ਰਾਜਨੀਤਿਕ ਸੱਤਾ ਸਮਾਜਿਕ ਬਦਲਾਅ ਦੀ ਮਾਸਟਰ ਚਾਬੀ ਹੈ: ਅਜੇਪਾਲ ਸਿੰਘ ਬਰਾੜ*
*ਸਾਹਿਬ ਕਾਂਸ਼ੀ ਰਾਮ ਜੀ ਦੇ ਵਿਚਾਰ ਅੱਜ ਵੀ ਸਮਾਜ ਨੂੰ ਬਰਾਬਰੀ ਤੇ ਨਿਆਂ ਲਈ ਮਾਰਗਦਰਸ਼ਨ*
ਮੌਹਾਲੀ 8 ਅਕਤੂਬਰ, 2026
ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਪਰਿਨਿਰਵਾਣ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਉਨ੍ਹਾਂ ਦੇ ਵਿਚਾਰਾਂ ਅਤੇ ਸਿਧਾਂਤਾਂ ਤੋਂ ਪ੍ਰੇਰਣਾ ਲੈ ਕੇ ਸਮਾਜਿਕ ਬਰਾਬਰੀ, ਆਰਥਿਕ ਨਿਆਂ ਅਤੇ ਲੋਕਤੰਤਰਿਕ ਹੱਕਾਂ ਦੀ ਮਜ਼ਬੂਤੀ ਲਈ ਉਪਰਾਲੇ ਕਰਨ ਦੀ ਅਪੀਲ ਕੀਤੀ ਹੈ।
ਸਰਦਾਰ ਬਰਾੜ ਨੇ ਕਿਹਾ ਕਿ ਸਾਹਿਬ ਕਾਂਸ਼ੀ ਰਾਮ ਜੀ ਨੇ ਸਮਾਜ ਦੇ ਪੱਛੜੇ ਅਤੇ ਵਾਂਝੇ ਵਰਗਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਰਾਜਨੀਤਿਕ ਤੌਰ ’ਤੇ ਮਜ਼ਬੂਤ ਹੋਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀ ਸੋਚ ਦਾ ਕੇਂਦਰ ਇਹ ਸੀ ਕਿ ਜਦੋਂ ਤੱਕ ਲੋਕ ਆਪਣੇ ਫੈਸਲੇ ਲੈਣ ਦੀ ਸਮਰੱਥਾ ਅਤੇ ਰਾਜਨੀਤਿਕ ਤਾਕਤ ਹਾਸਲ ਨਹੀਂ ਕਰਦੇ, ਉਦੋਂ ਤੱਕ ਸਮਾਜਿਕ ਅਤੇ ਆਰਥਿਕ ਬਰਾਬਰੀ ਦਾ ਟੀਚਾ ਪੂਰੀ ਤਰ੍ਹਾਂ ਪ੍ਰਾਪਤ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਸਾਹਿਬ ਕਾਂਸ਼ੀ ਰਾਮ ਜੀ ਦੇ ਇਸ ਵਿਚਾਰ ਨਾਲ ਪੂਰੀ ਤਰ੍ਹਾਂ ਸਹਿਮਤ ਹਾਂ ਕਿ “ਰਾਜਨੀਤਿਕ ਸੱਤਾ ਉਹ ਮਾਸਟਰ ਚਾਬੀ ਹੈ, ਜਿਸ ਨਾਲ ਸਮਾਜਿਕ, ਆਰਥਿਕ ਅਤੇ ਹੋਰ ਬੰਦ ਦਰਵਾਜ਼ੇ ਖੋਲ੍ਹੇ ਜਾ ਸਕਦੇ ਹਨ।” ਉਨ੍ਹਾਂ ਕਿਹਾ ਕਿ ਇਹ ਵਿਚਾਰ ਸਿਰਫ਼ ਕਿਸੇ ਇੱਕ ਵਰਗ ਲਈ ਨਹੀਂ, ਸਗੋਂ ਹਰ ਉਸ ਵਿਅਕਤੀ ਅਤੇ ਸਮਾਜ ਲਈ ਪ੍ਰੇਰਣਾਦਾਇਕ ਹੈ ਜੋ ਬਰਾਬਰੀ, ਸਨਮਾਨ, ਨਿਆਂ ਅਤੇ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਚਾਹੁੰਦਾ ਹੈ।
ਸਰਦਾਰ ਬਰਾੜ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਾਹਿਬ ਕਾਂਸ਼ੀ ਰਾਮ ਜੀ ਦੀ ਵਿਚਾਰਧਾਰਾ ਦੀ ਮਹੱਤਤਾ ਹੋਰ ਵੀ ਵਧ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਾਤ-ਪਾਤ, ਧਰਮ ਅਤੇ ਖੇਤਰੀ ਵੰਡ ਤੋਂ ਉੱਪਰ ਉੱਠ ਕੇ ਆਪਣੇ ਸੰਵਿਧਾਨਕ ਅਤੇ ਜਮਹੂਰੀ ਹੱਕਾਂ ਪ੍ਰਤੀ ਜਾਗਰੂਕ ਹੋਣ ਅਤੇ ਪੰਜਾਬ ਸਮੇਤ ਦੇਸ਼ ਦੇ ਹਰ ਵਰਗ ਦੇ ਲੋਕਾਂ ਲਈ ਬਰਾਬਰੀ, ਨਿਆਂ ਅਤੇ ਸਨਮਾਨ ਵਾਲੇ ਸਮਾਜ ਦੀ ਸਿਰਜਣਾ ਵਿੱਚ ਆਪਣੀ ਭੂਮਿਕਾ ਨਿਭਾਉਣ।
ਉਨ੍ਹਾਂ ਕਿਹਾ ਕਿ ਸਾਹਿਬ ਕਾਂਸ਼ੀ ਰਾਮ ਜੀ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਉਨ੍ਹਾਂ ਦੀ ਵਿਚਾਰਧਾਰਾ ਨੂੰ ਸਿਰਫ਼ ਯਾਦ ਕਰਨ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਇਸ ਨੂੰ ਅਮਲੀ ਜੀਵਨ ਵਿੱਚ ਅਪਣਾਉਂਦਿਆਂ ਸਮਾਜ ਦੇ ਕਮਜ਼ੋਰ ਅਤੇ ਵਾਂਝੇ ਵਰਗਾਂ ਦੀ ਆਵਾਜ਼ ਨੂੰ ਮਜ਼ਬੂਤ ਕੀਤਾ ਜਾਵੇ।
- Download Babushahi App
-
-