ਰਣਜੀਤ ਸਿੰਘ ਤਰਖਾਨਮਾਜਰਾ ਨੇ ਬਰਿੰਦਰ ਢਿੱਲੋਂ ਵਿਰੁੱਧ ਕੀਤੀ ਵੱਡੀ ਮੰਗ, ਪੜ੍ਹੋ ਵੇਰਵਾ
Prab
ਚੰਡੀਗੜ੍ਹ, 16 ਨਵੰਬਰ, 2026: ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿੱਚ ਹੋਈ ਲੜਾਈ-ਝਗੜੇ ਦੀ ਘਟਨਾ ਦਾ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਰਣਜੀਤ ਸਿੰਘ ਤਰਖਾਨਮਾਜਰਾ ਵੱਲੋਂ ਅੱਜ ਇੱਕ ਵਾਰ ਫਿਰ ਚੰਡੀਗੜ੍ਹ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਉਨ੍ਹਾਂ ਨੇ ਕਾਂਗਰਸੀ ਆਗੂ ਬਰਿੰਦਰ ਢਿੱਲੋਂ ਖ਼ਿਲਾਫ਼ ਤੁਰੰਤ ਐੱਸ.ਸੀ./ਐੱਸ.ਟੀ. (SC/ST) ਐਕਟ ਤਹਿਤ ਮਾਮਲਾ ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਉਠਾਈ ਹੈ।
ਪਾਰਟੀ ਅਤੇ ਪੁਲਿਸ ਦੀ ਕਾਰਗੁਜ਼ਾਰੀ 'ਤੇ ਉਠਾਏ ਸਵਾਲ, ਕਿਹਾ— ਹੁਣ ਸਮਝੌਤੇ ਦੀ ਕੋਈ ਗੁੰਜਾਇਸ਼ ਨਹੀਂ
ਮੀਡੀਆ ਨਾਲ ਗੱਲਬਾਤ ਕਰਦਿਆਂ ਰਣਜੀਤ ਸਿੰਘ ਤਰਖਾਨਮਾਜਰਾ ਨੇ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਨਾ ਤਾਂ ਉਨ੍ਹਾਂ ਦੀ ਆਪਣੀ ਪਾਰਟੀ ਉਨ੍ਹਾਂ ਦੀ ਗੱਲ ਸੁਣ ਰਹੀ ਹੈ ਅਤੇ ਨਾ ਹੀ ਚੰਡੀਗੜ੍ਹ ਪੁਲਿਸ ਵੱਲੋਂ SC/ST ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਬਰਿੰਦਰ ਢਿੱਲੋਂ ਵੱਲੋਂ ਮੰਗੀ ਗਈ ਮੁਆਫ਼ੀ ਨੂੰ ਰੱਦ ਕਰਦਿਆਂ ਤਰਖਾਨਮਾਜਰਾ ਨੇ ਦੋਸ਼ ਲਗਾਇਆ ਕਿ ਜਿਸ ਤਰੀਕੇ ਨਾਲ ਮੁਆਫ਼ੀ ਮੰਗੀ ਗਈ ਅਤੇ ਗੁਰਦੁਆਰਾ ਸਾਹਿਬ ਜਾ ਕੇ ਆਪਣਾ ਪੱਖ ਰੱਖਿਆ ਗਿਆ, ਉਸ ਵਿੱਚ ਵੀ ਪੂਰੀ ਚਲਾਕੀ ਵਰਤੀ ਗਈ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਗੁਰਦੁਆਰਾ ਸਾਹਿਬ ਵਿੱਚ ਸਹੁੰ ਤਾਂ ਉਹ ਖ਼ੁਦ ਵੀ ਖਾ ਚੁੱਕੇ ਹਨ, ਪਰ ਹੁਣ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੇ ਸਮਝੌਤੇ ਦੀ ਕੋਈ ਗੁੰਜਾਇਸ਼ ਬਾਕੀ ਨਹੀਂ ਰਹੀ ਹੈ।
ਕਾਂਗਰਸ ਭਵਨ ਦੀ ਵੀਡੀਓ ਡਿਲੀਟ ਕਰਵਾਉਣ ਦੇ ਦੋਸ਼, ਆਪਣੀ ਹੀ ਲੀਡਰਸ਼ਿਪ 'ਤੇ ਵਿੰਨ੍ਹਿਆ ਨਿਸ਼ਾਨਾ
ਤਰਖਾਨਮਾਜਰਾ ਨੇ ਤਿੱਖੇ ਤੇਵਰ ਦਿਖਾਉਂਦਿਆਂ ਕਿਹਾ ਕਿ ਸ਼ਰੇਆਮ ਥੱਪੜ ਵੀ ਪੈ ਚੁੱਕੇ ਹਨ ਅਤੇ ਮੁਆਫ਼ੀ ਵੀ ਮੰਗੀ ਜਾ ਚੁੱਕੀ ਹੈ, ਪਰ ਇਸ ਦੇ ਬਾਵਜੂਦ ਮਾਮਲਾ ਹੱਲ ਨਹੀਂ ਹੋਇਆ ਕਿਉਂਕਿ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਗੰਭੀਰ ਦੋਸ਼ ਲਗਾਇਆ ਕਿ ਕਾਂਗਰਸ ਭਵਨ ਵਿੱਚ ਹੋਈ ਲੜਾਈ-ਝਗੜੇ ਦੀ ਸਾਰੀ ਘਟਨਾ ਦੀ ਵੀਡੀਓ ਜਾਣਬੁੱਝ ਕੇ ਡਿਲੀਟ ਕਰਵਾਈ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਆਪਣੀ ਹੀ ਪਾਰਟੀ ਦੇ ਕਾਂਗਰਸੀ ਆਗੂਆਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਲੀਡਰਸ਼ਿਪ ਵੱਲੋਂ ਪੀੜਤ ਨੂੰ ਇਨਸਾਫ਼ ਦਿਵਾਉਣ ਦੀ ਬਜਾਏ ਪੂਰੇ ਮਾਮਲੇ ਨੂੰ ਰਫ਼ਾ-ਦਫ਼ਾ ਕਰਕੇ ਖ਼ਤਮ ਕਰਨ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ।
- Download Babushahi App
-
-