਂ ਅਤੇ ਪਿੰਡ ਵਿਕਾਸ ਨਾਲ ਸਬੰਧਤ ਸਾਰੇ ਮੁੱਦਿਆਂ ਨੂੰ ਮੰਤਰਾਲੇ ਵੱਲੋਂ ਤਰਜੀਹ ਦੇ ਆਧਾਰ 'ਤੇ ਚੁੱਕਿਆ ਜਾਵੇਗਾ। ਉਨ੍ਹਾਂ ਨੇ ਯਕੀਨ ਦਿਵਾਇਆ ਕਿ ਇਨ੍ਹਾਂ ਮਾਮਲਿਆਂ ਨੂੰ ਹੱਲ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।